Tuesday, May 21, 2024

Doaba

ਮੁੱਖ ਮੰਤਰੀ ਵੱਲੋਂ ਜਲੰਧਰ ਵਾਸੀਆਂ ਨੂੰ 283 ਕਰੋੜ ਦੇ ਵਿਕਾਸ ਪ੍ਰਾਜੈਕਟਾਂ ਦਾ ਤੋਹਫ਼ਾ

February 29, 2024 05:49 PM
SehajTimes

ਨਕੋਦਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਈ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਕੇ ਜਲੰਧਰ ਵਾਸੀਆਂ ਨੂੰ 283 ਕਰੋੜ ਰੁਪਏ ਦਾ ਤੋਹਫਾ ਦਿੱਤਾ ਹੈ। ਅੱਜ ਇੱਥੇ 283 ਕਰੋੜ ਰੁਪਏ ਦੇ ਪ੍ਰਾਜੈਕਟਾਂ ਵਿੱਚੋਂ ਕੁਝ ਦਾ ਨੀਂਹ ਪੱਥਰ ਰੱਖਣ ਅਤੇ ਕੁਝ ਪ੍ਰਾਜੈਕਟ ਲੋਕਾਂ ਨੂੰ ਸਮਰਿਪਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਸਾਲ ਜਲੰਧਰ ਤੋਂ ਚੁਣੇ ਗਏ ਲੋਕ ਸਭਾ ਮੈਂਬਰ ਨੇ ਲੋਕਾਂ ਦੀ ਭਲਾਈ ਅਤੇ ਜ਼ਿਲ੍ਹੇ ਦੇ ਵਿਕਾਸ ਲਈ ਅਣਥੱਕ ਮਿਹਨਤ ਕੀਤੀ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਖੁਸ਼ੀਆਂ ਦੇ ਸਮਾਗਮ ਹੋਣੋਂ ਬੰਦ ਹੋ ਗਏ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ 'ਚ 'ਆਪ' ਸਰਕਾਰ ਦੇ ਕਾਰਜਭਾਰ ਸੰਭਾਲਣ ਤੋਂ ਬਾਅਦ ਪੰਜਾਬ ਦੀ ਆਬੋ-ਹਵਾ ਬਦਲ ਗਈ ਹੈ ਜਿੱਥੇ ਹੁਣ ਸੁਖਾਵਾਂ ਮਾਹੌਲ ਪੈਦਾ ਹੋਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਾਲ 2022 ਤੋਂ ਸੂਬੇ ਵਿੱਚ ਆਪਣੇ ਆਪ ਨੂੰ ਵੱਡੇ ਲੀਡਰ ਕਹਾਉਂਦੇ ਸਿਆਸਤਦਾਨਾਂ ਨੂੰ ਲੋਕਾਂ ਨੇ ਸਿਆਸੀ ਗੁਮਨਾਮੀ ਵਿੱਚ ਭੇਜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਆਪਣੇ ਕਾਰਜਕਾਲ ਦੌਰਾਨ ਲੋਕਾਂ ਦੀ ਬੇਰਹਿਮੀ ਨਾਲ ਲੁੱਟ ਕੀਤੀ ਸੀ, ਜਿਸ ਕਾਰਨ ਲੋਕਾਂ ਨੇ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਇਨ੍ਹਾਂ ਨੂੰ ਸਬਕ ਸਿਖਾਇਆ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਹੰਕਾਰੀ ਆਗੂ ਆਪਣੇ ਲੋਕ ਵਿਰੋਧੀ ਕੰਮਾਂ ਕਾਰਨ ਸਿਆਸੀ ਨਕਸ਼ੇ ਤੋਂ ਗਾਇਬ ਹੋ ਗਏ। ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਉਨ੍ਹਾਂ ਨਾਲ ਈਰਖਾ ਕਰਦੀਆਂ ਹਨ ਕਿਉਂਕਿ ਉਹ ਸਧਾਰਨ ਘਰ ਵਿੱਚ ਜੰਮੇ ਹਨ ਅਤੇ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਦਿਨ-ਰਾਤ ਮਿਹਨਤ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਨੇਤਾਵਾਂ ਨੂੰ ਸਦਾ ਇਹੀ ਵਹਿਮ ਸੀ ਕਿ ਉਨ੍ਹਾਂ ਕੋਲ ਰਾਜ ਕਰਨ ਦਾ ਬੁਨਿਆਦੀ ਹੱਕ ਹੈ, ਜਿਸ ਕਾਰਨ ਉਨ੍ਹਾਂ ਨੂੰ ਇਹ ਗੱਲ ਹਜ਼ਮ ਨਹੀਂ ਹੋ ਰਹੀ ਕਿ ਇਕ ਆਮ ਆਦਮੀ ਸੂਬੇ ਦਾ ਸ਼ਾਸਨ ਏਨੇ ਬਿਹਤਰ ਢੰਗ ਨਾਲ ਕਿਵੇਂ ਚਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਲੰਮਾ ਸਮਾਂ ਲੋਕਾਂ ਨੂੰ ਮੂਰਖ ਬਣਾਇਆ ਹੈ ਪਰ ਹੁਣ ਲੋਕ ਇਨ੍ਹਾਂ ਦੇ ਝਾਂਸੇ ਵਿੱਚ ਨਹੀਂ ਆਉਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਹੀ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਸਰਕਾਰ ਦੇ ਲੋਕ ਪੱਖੀ ਫੈਸਲਿਆਂ ਕਾਰਨ ਸੂਬੇ ਦੇ 90 ਫੀਸਦੀ ਖਪਤਕਾਰਾਂ ਨੂੰ ਜ਼ੀਰੋ ਬਿਜਲੀ ਬਿੱਲ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚ 664 ਆਮ ਆਦਮੀ ਕਲੀਨਿਕ ਸਥਾਪਤ ਕੀਤੇ ਗਏ ਹਨ ਅਤੇ ਅਜਿਹੇ 150 ਹੋਰ ਕਲੀਨਿਕ ਜਲਦੀ ਹੀ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਤੱਕ ਲਗਭਗ ਇਕ ਕਰੋੜ ਲੋਕ ਇਨ੍ਹਾਂ ਕਲੀਨਿਕਾਂ ਤੋਂ ਮੁਫਤ ਸਿਹਤ ਸੇਵਾਵਾਂ ਦਾ ਲਾਭ ਉਠਾ ਚੁੱਕੇ ਹਨ ਅਤੇ ਸਿਹਤ ਸੰਭਾਲ ਖੇਤਰ ਵਿੱਚ ਇਹ ਇੱਕ ਨਵੀਂ ਕ੍ਰਾਂਤੀ ਹੈ ਅਤੇ ਇਸ ਖੇਤਰ ਨੂੰ ਨਵਾਂ ਰੂਪ ਦੇਣ ਲਈ ਯਤਨ ਜਾਰੀ ਹਨ। ਮੁੱਖ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਦੋ-ਤਿੰਨ ਦਿਨਾਂ ਵਿੱਚ ਉਹ ਸੂਬੇ ਦੇ ਉਨ੍ਹਾਂ ਵੱਡੇ ਲੀਡਰਾਂ ਦਾ ਪਰਦਾਫਾਸ਼ ਕਰਨਗੇ ਜਿਨ੍ਹਾਂ ਨੇ ਆਪਣੀਆਂ ਨਿੱਜੀ ਖਾਹਿਸ਼ਾਂ ਪੂਰੀਆਂ ਕਰਨ ਲਈ ਸਰਕਾਰੀ ਖਜ਼ਾਨੇ ਦੀਆਂ ਧੱਜੀਆਂ ਉਡਾ ਦਿੱਤੀਆਂ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਪੰਜਾਬ ਦੀ ਦੌਲਤ ਨੂੰ ਬੇਰਹਿਮੀ ਨਾਲ ਲੁੱਟਿਆ ਜਿਸ ਲਈ ਇਨ੍ਹਾਂ ਨੂੰ ਬਣਦੀ ਸਜ਼ਾ ਦਿੱਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਇਨ੍ਹਾਂ ਆਗੂਆਂ ਦੇ ਅਸਲ ਕਿਰਦਾਰ ਆਮ ਲੋਕਾਂ ਸਾਹਮਣੇ ਬੇਪਰਦ ਕੀਤੇ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਸਾਡੇ ਆਜ਼ਾਦੀ ਘੁਲਾਟੀਆਂ ਨੇ ਕਿਸੇ ਜਮਾਤ ਤੋਂ ਰਹਿਤ ਲੋਕਤੰਤਰ ਦੀ ਕਲਪਨਾ ਕੀਤੀ ਸੀ ਜਿੱਥੇ ਚੁਣੇ ਹੋਏ ਨੁਮਾਇੰਦੇ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਲੋਕਾਂ ਦੇ ਅਸਲੀ ਸੇਵਕ ਵਜੋਂ ਕੰਮ ਕਰਨਗੇ। ਉਨ੍ਹਾਂ ਨੇ ਅਫਸੋਸ ਪ੍ਰਗਟਾਇਆ ਕਿ ਪਿਛਲੇ 75 ਸਾਲਾਂ ਵਿੱਚ ਇਹ ਚੁਣੇ ਹੋਏ ਨੁਮਾਇੰਦੇ ਸਰਕਾਰੀ ਖਜ਼ਾਨੇ ਵਿੱਚੋਂ ਵੱਡੀਆਂ ਤਨਖਾਹਾਂ ਅਤੇ ਪੈਨਸ਼ਨਾਂ ਲੈ ਕੇ ‘ਸਿਆਸੀ ਚੌਧਰੀ’ ਬਣ ਗਏ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਨੇਤਾਵਾਂ ਨੂੰ ਦਿੱਤੀ ਜਾਣ ਵਾਲੀ ਇਸ ਸਹੂਲਤ ਦਾ ਸਾਰਾ ਬੋਝ ਟੈਕਸ ਦਾਤਾਵਾਂ 'ਤੇ ਪਿਆ ਸੀ ਕਿਉਂਕਿ ਇਨ੍ਹਾਂ ਆਗੂਆਂ ਦਾ ਪੈਸਾ ਲੋਕ ਭਲਾਈ ਲਈ ਵਰਤੇ ਜਾਣ ਦੀ ਬਜਾਏ ਇਨ੍ਹਾਂ ਆਗੂਆਂ ਨੂੰ ਕਈ-ਕਈ ਪੈਨਸ਼ਨਾਂ ਦੇਣ 'ਤੇ ਬਰਬਾਦ ਕੀਤਾ ਗਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਬਜਟ ਵਿੱਚ ਸੂਬੇ ਦੇ ਲੋਕਾਂ 'ਤੇ ਕੋਈ ਨਵਾਂ ਬੋਝ ਨਹੀਂ ਪਾਇਆ ਜਾਵੇਗਾ ਅਤੇ ਲੋਕ ਪੱਖੀ ਬਜਟ ਸੂਬੇ ਦੇ ਚੱਲ ਰਹੇ ਵਿਕਾਸ ਨੂੰ ਹੁਲਾਰਾ ਦੇਵੇਗਾ। ਉਨ੍ਹਾਂ ਕਿਹਾ ਕਿ ਇਸ ਕਦਮ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਲੋਕਾਂ ਨੂੰ ਇਸ ਦਾ ਭਰਪੂਰ ਲਾਭ ਮਿਲੇ ਅਤੇ ਆਮ ਆਦਮੀ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮਾਜ ਦੇ ਹਰ ਵਰਗ ਨੂੰ ਲਾਭ ਪਹੁੰਚਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਇਸ ਦਾ ਲਾਭ ਮਿਲੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਸਿਰਤੋੜ ਮਿਹਨਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵਰਗੇ ਆਗੂਆਂ ਨੇ ਆਪਣੇ ਸਰਕਾਰੀ ਅਹੁਦਿਆਂ ਦੀ ਦੁਰਵਰਤੋਂ ਕੀਤੀ ਅਤੇ ਦੌਲਤ ਇਕੱਠੀ ਕਰਕੇ ਵੱਡੇ-ਵੱਡੇ ਮਹਿਲ ਉਸਾਰੇ ਹਨ ਅਤੇ ਇਨ੍ਹਾਂ ਮਹਿਲਾਂ ਦੀਆਂ ਕੰਧਾਂ ਉੱਚੀਆਂ ਕਰ ਲਈਆਂ ਅਤੇ ਦਰਵਾਜ਼ੇ ਆਮ ਤੌਰ 'ਤੇ ਲੋਕਾਂ ਲਈ ਬੰਦ ਹੀ ਰਹਿੰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਆਗੂ ਆਮ ਲੋਕਾਂ ਨੂੰ ਕਦੇ ਮਿਲੇ ਹੀ ਨਹੀਂ ਜਿਸ ਕਰਕੇ ਲੋਕਾਂ ਨੇ ਇਨ੍ਹਾਂ ਨੂੰ ਮਹਿਲਾਂ ਵਿੱਚ ਹੀ ਬਿਠਾ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸੂਬੇ ਦੇ ਨੌਜਵਾਨਾਂ ਨੂੰ ਉਦੇਸ਼ਹੀਣ ਕਰ ਦਿੱਤਾ ਸੀ ਪਰ ਹੁਣ ਸੂਬਾ ਸਰਕਾਰ ਨੇ ਨੌਜਵਾਨਾਂ ਨੂੰ 40,000 ਤੋਂ ਵੱਧ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਹਰ ਨੌਕਰੀ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਦਿੱਤੀ ਜਾ ਰਹੀ ਹੈ ਅਤੇ ਸਿਰਫ ਯੋਗ ਨੌਜਵਾਨਾਂ ਨੂੰ ਨੌਕਰੀ ਮਿਲ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਕਦਮ ਦਾ ਉਦੇਸ਼ ਨੌਜਵਾਨਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਬਰਾਬਰ ਦਾ ਭਾਈਵਾਲ ਬਣਾਉਣਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਕੇਂਦਰ ਤੇ ਸੂਬਾ ਸਰਕਾਰਾਂ ਨੇ ਮਿਲ ਕੇ ਜਨਤਾ ਨੂੰ ਲੁੱਟਣ ਲਈ ਸਿਆਸਤ ਖੇਡੀ। ਉਨ੍ਹਾਂ ਕਿਹਾ ਕਿ ਇਨ੍ਹਾਂ ਸਰਕਾਰਾਂ ਨੇ ਆਮ ਜਨਤਾ ਨੂੰ ਅੰਗਰੇਜ਼ਾਂ ਨਾਲੋਂ ਵੀ ਵੱਧ ਲੁੱਟਿਆ ਪਰ ਇਨ੍ਹਾਂ ਭੋਲੇ-ਭਾਲੇ ਲੋਕਾਂ ਕੋਲ ਉਨ੍ਹਾਂ ਨੂੰ ਵਾਰ-ਵਾਰ ਚੁਣਨ ਤੋਂ ਇਲਾਵਾ ਹੋਰ ਕੋਈ ਬਦਲ ਨਹੀਂ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਰ ਹੁਣ 'ਆਪ' ਦੇ ਰੂਪ 'ਚ ਲੋਕਾਂ ਨੂੰ ਦੇਸ਼ 'ਚ ਇੱਕ ਬਦਲਾਅ ਮਿਲਿਆ ਹੈ ਅਤੇ ਲੋਕ 'ਆਪ' ਦੀ ਚੋਣ ਕਰਕੇ ਭਾਜਪਾ ਅਤੇ ਕਾਂਗਰਸ ਨੂੰ ਨਾਕਾਰ ਰਹੇ ਹਨ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ‘ਇਕ ਦੇਸ਼, ਇਕ ਚੋਣ’ ਦੇ ਏਜੰਡੇ 'ਤੇ ਵਿਅੰਗ ਕੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੋਦੀ ‘ਇਕ ਦੇਸ਼, ਇਕ ਸਿੱਖਿਆ’ ਦੇ ਏਜੰਡੇ 'ਤੇ ਕਿਉਂ ਨਹੀਂ ਚੱਲ ਰਹੇ। ਉਨ੍ਹਾਂ ਕਿਹਾ ਕਿ ਕਾਨਵੈਂਟ ਸਕੂਲਾਂ ਅਤੇ ਸਰਕਾਰੀ ਸਕੂਲਾਂ ਵਿੱਚ ਦਿੱਤੀ ਜਾ ਰਹੀ ਸਿੱਖਿਆ ਵਿੱਚ ਬਹੁਤ ਜ਼ਿਆਦਾ ਫਰਕ ਹੈ ਪਰ ਬਦਕਿਸਮਤੀ ਨਾਲ ਕਿਸੇ ਨੇ ਵੀ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਨੂੰ ਭਰਮਾਉਣ ਵਿੱਚ ਮਾਹਿਰ ਮੋਦੀ ਨੇ ‘ਅੱਛੇ ਦਿਨ ਆਂਏਗੇ’ ਅਤੇ ਅਜਿਹੇ ਹੋਰ ਨਾਅਰੇ ਲਗਾ ਕੇ ਲੋਕਾਂ ਨੂੰ ਸਿਰਫ਼ ਮੂਰਖ ਬਣਾਇਆ ਹੈ। ਮੁੱਖ ਮੰਤਰੀ ਨੇ ਭਲਾਈ ਤੇ ਵਿਕਾਸ ਦੇ ਏਜੰਡੇ ਨੂੰ ਕੌਮੀ ਪੱਧਰ 'ਤੇ ਲਿਆਉਣ ਲਈ 'ਆਪ' ਨੂੰ ਹੋਰ ਮਜ਼ਬੂਤ ਕਰਨ ਵਾਸਤੇ ਲੋਕਾਂ ਤੋਂ ਭਰਪੂਰ ਸਹਿਯੋਗ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਭਾਰਤੀ ਰਾਜਨੀਤੀ ਦੇ ਕੇਂਦਰ ਵਿੱਚ ਲਿਆਉਣ ਦਾ ਸਿਹਰਾ ਅਰਵਿੰਦ ਕੇਜਰੀਵਾਲ ਨੂੰ ਜਾਂਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਕੇਜਰੀਵਾਲ ਨੇ ਫੁੱਟ ਪਾਊ ਰਾਜਨੀਤੀ ਨੂੰ ਨਕਾਰਦਿਆਂ ਕਦਰਾ-ਕੀਮਤਾਂ ਉਤੇ ਅਧਾਰਤ ਰਾਜਨੀਤੀ ਦੀ ਸ਼ੁਰੂਆਤ ਕਰਕੇ ਸਿਆਸੀ ਖੇਤਰ ਵਿੱਚ ਵੱਡੀ ਤਬਦੀਲੀ ਲਿਆਂਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੌਮੀ ਪੱਧਰ ‘ਤੇ ‘ਆਪ’ ਦੀ ਮਜ਼ਬੂਤੀ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਲੋਕਾਂ ਨੂੰ ਆਗਾਮੀ ਚੋਣਾਂ ਵਿੱਚ ‘ਆਪ’ ਦਾ ਸਮਰਥਨ ਕਰਨਾ ਚਾਹੀਦਾ ਹੈ ਤਾਂ ਜੋ ਉਹ ਪੰਜਾਬ ਦੇ ਮੁੱਦਿਆਂ ਨੂੰ ਜ਼ੋਰਦਾਰ ਢੰਗ ਨਾਲ ਉਠਾ ਸਕਣ। ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ 'ਤੇ ਵਿਅੰਗ ਕੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਦੀ ਇਸ ਡਰਾਮੇਬਾਜ਼ੀ ਦਾ ਅਸਲੀ ਨਾਂ ‘ਪਰਿਵਾਰ ਬਚਾਓ ਯਾਤਰਾ’ ਹੈ। ਉਨ੍ਹਾਂ ਨੇ ਅਕਾਲੀ ਆਗੂਆਂ ਨੂੰ ਇਹ ਦੱਸਣ ਦੀ ਚੁਣੌਤੀ ਦਿੱਤੀ ਕਿ 15 ਸਾਲ ਸੂਬੇ ਨੂੰ ਲੁੱਟਣ ਤੋਂ ਬਾਅਦ ਉਹ ਹੁਣ ਕਿਸ ਤੋਂ ਸੂਬੇ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀਆਂ ਨੇ ਸੂਬੇ ਦੀ ਬੁਰੀ ਤਰ੍ਹਾਂ ਲੁੱਟ-ਖਸੁੱਟ ਕੀਤੀ ਹੈ ਅਤੇ ਪੰਜਾਬੀਆਂ ਦੀ ਮਾਨਸਿਕਤਾ ਨੂੰ ਜਜ਼ਬਾਤੀ ਤੌਰ 'ਤੇ ਠੇਸ ਪਹੁੰਚਾਈ ਹੈ ਅਤੇ ਇੱਥੋਂ ਤੱਕ ਕਿ ਸੂਬੇ ਅੰਦਰ ਮਾਫੀਏ ਦੀ ਪੁਸ਼ਤਪਨਾਹੀ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕ ਅਕਾਲੀਆਂ ਅਤੇ ਬਾਦਲ ਪਰਿਵਾਰ ਦੇ ਦੋਗਲੇ ਕਿਰਦਾਰ ਤੋਂ ਭਲੀ-ਭਾਂਤ ਜਾਣੂ ਹਨ, ਜਿਸ ਕਾਰਨ ਹੁਣ ਇਨ੍ਹਾਂ ਦੇ ਢਕਵੰਜ ਨਹੀਂ ਚੱਲਣਗੇ। ਮੁੱਖ ਮੰਤਰੀ ਨੇ ਕਿਹਾ ਕਿ ਲੋਕ ਅਕਾਲੀ ਦਲ ਦੇ ਦੋਗਲੇ ਚਿਹਰੇ ਨੂੰ ਨਹੀਂ ਭੁੱਲੇ ਕਿਉਂਕਿ ਉਨ੍ਹਾਂ ਨੇ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਤੋਂ ਇਲਾਵਾ ਸੂਬੇ ਵਿੱਚ ਨਸ਼ਿਆਂ ਦੇ ਕਾਰੋਬਾਰ ਦੀ ਪੁਸ਼ਤਪਨਾਹੀ ਵੀ ਕੀਤੀ। ਉਨ੍ਹਾਂ ਕਿਹਾ ਕਿ ਅਕਾਲੀ ਲੀਡਰਸ਼ਿਪ ਦੇ ਹੱਥ ਪੰਜਾਬ ਤੇ ਪੰਜਾਬੀਆਂ ਦੇ ਖੂਨ ਨਾਲ ਰੰਗੇ ਹੋਏ ਹਨ। ਉਨ੍ਹਾਂ ਅੱਗੇ ਕਿਹਾ ਕਿ ਲੋਕ ਇਨ੍ਹਾਂ ਗੁਨਾਹਾਂ ਲਈ ਅਕਾਲੀਆਂ ਨੂੰ ਕਦੇ ਵੀ ਮੁਆਫ ਨਹੀਂ ਕਰਨਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਲੋਕ ਇਨ੍ਹਾਂ ਨੂੰ ਆਗਾਮੀ ਲੋਕ ਸਭਾ ਚੋਣਾਂ ਦੌਰਾਨ ਹਰਾ ਕੇ ਚੰਗਾ ਸਬਕ ਸਿਖਾਉਣ।

ਮੁੱਖ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਉਦਯੋਗਿਕ ਖੇਤਰ ਨੂੰ ਵੀ ਸਸਤੀਆਂ ਦਰਾਂ ‘ਤੇ ਬਿਜਲੀ ਪ੍ਰਦਾਨ ਕੀਤੀ ਜਾਵੇਗੀ ਜਿਸ ਮੰਤਵ ਲਈ ਸੂਬਾ ਸਰਕਾਰ ਪਹਿਲਾਂ ਹੀ ਕਾਰਜਸ਼ੀਲ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਸੂਬੇ ਵਿੱਚ ਉਦਯੋਗੀਕਰਨ ਨੂੰ ਹੁਲਾਰਾ ਮਿਲੇਗਾ ਅਤੇ ਆਉਣ ਵਾਲੇ ਦਿਨਾਂ ਵਿੱਚ ਰੁਜ਼ਗਾਰ ਦੇ ਨਵੇਂ ਰਾਹ ਖੁੱਲ੍ਹਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਸੂਬੇ ਨੂੰ ਵਿਕਾਸ ਦੀਆਂ ਨਵੀਆਂ ਲੀਹ 'ਤੇ ਲਿਆਂਦਾ ਜਾਵੇਗਾ ਜਿਸ ਸਦਕਾ ਸੂਬੇ ਦੇ ਸਰਵਪੱਖੀ ਵਿਕਾਸ ਨੂੰ ਹੁਲਾਰਾ ਮਿਲੇਗਾ। ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਮਾਝਾ ਤੇ ਦੁਆਬਾ ਖੇਤਰ ਦੇ ਉਦਯੋਗਪਤੀਆਂ ਅਤੇ ਵਪਾਰੀਆਂ ਦੀ ਸਹੂਲਤ ਲਈ ਜਲੰਧਰ ਵਿੱਚ ਜਲਦੀ ਹੀ ‘ਨਿਵੇਸ਼ ਸੁਵਿਧਾ ਕੇਂਦਰ’ (ਇਨਵੈਸਟਮੈਂਟ ਫੈਸਿਲੀਟੇਸ਼ਨ ਸੈਂਟਰ) ਖੋਲ੍ਹਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਵਪਾਰੀਆਂ ਅਤੇ ਉਦਯੋਗਪਤੀਆਂ ਨੂੰ ਵੱਡੀ ਸਹੂਲਤ ਦਿੰਦਿਆਂ ਇਹ ਯਕੀਨੀ ਬਣਾਇਆ ਜਾਵੇਗਾ ਕਿ ਉਨ੍ਹਾਂ ਨੂੰ ਆਪਣੇ ਛੋਟੇ-ਮੋਟੇ ਕੰਮਾਂ ਲਈ ਚੰਡੀਗੜ੍ਹ ਨਾ ਜਾਣਾ ਪਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਹਰ ਫੈਸਲੇ ਦਾ ਉਦੇਸ਼ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣਾ ਹੈ।

ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਨਕੋਦਰ ਵਿਖੇ ਨਵੇਂ ਬਣੇ ਜੱਚਾ-ਬੱਚਾ ਹਸਪਤਾਲ ਦਾ ਉਦਘਾਟਨ ਵੀ ਕੀਤਾ ਅਤੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਅਜਿਹੇ ਹੋਰ ਹਸਪਤਾਲ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਨਕੋਦਰ ਵਿਖੇ ਨਵੇਂ ਬਣੇ ਜੱਚਾ-ਬੱਚਾ ਹਸਪਤਾਲ ਦਾ ਉਦਘਾਟਨ ਵੀ ਕੀਤਾ ਅਤੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਅਜਿਹੇ ਹੋਰ ਹਸਪਤਾਲ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਹ 30 ਬਿਸਤਰਿਆਂ ਵਾਲਾ ਨਵਾਂ ਜੱਚਾ-ਬੱਚਾ ਵਿੰਗ ਲਗਭਗ ਛੇ ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਗਿਆ ਹੈ, ਜਿਸ ਨਾਲ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ ਅਤੇ ਇਸ ਹਸਪਤਾਲ ਵਿੱਚ ਔਰਤਾਂ ਦੀ ਸਿਹਤ ਸੰਭਾਲ ਲਈ ਮਾਹਿਰ ਡਾਕਟਰ ਤਾਇਨਾਤ ਰਹਿਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਹਸਪਤਾਲ ਜਣੇਪੇ ਤੋਂ ਪਹਿਲਾਂ ਗਰਭ-ਅਵਸਥਾਵਾਂ ਦੀ ਸਹੀ ਜਾਂਚ ਕਰਵਾਏਗਾ ਅਤੇ ਮਾਹਿਰ ਡਾਕਟਰ ਤੇ ਸਟਾਫ਼, ਸੁਰੱਖਿਅਤ ਜਣੇਪੇ ਨੂੰ ਯਕੀਨੀ ਬਣਾਉਣਗੇ, ਜਿਸ ਵਿੱਚ ਸੀਜੇਰੀਅਨ ਜਣੇਪਾ, ਘੱਟ ਵਜ਼ਨ ਅਤੇ ਸਮੇਂ ਤੋਂ ਪਹਿਲਾਂ ਜੰਮੇ ਬੱਚਿਆਂ ਲਈ ਇੱਕੋ ਛੱਤ ਹੇਠ ਐਨ.ਆਈ.ਸੀ.ਯੂ ਦੀ ਸਹੂਲਤ ਹੋਵੇਗੀ।

Have something to say? Post your comment