Wednesday, September 17, 2025

Malwa

ਡੀ.ਐਸ.ਪੀ. ਟ੍ਰੈਫਿਕ ਵੱਲੋਂ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਦੀ ਚੈਕਿੰਗ

April 17, 2024 12:01 PM
SehajTimes
ਪਟਿਆਲਾ : ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਸੇਫ ਸਕੂਲ ਵਾਹਨ ਪਾਲਿਸੀ ਨੂੰ ਜ਼ਿਲ੍ਹੇ ਵਿੱਚ ਲਾਗੂ ਕਰਨ ਲਈ ਰੀਜ਼ਨਲ ਟਰਾਂਸਪੋਰਟ ਅਫ਼ਸਰ ਦੀਪਜੋਤ ਕੌਰ  ਵੱਲੋਂ ਸਕੂਲੀ ਬੱਸਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ । ਇਸੇ ਦੌਰਾਨ ਡੀ.ਐਸ.ਪੀ. ਟ੍ਰੈਫਿਕ ਕਰਨੈਲ ਸਿੰਘ ਅਤੇ ਸਹਾਇਕ ਟਰਾਂਸਪੋਰਟ ਅਫ਼ਸਰ ਪਰਮਦੀਪ ਸਿੰਘ ਨੇ ਵੀ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ। ਇਸ ਚੈਕਿੰਗ ਦੌਰਾਨ ਨਿਯਮਾਂ ਦੀ ਉਲੰਘਣਾ ਕਰਦੀਆਂ 16 ਬੱਸਾਂ ਦੇ ਚਲਾਨ ਕੀਤੇ ਗਏ। ਉਨ੍ਹਾਂ ਨੇ ਦੱਸਿਆ ਕਿ ਅਜਿਹੀ ਚੈਕਿੰਗ ਭਵਿੱਖ ਵਿੱਚ ਨਿਰੰਤਰ ਜਾਰੀ ਰਹੇਗੀ ਅਤੇ ਸੇਫ਼ ਸਕੂਲ ਵਾਹਨ ਪਾਲਿਸੀ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ ਸਾਰੇ ਵਾਹਨਾਂ ਉੱਪਰ ਬਣਦੀ ਕਾਰਵਾਈ ਕੀਤੀ ਜਾਵੇਗੀ। ਆਰ.ਟੀ.ਓ. ਦੀਪਜੋਤ ਕੌਰ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਜ਼ਿਲ੍ਹੇ ਦੇ ਅੱਧੀ ਦਰਜਨ ਸਕੂਲਾਂ ਦੀਆਂ ਬੱਸਾਂ ਦੀ ਚੈਕਿੰਗ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਚੈਕਿੰਗ ਸਮੇਂ ਸਕੂਲੀ ਬੱਸਾਂ ਵਿੱਚ ਸੀ.ਸੀ.ਟੀ.ਵੀ ਕੈਮਰੇ, ਫਸਟ ਏਡ ਬਾਕਸ ਅਤੇ ਅੱਗ ਬੁਝਾਊ ਯੰਤਰ ਆਦਿ ਕਾਫੀ ਕਮੀਆਂ ਪਾਈਆਂ ਗਈਆ, ਜਿਸ ਦੌਰਾਨ ਮੌਕੇ ਤੇ ਹੀ ਸਕੂਲੀ ਬੱਸਾਂ ਦੇ ਚਲਾਨ ਵੀ ਕੀਤੇ ਗਏ।ਉਨ੍ਹਾਂ ਸਕੂਲ ਅਮਲੇ ਅਤੇ ਬੱਸ ਡਰਾਈਵਰਾਂ ਨੂੰ ਦੱਸਿਆ ਕਿ ਪਾਲਿਸੀ ਮੁਤਾਬਕ ਸਕੂਲ ਬੱਸਾਂ ਦਾ ਰੰਗ ਪੀਲਾ ਹੋਣਾ ਚਾਹੀਦਾ ਹੈ। ਬੱਸ ਦੇ ਅੱਗੇ 'ਸਕੂਲ ਬੱਸ' ਲਿਖ਼ਿਆ ਹੋਵੇ। ਡਰਾਈਵਰ ਦੇ ਵਰਦੀ ਪਾਈ ਹੋਵੇ ਅਤੇ ਉਸ ਕੋਲ ਹੈਵੀ ਲਾਇਸੈਂਸ ਹੋਵੇ। ਬੱਸ ਵਿੱਚ ਫ਼ਸਟ ਏਡ ਬਾਕਸ, ਅੱਗ ਬੁਝਾਊ ਯੰਤਰ, ਸੀਸੀਟੀਵੀ ਕੈਮਰੇ ਲੱਗੇ ਹੋਣੇ ਚਾਹੀਦੇ ਹਨ। ਜੇਕਰ ਬੱਸ ਵਿੱਚ ਲੜਕੀਆਂ ਸਫ਼ਰ ਕਰਦੀਆਂ ਹਨ ਤਾਂ ਬੱਸ ਵਿੱਚ ਲੇਡੀ ਅਟੈਂਡੈਂਟ ਹੋਣੀ ਚਾਹੀਦੀ ਹੈ। ਸਪੀਡ ਗਵਰਨਰ ਅਤੇ ਸਟਾਪ ਸਾਈਨ ਲੱਗੇ ਹੋਣੇ ਚਾਹੀਦੇ ਹਨ। ਇਸੇ ਦੌਰਾਨ ਡੀ.ਐਸ.ਪੀ. ਕਰਨੈਲ ਸਿੰਘ ਨੇ ਦੱਸਿਆ ਕਿ ਸਕੂਲ ਪ੍ਰਬੰਧਕਾਂ ਅਤੇ ਪ੍ਰਿੰਸੀਪਲਾਂ ਨੂੰ ਸੇਫ਼ ਸਕੂਲ ਵਾਹਨ ਪਾਲਿਸੀ ਸਬੰਧੀ ਜਾਣਕਾਰੀ ਦਿੰਦੇ ਹੋਏ ਸੁਚੇਤ ਕੀਤਾ ਗਿਆ ਹੈ ਕਿ ਭਵਿੱਖ ਵਿੱਚ ਜਲਦ ਇਹ ਸਾਰੀਆਂ ਕਮੀਆਂ ਨੂੰ ਪੂਰਾ ਕੀਤਾ ਜਾਵੇ ਨਹੀਂ ਤਾਂ ਪਾਲਿਸੀ ਦੀਆਂ ਹਦਾਇਤਾਂ ਮੁਤਾਬਿਕ ਸਕੂਲਾਂ ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।ਸਕੂਲੀ ਬੱਸਾਂ ਦੇ ਡਰਾਇਵਰ ਬੱਸ ਚਲਾਉਂਦੇ ਸਮੇਂ ਮੋਬਾਇਲ ਫੋਨ ਦੀ ਵਰਤੋਂ ਨਾ ਕਰਨ ਤੇ ਨਾ ਹੀ ਕੋਈ ਨਸ਼ਾ ਕਰਕੇ ਸਕੂਲੀ ਵਾਹਨ ਚਲਾਉਣ ਅਤੇ ਟ੍ਰੈਫਿਕ ਨਿਯਮਾਂ ਦਾ ਪਾਲਣ ਵੀ ਯਕੀਨੀ ਕੀਤਾ ਜਾਵੇਗਾ। 

Have something to say? Post your comment