Friday, December 19, 2025

Malwa

ਮੁੱਖ ਮੰਤਰੀ ਭਗਵੰਤ ਮਾਨ ਦੇਣ ਅਸਤੀਫ਼ਾ : ਢੀਂਡਸਾ

March 22, 2024 05:41 PM
SehajTimes
 
ਸੁਨਾਮ : ਦਿੜ੍ਹਬਾ ਹਲਕੇ ਦੇ ਪਿੰਡ ਗੁੱਜਰਾਂ ਤੋਂ ਬਾਅਦ ਸੁਨਾਮ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਦਰਦਨਾਕ ਮੌਤਾਂ 'ਤੇ ਸ਼੍ਰੋਮਣੀ ਅਕਾਲੀ ਦਲ ਨੇ ਸੂਬੇ ਦੀ ਭਗਵੰਤ ਮਾਨ ਸਰਕਾਰ ਨੂੰ ਘੇਰਿਆ ਹੈ। ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਮੁੱਖ ਮੰਤਰੀ ਦੇ ਜ਼ਿਲ੍ਹੇ 'ਚ ਵੱਧ ਰਹੇ ਸ਼ਰਾਬ ਦੇ ਕਥਿਤ ਕਾਲ਼ੇ ਕਾਰੋਬਾਰ ਨੇ ਸਰਕਾਰ ਦੀ ਪੋਲ ਖੋਲ੍ਹ ਦਿੱਤੀ ਹੈ। ਸਰਕਾਰ ਦੀ ਅਣਗਹਿਲੀ ਕਾਰਨ ਗਰੀਬਾਂ ਦੀ ਜਾਨ ਨਾਲ ਖੇਡਿਆ ਜਾ ਰਿਹਾ ਹੈ ਅਤੇ ਸਰਕਾਰ ਕੁੰਭਕਰਨੀ ਨੀਂਦ ਸੁੱਤੀ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ਲਈ ਸੂਬਾ ਸਰਕਾਰ ਪੂਰੀ ਤਰ੍ਹਾਂ ਜ਼ਿੰਮੇਵਾਰ ਹੈ ਅਤੇ ਨੈਤਿਕ ਆਧਾਰ 'ਤੇ ਮੁੱਖ ਮੰਤਰੀ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਇਸ ਮਾਮਲੇ ਵੱਲ ਧਿਆਨ ਨਹੀਂ ਦਿੱਤਾ ਹੈ। ਉਨ੍ਹਾਂ ਸਵਾਲ ਕੀਤਾ ਕਿ ਇਹ ਰੈਕੇਟ ਲੰਬੇ ਸਮੇਂ ਤੋਂ ਚੱਲ ਰਿਹਾ ਹੈ ਅਤੇ ਸਰਕਾਰ ਨੂੰ ਇਸ ਬਾਰੇ ਕੋਈ ਸੁਰਾਗ ਵੀ ਨਹੀਂ ਲੱਗਾ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ ਵਿੱਚ ਤੁਰੰਤ ਗੰਭੀਰਤਾ ਦਿਖਾਈ ਜਾਵੇ। ਲੱਗਦਾ ਹੈ ਕਿ ਇਹ ਰੈਕੇਟ ਪੂਰੇ ਪੰਜਾਬ ਵਿਚ ਫੈਲ ਜਾਵੇਗਾ ਜੇਕਰ ਸਮੇਂ ਸਿਰ ਕਾਰਗਰ ਕਦਮ ਨਾ ਚੁੱਕੇ ਗਏ ਤਾਂ ਪੰਜਾਬ ਦੇ ਹੋਰ ਖੇਤਰਾਂ ਵਿੱਚ ਵੀ ਅਜਿਹੇ ਦਰਦਨਾਕ ਦ੍ਰਿਸ਼ ਸਾਹਮਣੇ ਆ ਸਕਦੇ ਹਨ।ਪੰਜਾਬ ਸਰਕਾਰ ਇਸ ਹਾਦਸੇ ਵਿੱਚ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ ਇੱਕ ਇੱਕ ਕਰੋੜ ਰੁਪਏ ਅਤੇ ਪੀੜਤਾਂ ਨੂੰ ਨੌਕਰੀਆਂ ਦੇਵੇ।

Have something to say? Post your comment