Sunday, May 19, 2024

Malwa

ਪੰਜਾਬੀ ’ਵਰਸਿਟੀ ’ਚ ਬੱਚਿਆਂ ’ਚ ਪੈਦਾ ਹੋਣ ਵਾਲੇ ਮਾਨਸਿਕ ਰੋਗਾਂ ਬਾਰੇ ਕੀਤਾ ਅਧਿਐਨ

February 18, 2024 08:37 PM
SehajTimes
ਪਟਿਆਲਾ : ਆਪਣੇ ਮਾਪਿਆਂ ਜਾਂ ਹੋਰ ਨੇੜਲਿਆਂ ਤੋਂ ਦੂਰ ਹੋਣ ਜਾਂ ਵਿਛੋੜਾ ਪੈਣ ਕਾਰਨ ਪੈਦਾ ਹੋਣ ਵਾਲ਼ੇ ਮਾਨਸਿਕ ਰੋਗ ‘Adult Separation Anxiety Disorder’ ਦੇ ਭਾਰਤ ਵਿਚਲੇ ਨੌਜਵਾਨਾਂ ਉੱਤੇ ਅਸਰ ਬਾਰੇ Punjabi University ਵਿੱਚ ਇੱਕ ਤਾਜ਼ਾ ਅਧਿਐਨ ਕੀਤਾ ਗਿਆ ਹੈ। ਯੂਨੀਵਰਸਿਟੀ ਦੇ department of psychology ਤੋਂ ਪ੍ਰੋ. ਹਰਪ੍ਰੀਤ ਕੌਰ ਦੀ ਅਗਵਾਈ ਵਿੱਚ ਖੋਜਾਰਥੀ ਆਸਥਾ ਵਰਮਾ ਵੱਲੋਂ ਕੀਤਾ ਗਿਆ ਇਹ ਅਧਿਐਨ ਭਾਰਤ ਵਿੱਚ ਇਸ ਖੇਤਰ ਦਾ ਪਹਿਲਾ ਅਧਿਐਨ ਹੈ।
ਏ. ਐੱਸ. ਏ. ਡੀ. ਦੇ ਸੰਖੇਪ ਨਾਮ ਨਾਲ਼ ਜਾਣੇ ਜਾਂਦੇ ਇਸ ਮਾਨਸਿਕ ਰੋਗ ਨੂੰ 2019 ਦੌਰਾਨ ਵਿਸ਼ਵ ਸਿਹਤ ਸੰਗਠਨ ਵੱਲੋਂ ਹੋਰਨਾਂ ਮਾਨਸਿਕ ਰੋਗਾਂ ਦੀ ਸੂਚੀ ਵਿੱਚ ਸ਼ਾਮਿਲ ਕੀਤਾ ਗਿਆ ਹੈ। ਵਿਸ਼ਵ ਸਿਹਤ ਸੰਗਠਨ ਵੱਲੋਂ ਜਾਰੀ ਬਿਮਾਰੀਆਂ ਦੇ ਵਰਗੀਕਰਨ ਸੰਬੰਧੀ ਕੌਮਾਂਤਰੀ ਸੂਚੀ (international classification of diseases) ਦੇ 11ਵੇਂ ਸੰਸਕਰਣ, ਜਿਸ ਨੂੰ ਕਿ ਆਈ.ਸੀ.ਡੀ.-11 ਦੇ ਨਾਮ ਨਾਲ਼ ਜਾਣਿਆ ਜਾਂਦਾ ਹੈ, ਵਿੱਚ ਇਸ ਮਾਨਸਿਕ ਰੋਗ ਨੂੰ ਸ਼ਾਮਿਲ ਕੀਤਾ ਗਿਆ ਹੈ।
ਨਿਗਰਾਨ ਡਾ. ਹਰਪ੍ਰੀਤ ਕੌਰ ਨੇ ਦੱਸਿਆ ਕਿ ਅਧਿਐਨ ਦੌਰਾਨ ਪ੍ਰਾਪਤ ਅੰਕੜੇ ਇਸ ਸੰਬੰਧੀ ਪੁਸ਼ਟੀ ਕਰਦੇ ਹਨ ਕਿ ਜਿਹੜੇ ਬੱਚੇ ਛੋਟੀ ਉਮਰ ਵਿੱਚ ਆਪਣੇ ਵੱਖ ਹੋਣ ਸੰਬੰਧੀ ਚਿੰਤਾ ਦਾ ਸ਼ਿਕਾਰ ਸਨ ਉਹੀ ਬੱਚੇ ਵੱਡੇ ਹੋ ਕੇ ਇਸ ਮਾਨਸਿਕ ਰੋਗ ਦਾ ਸ਼ਿਕਾਰ ਹੋਏ ਹਨ। ਖੋਜ ਸੁਝਾਉਂਦੀ ਹੈ ਕਿ ਜੇਕਰ ਛੋਟੀ ਉਮਰ ਵਿੱਚ ਬੱਚੇ ਆਪਣੇ ਮਾਪਿਆਂ ਦੇ ਨਾਲ਼ ਰਹਿੰਦੇ ਹੋਏ ਵੀ ਭਾਵਨਾਤਮਕ ਤੌਰ ਉੱਤੇ ਆਜ਼ਾਦੀ ਵਾਲ਼ੀ ਸਥਿਤੀ ਦੇ ਅਭਿਆਸੀ ਹਨ ਤਾਂ ਉਹ ਵੱਡੇ ਹੋ ਕੇ ਇਸ ਤਰ੍ਹਾਂ ਦੇ ਮਾਨਸਿਕ ਰੋਗ ਦਾ ਸ਼ਿਕਾਰ ਨਹੀਂ ਹੁੰਦੇ। ਉਨ੍ਹਾਂ ਕਿਹਾ ਕਿ ਖੋਜ ਦਸਦੀ ਹੈ ਕਿ ਬੱਚਿਆਂ ਦਾ ਆਪਣੇ ਮਾਪਿਆਂ ਨਾਲ ਲਗਾਓ ਤਾਂ ਹੋਵੇ ਪਰ ਇਹ ਲਗਾਓ ਘਬਰਾਟ ਵਾਲ਼ਾ ਨਾ ਹੋਵੇ। ਬੱਚਿਆਂ ਨੂੰ ਸ਼ੁਰੂਆਤ ਵਿੱਚ ਹੀ ਆਪਣੀਆਂ ਭਾਵਨਾਵਾਂ ਨੂੰ ਸਮਝਣ ਅਤੇ ਨਜਿੱਠਣ ਬਾਰੇ ਸਿਖਾਇਆ ਜਾਣਾ ਚਾਹੀਦਾ ਹੈ। ਖੋਜ ਦਸਦੀ ਹੈ ਕਿ ਜੇਕਰ ਬਚਪਨ ਵਿੱਚ ਇਨ੍ਹਾਂ ਨੁਕਤਿਆਂ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ ਤਾਂ ਉਹ ਬੱਚੇ ਵੱਡੇ ਹੋ ਕੇ ਮਾਨਸਿਕ ਉਲਝਣਾਂ ਤੋਂ ਬਚ ਸਕਦੇ ਹਨ। ਉਨ੍ਹਾਂ ਦੱਸਿਆ ਕਿ ਖੋਜ ਦੌਰਾਨ ਏ.ਐੱਸ.ਏ.ਡੀ. ਰੋਗ ਪੀੜਿਤ ਬਾਲਗਾਂ ਅਤੇ ਮਾਨਸਿਕ ਪੱਖੋਂ ਤੰਦਰੁਸਤ ਬਾਲਗਾਂ ਦੇ ਪ੍ਰਾਪਤ ਅੰਕੜਿਆਂ ਦੇ ਤੁਲਨਾਤਮਕ ਅਧਿਐਨ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਮਾਨਸਿਕ ਪੱਖੋਂ ਤੰਦਰੁਸਤ ਬਾਲਗ ਉਹੀ ਸਨ ਜਿਨ੍ਹਾਂ ਨੇ ਆਪਣੇ ਬਚਪਨ ਵਿੱਚ ਮਾਪਿਆਂ ਦੇ ਨਾਲ਼ ਰਹਿੰਦੇ ਹੋਏ ਵੀ ਆਪਣੀ ਇੱਕ ਆਜ਼ਾਦ ਹੋਂਦ ਵਿਕਸਿਤ ਕਰ ਲਈ ਸੀ। ਅਜਿਹੇ ਬੱਚੇ ਜ਼ਿੰਦਗੀ ਵਿਚਲੀ ਕਿਸੇ ਵੀ ਅਨਿਸ਼ਚਿਤਤਾ ਲਈ ਤਿਆਰ-ਬਰ-ਤਿਆਰ ਵਾਲ਼ੀ ਮਜ਼ਬੂਤ ਮਾਨਸਿਕ ਸਥਿਤੀ ਵਿੱਚ ਸਨ।
ਖੋਜਾਰਥੀ ਆਸਥਾ ਵਰਮਾ ਨੇ ਦੱਸਿਆ ਕਿ ਇਸ ਤਾਜ਼ਾ ਅਧਿਐਨ ਵਿੱਚ ਬਾਲਗ ਉਮਰ ਦੇ ਲੜਕੇ ਲੜਕੀਆਂ ਦਾ ਸਮੂਹ, ਜਿਨ੍ਹਾਂ ਵਿੱਚੋਂ ਵਿੱਚੋਂ 51.33 ਫ਼ੀਸਦੀ ਵਿਦਿਆਰਥੀ ਭਾਰਤ ਦੇ ਵੱਖ-ਵੱਖ ਸੂਬਿਆਂ ਦੇ 339 ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਹੋਸਟਲਾਂ ਜਾਂ ਪੀ.ਜੀ. ਵਿੱਚ ਰਹਿੰਦੇ ਸਨ, ਵਿੱਚ ਇਸ ਮਾਨਸਿਕ ਰੋਗ ਦੇ ਹੋਣ ਬਾਰੇ ਜਾਂਚ ਕੀਤੀ ਗਈ। ਜਾਂਚ ਦੌਰਾਨ ਜੁਟਾਏ ਗਏ ਅੰਕੜਿਆਂ ਦਾ ਵੱਖ-ਵੱਖ ਪੱਧਰਾਂ ਉੱਤੇ ਵਿਸ਼ਲੇਸ਼ਣ ਕੀਤਾ ਗਿਆ। ਖੋਜ ਦੌਰਾਨ ਵੱਖ-ਵੱਖ ਨਤੀਜੇ ਸਾਹਮਣੇ ਆਏ। ਲਿੰਗ ਅਧਾਰਿਤ ਵਖਰੇਵੇਂ ਵੀ ਨਜ਼ਰ ਆਏ ਜਿਵੇਂ ਕਿ ਲੜਕਿਆਂ ਵਿੱਚ ਇਸ ਪੱਖੋਂ ਆਪਣੇ ਰੋਗ ਬਾਰੇ ਜਾਗਰੂਕਤਾ ਦੀ ਕਮੀ ਵੇਖਣ ਨੂੰ ਮਿਲੀ। ਖੋਜ ਦੌਰਾਨ ਪ੍ਰਾਪਤ ਅੰਕੜਿਆਂ ਦੇ ਵਿਸ਼ਲੇਸ਼ਣ ਰਾਹੀਂ ਇਸ ਡਿਸੌਅਰਡਰ ਦੀਆਂ ਪਛਾਣਾਂ, ਵਿਭਿੰਨਤਾਵਾਂ, ਦੁਰਪ੍ਰਭਾਵਾਂ ਆਦਿ ਬਾਰੇ ਬਰੀਕੀ ਨਾਲ਼ ਜਾਣਿਆ ਗਿਆ। ਉਨ੍ਹਾਂ ਦੱਸਿਆ ਕਿ ਭਾਰਤ ਦੇ 13 ਵੱਖ-ਵੱਖ ਰਾਜਾਂ ਵਿੱਚੋਂ ਪ੍ਰਾਪਤ ਅੰਕੜਿਆਂ ਉੱਤੇ ਅਧਾਰਿਤ ਇਸ ਅਧਿਐਨ ਰਾਹੀਂ ਸੁਝਾਇਆ ਗਿਆ ਕਿ ਸਕੂਲ ਅਤੇ ਯੂਨੀਵਰਸਿਟੀ ਪੱਧਰ ਉੱਤੇ ਵਿਸ਼ੇਸ਼ ਪ੍ਰੋਗਰਾਮ ਲਾਗੂ ਹੋਣੇ ਚਾਹੀਦੇ ਹਨ ਤਾਂ ਕਿ ਨੌਜਵਾਨਾਂ ਨੂੰ ਇਸ ਮਾਨਸਿਕ ਰੋਗ ਤੋਂ ਪੈਦਾ ਹੋਣ ਵਾਲ਼ੇ ਸੰਭਾਵਿਤ ਜੋਖ਼ਮਾਂ ਤੋਂ ਬਚਾਇਆ ਜਾ ਸਕੇ। ਅਜਿਹੇ ਪ੍ਰੋਗਰਾਮਾਂ ਨਾਲ਼ ਇਸ ਮਾਨਸਿਕ ਰੋਗ ਤੋਂ ਪ੍ਰਭਾਵਿਤ ਨੌਜਵਾਨ ਲੜਕੇ ਲੜਕੀਆਂ ਨੂੰ ਭਵਿੱਖ ਦੀਆਂ ਚੁਣੌਤੀਆਂ ਦਾ ਮੁਕਾਬਲਾ ਕਰਨ ਲਈ ਤਿਆਰ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਤਾਜ਼ਾ ਅਧਿਐਨ ਰਾਹੀਂ ਪ੍ਰਾਪਤ ਨਤੀਜਿਆਂ ਅਤੇ ਅੰਕੜਿਆਂ ਦੀ ਵਰਤੋਂ ਮਨੋਵਿਗਿਆਨਕ ਮਾਹਿਰਾਂ ਵੱਲੋਂ ਅਗਲੇਰੀਆਂ ਖੋਜਾਂ ਲਈ ਜਾਂ ਇਸ ਮਾਨਸਿਕ ਰੋਗਾਂ ਤੋਂ ਪੀੜਿਤ ਲੋਕਾਂ ਦੇ ਇਲਾਜ ਵਿੱਚ ਵੀ ਮਦਦਗਾਰ ਹੋਵੇਗੀ।
ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਖੋਜਾਰਥੀ ਅਤੇ ਨਿਗਰਾਨ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਅੱਜ ਦੇ ਦੌਰ ਵਿੱਚ ਜਦੋਂ ਜ਼ਿੰਦਗੀ ਜਿਉਣ ਦਾ ਢੰਗ ਗੁੰਝਲ਼ਦਾਰ ਹੋ ਰਿਹਾ ਹੈ ਤਾਂ ਮਾਨਸਿਕ ਸਿਹਤ ਦੀਆਂ ਸਮੱਸਿਆਵਾਂ ਵਿੱੱਚ ਲਗਾਤਾਰ ਵਾਧਾ ਹੋ ਰਿਹਾ ਹੈ। ਅਜਿਹੀ ਸਥਿਤੀ ਵਿੱਚ ਮਾਨਸਿਕ ਸਿਹਤ ਦੇ ਖੇਤਰ ਵਿੱਚ ਹੋਰ ਵਧੇਰੇ ਖੋਜਾਂ ਕਰਨ ਦੀ ਲੋੜ ਮਹਿਸੂਸ ਹੁੰਦੀ ਹੈ। ਪੰਜਾਬੀ ਯੂਨੀਵਰਸਿਟੀ ਇਸ ਗੱਲੋਂ ਵਧਾਈ ਦੀ ਪਾਤਰ ਹੈ ਕਿ ਇੱਥੇ ਗਿਆਨ ਵਿਗਿਆਨ ਦੇ ਹਰ ਖੇਤਰ ਵਿੱਚ ਸੰਸਾਰ ਪੱਧਰ ਉੱਤੇ ਚੱਲ ਰਹੇ ਰੁਝਾਨਾਂ ਨਾਲ਼ ਬਰ ਮੇਚਣ ਵਾਲ਼ੀਆਂ ਖੋਜਾਂ ਹੋ ਰਹੀਆਂ ਹਨ।

Have something to say? Post your comment

 

More in Malwa

ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ

ਪੰਜਾਬੀ ਯੂਨੀਵਰਸਿਟੀ ਵਿਖੇ ਸਫਲਤਾਪੂਰਵਕ ਨੇਪਰੇ ਚੜ੍ਹਿਆ ਤਿੰਨ ਰੋਜ਼ਾ ਮੈਡੀਟੇਸ਼ਨ ਕੈਂਪ

ਜ਼ਿਲ੍ਹਾ ਚੋਣ ਅਫਸਰ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ

ਉਦਯੋਗਪਤੀਆਂ ਦਾ ਵਫ਼ਦ ਜ਼ਿਲ੍ਹਾ ਪੁਲਿਸ ਮੁਖੀ ਨੂੰ ਮਿਲਿਆ

ਮੁੱਖ ਮੰਤਰੀ ਪੰਜਾਬ ਨੂੰ ਰੇਗਿਸਤਾਨ ਬਣਾਉਣ ਦੇ ਰਾਹ ਤੁਰਿਆ : ਰਣ ਸਿੰਘ ਚੱਠਾ 

ਪੰਜਾਬੀ ਯੂਨੀਵਰਸਿਟੀ ਦੇ ਅੰਗਰੇਜ਼ੀ ਵਿਭਾਗ ਨੇ ਦਿੱਤੀ ਡਾ. ਸੁਰਜੀਤ ਪਾਤਰ ਨੂੰ ਸ਼ਰਧਾਂਜਲੀ

ਲੋਕ ਸਭਾ ਚੋਣਾਂ : ਚੋਣ ਅਬਜ਼ਰਵਰਾਂ ਵੱਲੋਂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਅਧਿਕਾਰੀਆਂ ਨਾਲ ਮੀਟਿੰਗ 

PSPCL ਵਿੱਚ ਕੰਮ ਕਰਦੇ ਮੁਲਾਜ਼ਮ ਮਨਪ੍ਰੀਤ ਸਿੰਘ ਦੇ ਪਰਿਵਾਰ ਦੀ ਕੀਤੀ ਮਾਲੀ ਮਦਦ

ਵੋਟਰ ਜਾਗਰੂਕਤਾ ਲਈ ਜ਼ਿਲ੍ਹਾ ਚੋਣ ਅਫ਼ਸਰ ਮਾਲੇਰਕੋਟਲਾ ਦੀ ਇੱਕ ਹੋਰ ਨਵੇਕਲੀ ਪਹਿਲ

'ਵੋਟ ਰਨ ਮੈਰਾਥਨ' 18 ਮਈ ਨੂੰ, ਉਤਸ਼ਾਹ ਨਾਲ ਹਿੱਸਾ ਲੈਣ ਪਟਿਆਲਾ ਵਾਸੀ  ਏ.ਡੀ.ਸੀ. ਕੰਚਨ