Wednesday, September 17, 2025

Malwa

ਮੁੱਖ ਮੰਤਰੀ ਨੇ 2487 ਨੌਜਵਾਨਾਂ ਨੂੰ ਸਰਕਾਰੀ ਨੌਕਰੀ ਲਈ ਨਿਯੁਕਤੀ ਪੱਤਰ ਸੌਂਪੇ

March 08, 2024 01:42 PM
SehajTimes
ਸੰਗਰੂਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਹੁਣ ਤੱਕ ਦੇ ਸਭ ਤੋਂ ਵੱਡੇ ਨਿਯੁਕਤੀ ਪੱਤਰ ਵੰਡ ਸਮਾਰੋਹ ਦੌਰਾਨ 2487 ਨੌਜਵਾਨਾਂ ਨੂੰ ਸਰਕਾਰੀ ਨੌਕਰੀ ਲਈ ਨਿਯੁਕਤੀ ਪੱਤਰ ਸੌਂਪੇ ਜਿਸ ਨਾਲ ਪਿਛਲੇ ਦੋ ਸਾਲਾਂ ਵਿੱਚ ਲਗਭਗ 43000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਸੰਗਰੂਰ ਵਿੱਚ ਲੱਡਾ ਕੋਠੀ ਵਿਖੇ 2487 ਨੌਜਵਾਨਾਂ ਨੂੰ ਨੌਕਰੀ ਪੱਤਰ ਸੌਂਪਣ ਲਈ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਵਿੱਚੋਂ 1750 ਨੌਜਵਾਨਾਂ ਨੂੰ ਗ੍ਰਹਿ ਵਿਭਾਗ, 205 ਨੂੰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ, 39 ਨੂੰ ਮਾਲ ਵਿਭਾਗ, 60 ਨੂੰ ਆਬਕਾਰੀ ਵਿਭਾਗ, 421 ਨੂੰ ਸਥਾਨਕ ਸਰਕਾਰਾਂ ਵਿਭਾਗ, ਚਾਰ ਨੌਜਵਾਨਾਂ ਨੂੰ ਸਹਿਕਾਰਤਾ ਵਿਭਾਗ ਵਿੱਚ ਅਤੇ ਅੱਠ ਨੌਜਵਾਨਾਂ ਨੂੰ ਤਕਨੀਕੀ ਸਿੱਖਿਆ ਵਿਭਾਗ ਵਿੱਚ ਭਰਤੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਨੌਕਰੀ ਦਾ ਮਤਲਬ ਪੂਰੇ ਪਰਿਵਾਰ ਦੇ ਜੀਵਨ ਜਿਉਣ ਦੇ ਸਲੀਕੇ ਵਿੱਚ ਗੁਣਾਤਮਕ ਤਬਦੀਲੀ ਆ ਜਾਂਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ 16 ਮਾਰਚ, 2022 ਨੂੰ ਆਪਣਾ ਅਹੁਦਾ ਸੰਭਾਲਿਆ ਸੀ ਅਤੇ ਉਦੋਂ ਤੋਂ ਹੀ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਭਾਵੇਂ ਪਹਿਲਾਂ ਭ੍ਰਿਸ਼ਟਾਚਾਰ ਜਾਂ ਭਾਈ-ਭਤੀਜਾਵਾਦ ਰਾਹੀਂ ਨੌਕਰੀਆਂ ਦਿੱਤੀਆਂ ਜਾਂਦੀਆਂ ਸਨ ਪਰ ਹੁਣ ਨੌਕਰੀਆਂ ਸਿਰਫ ਤੇ ਸਿਰਫ ਮੈਰਿਟ ਦੇ ਆਧਾਰ ’ਤੇ ਦਿੱਤੀਆਂ ਜਾਂਦੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ‘ਮਿਸ਼ਨ ਰੋਜ਼ਗਾਰ’ ਨਾਲ ਨੌਜਵਾਨਾਂ ਦੇ ਮਨਾਂ ਵਿੱਚ ਪੈਦਾ ਹੋਈ ਨਕਾਰਾਤਮਕ ਭਾਵਨਾ ਦੂਰ ਕਰਨ ਵਿੱਚ ਮਦਦ ਮਿਲੀ ਹੈ ਜਿਸ ਕਾਰਨ ਉਨ੍ਹਾਂ ਨੇ ਹੁਣ ਵਿਦੇਸ਼ ਜਾਣ ਦਾ ਵਿਚਾਰ ਤਿਆਗ ਦਿੱਤਾ ਹੈ ਅਤੇ ਉਲਟਾ ਵਿਦੇਸ਼ ਗਏ ਪੰਜਾਬ ਦੇ ਨੌਜਵਾਨਾਂ ਵਿੱਚ ‘ਵਤਨ ਵਾਪਸੀ’ ਦਾ ਦੌਰ ਸ਼ੁਰੂ ਹੋ ਗਿਆ ਹੈ। ਉਨ੍ਹਾਂ ਕਿਹਾ, “ਜੇਕਰ ਦੋ ਸਾਲਾਂ ਵਿੱਚ 43,000 ਦੇ ਕਰੀਬ ਨੌਕਰੀਆਂ ਦਿੱਤੀਆਂ ਜਾ ਸਕਦੀਆਂ ਹਨ ਤਾਂ ਸਵਾਲ ਪੈਦਾ ਹੁੰਦਾ ਹੈ ਕਿ ਨੌਜਵਾਨਾਂ ਦੀ ਭਲਾਈ ਲਈ ਪਿਛਲੇ 75 ਸਾਲਾਂ ਵਿੱਚ ਅਜਿਹਾ ਕਿਉਂ ਨਹੀਂ ਕੀਤਾ ਗਿਆ। ਮੈਂ ਸਿਸਟਮ ਨੂੰ ਸੁਧਾਰਨ ਅਤੇ ਸੂਬੇ ਦੇ ਵਿਕਾਸ ਵਿੱਚ ਨੌਜਵਾਨ ਵਰਗ ਨੂੰ ਸਰਗਰਮ ਭਾਈਵਾਲ ਬਣਾਉਣ ਦੇ ਰਾਹ ਉਤੇ ਤੁਰਿਆ ਹੋਇਆ ਹਾਂ।” ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵਿਭਾਗਾਂ ਵਿੱਚ ਖਾਲੀ ਹੁੰਦੇ ਸਾਰ ਹੀ ਸਾਰੀਆਂ ਅਸਾਮੀਆਂ ਭਰ ਦਿੰਦੀ ਹੈ ਤਾਂ ਕਿ ਨੌਜਵਾਨਾਂ ਨੂੰ ਰੋਜ਼ਗਾਰ ਹਾਸਲ ਹੋ ਸਕੇ। ਉਨ੍ਹਾਂ ਕਿਹਾ ਕਿ ਪੂਰੀ ਭਰਤੀ ਪ੍ਰਕਿਰਿਆ ਲਈ ਇੱਕ ਠੋਸ ਵਿਧੀ ਅਪਣਾਈ ਗਈ ਹੈ ਜਿਸ ਕਾਰਨ ਇਨ੍ਹਾਂ 43,000 ਦੇ ਕਰੀਬ ਨੌਕਰੀਆਂ ਵਿੱਚੋਂ ਇੱਕ ਵੀ ਨਿਯੁਕਤੀ ਨੂੰ ਹੁਣ ਤੱਕ ਕਿਸੇ ਵੀ ਅਦਾਲਤ ਵਿੱਚ ਚੁਣੌਤੀ ਦਾ ਸਾਹਮਣਾ ਨਹੀਂ ਕਰਨਾ ਪਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਲਈ ਇਹ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਨੌਜਵਾਨਾਂ ਨੂੰ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ 'ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।

ਮੁੱਖ ਮੰਤਰੀ ਨੇ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਆਪਣੇ ਅਹੁਦੇ ਦੀ ਵਰਤੋਂ ਵੱਧ ਤੋਂ ਵੱਧ ਲੋਕਾਂ ਦੀ ਭਲਾਈ ਲਈ ਕਰਨ ਦਾ ਸੱਦਾ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਕੰਮਕਾਜ ਲਈ ਆਉਂਦੇ ਲੋਕਾਂ ਨੂੰ ਤੰਗ-ਪ੍ਰੇਸ਼ਾਨ ਕਰਨ ਦੀ ਬਜਾਏ ਇਨਸਾਫ ਦਿਵਾਉਣ ਦੀ ਭਾਵਨਾ ਨਾਲ ਕੰਮ ਕਰਨ ਲਈ ਆਖਿਆ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਜਿਸ ਲਈ ਵੱਡੇ ਯਤਨ ਕੀਤੇ ਜਾ ਰਹੇ ਹਨ। ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਲਈ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਪੜ੍ਹਾਈ ਲਈ ਢੁਕਵਾਂ ਮੰਚ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਵੱਲੋਂ ਸੂਬਾ ਭਰ ਵਿੱਚ ਬਣਾਈਆਂ ਜਾ ਰਹੀਆਂ ਸਾਰੀਆਂ ਲਾਇਬ੍ਰੇਰੀਆਂ ਵਿੱਚ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਲੋੜੀਂਦੀਆਂ ਪੁਸਤਕਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਕਦਮ ਦਾ ਉਦੇਸ਼ ਨੌਜਵਾਨਾਂ ਨੂੰ ਗਿਆਨ ਅਤੇ ਸ਼ਕਤੀ ਨਾਲ ਲੈਸ ਕਰਨਾ ਹੈ ਤਾਂ ਜੋ ਉਹ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਸ਼ਾਮਲ ਹੋ ਕੇ ਸਾਨਦਾਰ ਪ੍ਰਦਰਸ਼ਨ ਕਰ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਤਾਂ ਜੋ ਨੌਜਵਾਨ ਉੱਚ ਅਹੁਦਿਆਂ 'ਤੇ ਬੈਠ ਕੇ ਦੇਸ਼ ਦੀ ਤਨਦੇਹੀ ਨਾਲ ਸੇਵਾ ਕਰ ਸਕਣ।
ਨੌਜਵਾਨਾਂ ਨੂੰ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਤੁਸੀਂ ਆਪਣੀ ਜਿੱਤ 'ਤੇ ਰਸ਼ਕ ਨਾ ਕਰੋ ਸਗੋਂ ਹੋਰ ਵੀ ਨਿਮਰਤਾ ਨਾਲ ਕੰਮ ਕਰੋ ਅਤੇ ਵੱਡੀ ਸਫਲਤਾ ਹਾਸਲ ਕਰਨ ਲਈ ਸਖ਼ਤ ਮਿਹਨਤ ਕਰੋ। ਸਵੈ-ਵਿਸ਼ਵਾਸ ਅਤੇ ਸਕਾਰਾਤਮਕ ਦ੍ਰਿਸ਼ਟੀਕੋਣ ਹਰ ਵਿਅਕਤੀ ਦੀ ਸ਼ਖ਼ਸੀਅਤ ਦੇ ਮੂਲ ਗੁਣ ਹੋਣੇ ਚਾਹੀਦੇ ਹਨ ਪਰ ਇਸ ਵਿੱਚ ਕਿਸੇ ਤਰ੍ਹਾਂ ਦਾ ਹੰਕਾਰ ਨਹੀਂ ਹੋਣਾ ਚਾਹੀਦਾ। ਹਰ ਖੇਤਰ ਵਿੱਚ ਸਫ਼ਲਤਾ ਦੀ ਕਹਾਣੀ ਲਿਖਣ ਲਈ ਇਹੀ ਕੁੰਜੀ ਹੈ ਅਤੇ ਇਸ ਨੂੰ ਸਹੀ ਮਾਅਨਿਆਂ ਵਿੱਚ ਲਾਗੂ ਕਰਨਾ ਚਾਹੀਦਾ ਹੈ।”
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਬਰਕਤ ਵਾਲੀ ਧਰਤੀ ਹੈ ਕਿਉਂਕਿ ਸੂਬੇ ਦੇ ਹਰ ਦੂਜੇ ਪਿੰਡ ਨੂੰ ਮਹਾਨ ਗੁਰੂਆਂ ਦੀ ਚਰਨ ਛੋਹ ਪ੍ਰਾਪਤ ਹੈ ਅਤੇ ਇਸ ਸੂਬੇ ਨੇ ਦੇਸ਼ ਲਈ ਜਾਨਾਂ ਵਾਰਨ ਵਾਲੇ ਸੂਰਬੀਰ ਪੁੱਤ ਪੈਦਾ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬੀ ਜਨਮ ਤੋਂ ਹੀ ਉੱਦਮੀ ਅਤੇ ਅਗਵਾਈ ਕਰਨ ਵਾਲੇ ਹੁੰਦੇ ਹਨ, ਜਿਸ ਕਾਰਨ ਉਨ੍ਹਾਂ ਨੇ ਦੁਨੀਆ ਭਰ ਵਿੱਚ ਆਪਣੀ ਕਾਬਲੀਅਤ ਦਾ ਲੋਹਾ ਮੰਨਵਾਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀ ਸਖ਼ਤ ਮਿਹਨਤ ਸਦਕਾ ਹਰ ਖੇਤਰ ਵਿੱਚ ਮੱਲਾਂ ਮਾਰਦੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੂੰ ਤਰੱਕੀ ਦੀਆਂ ਸਿਖਰਾਂ ਉਤੇ ਲਿਜਾਣ ਲਈ ਪੰਜਾਬੀਆਂ ਦੇ ਇਸ ਜਜ਼ਬੇ ਨੂੰ ਵਰਤਿਆ ਜਾ ਸਕਦਾ ਹੈ ਅਤੇ ਸੂਬਾ ਸਰਕਾਰ ਇਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਹ ਬੜੇ ਮਾਣ ਤੇ ਤਸੱਲੀ ਦੀ ਗੱਲ ਹੈ ਕਿ ਲੜਕੀਆਂ ਹਰ ਖੇਤਰ ਵਿੱਚ ਲੜਕਿਆਂ ਨਾਲੋਂ ਅੱਗੇ ਹਨ ਅਤੇ ਅੱਜ ਵੀ ਜ਼ਿਆਦਾਤਰ ਨੌਕਰੀਆਂ ਲੜਕੀਆਂ ਨੇ ਹੀ ਹਾਸਲ ਕੀਤੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਲੜਕੀਆਂ ਨੂੰ ਹਰ ਖੇਤਰ ਵਿੱਚ ਮੱਲਾਂ ਮਾਰਨ ਲਈ ਵੱਧ ਤੋਂ ਵੱਧ ਮੌਕੇ ਦਿੱਤੇ ਜਾਣ ਤਾਂ ਕਿ ਉਹ ਸਫ਼ਲਤਾ ਦੀਆਂ ਨਵੀਆਂ ਕਹਾਣੀਆਂ ਲਿਖ ਸਕਣ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਮਹਿਲਾ ਸਸ਼ਕਤੀਕਰਨ ਲਈ ਠੋਸ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਐਸ.ਐਸ.ਪੀ. ਵਜੋਂ ਮਹਿਲਾ ਅਧਿਕਾਰੀ ਤਾਇਨਾਤ ਹਨ ਅਤੇ 10 ਤੋਂ ਵੱਧ ਜ਼ਿਲ੍ਹਿਆਂ ਵਿੱਚ ਮਹਿਲਾ ਡਿਪਟੀ ਕਮਿਸ਼ਨਰ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਲੜਕੀਆਂ ਦੀ ਭਲਾਈ ਲਈ ਹੋਰ ਵੀ ਅਹਿਮ ਯਤਨ ਕੀਤੇ ਜਾ ਰਹੇ ਹਨ ਅਤੇ ਇਨ੍ਹਾਂ ਯਤਨਾਂ ਦੇ ਲੋੜੀਂਦੇ ਨਤੀਜੇ ਸਾਹਮਣੇ ਆ ਰਹੇ ਹਨ। ਸਰਕਾਰੀ ਨੌਕਰੀ ਹਾਸਲ ਕਰਨ ਵਾਲੇ ਨੌਜਵਾਨਾਂ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਾਰੇ ਨੌਜਵਾਨਾਂ ਲਈ ਮਾਣ ਵਾਲੀ ਗੱਲ ਹੈ, ਜੋ ਅੱਜ ਇਸ ਸਮਾਗਮ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਜਦੋਂ ਸੂਬੇ ਦਾ ਇਤਿਹਾਸ ਪੜ੍ਹਿਆ ਜਾਵੇਗਾ ਤਾਂ ‘ਰੰਗਲਾ ਪੰਜਾਬ’ ਸਿਰਜਣ ਵਿੱਚ ਇਨ੍ਹਾਂ ਨੌਜਵਾਨਾਂ ਦੀ ਸ਼ਾਨਦਾਰ ਭੂਮਿਕਾ ਨੂੰ ਸੁਨਹਿਰੀ ਅੱਖਰਾਂ ਵਿੱਚ ਲਿਖਿਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੌਜਵਾਨਾਂ ਨੂੰ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਕੋਈ ਕਸਰ ਬਾਕੀ ਨਹੀਂ ਛੱਡਣੀ ਚਾਹੀਦੀ।

Have something to say? Post your comment

 

More in Malwa

ਆਂਗਣਵਾੜੀ ਵਰਕਰਾਂ ਹੈਲਪਰਾਂ ਮਾਣ ਭੱਤਾ ਕੇਂਦਰ ਸਰਕਾਰ ਨੇ 6 ਮਹੀਨਿਆਂ ਤੋਂ ਲਟਕਾਇਆ : ਸਿੰਦਰ ਕੌਰ ਬੜੀ

ਪੰਜਾਬ ਤੇ ਕਿਸਾਨੀ ਦੀਆਂ ਮੰਗਾਂ ਨੂੰ ਲੈ ਕੇ ਬੀਕੇਯੂ ਲੱਖੋਵਾਲ ਦੇ ਵਫਦ ਨੇ ਕੇਂਦਰੀ ਮੰਤਰੀ ਐਸ.ਪੀ.ਸਿੰਘ ਬਗੇਲ ਨਾਲ ਕੀਤੀ ਮੁਲਾਕਾਤ : ਦੌਲਤਪੁਰਾ

ਡੀ.ਸੀ. ਦਫ਼ਤਰ ਇੰਪਲਾਇਜ਼ ਯੂਨੀਅਨ, ਮਾਲੇਰਕੋਟਲਾ ਨੇ 100 ਹੜ੍ਹ ਪੀੜਤ ਪਰਿਵਾਰਾਂ ਦੀ ਮਦਦ ਲਈ ਗੱਦੇ ਅਤੇ ਕੰਬਲ ਭੇਜੇ

ਸੰਦੀਪ ਕੌੜਾ ਦਾ ਸੁਨਾਮ ਪੁੱਜਣ ਮੌਕੇ ਕੀਤਾ ਸਨਮਾਨ

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ