Wednesday, September 17, 2025

Malwa

ਭਾਜਪਾ ਉਮੀਦਵਾਰ ਪਰਨੀਤ ਕੌਰ ਦੇ ਵਿਰੋਧ ਦੌਰਾਨ ਕਿਸਾਨ ਦੀ ਹੋਈ ਮੌਤ

May 07, 2024 11:31 AM
Daljinder Singh Pappi
ਰਾਜਪੁਰਾ : ਰਾਜਪੁਰਾ ਦੇ ਨੇੜਲੇ ਪਿੰਡ ਸਿਹਰਾ ਵਿਖੇ ਕਿਸਾਨਾਂ ਵੱਲੋਂ ਲੋਕ ਸਭਾ ਹਲਕਾ ਪਟਿਆਲਾ ਤੋਂ ਭਾਜਪਾ ਉਮੀਦਵਾਰ ਪਰਨੀਤ ਕੌਰ  ਦੇ ਕੀਤੇ ਜਾ ਰਹੇ ਵਿਰੋਧ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ।ਮਿਲੀ ਜਾਣਕਾਰੀ ਮੁਤਾਬਕ ਸੰਯੁਕਤ ਕਿਸਾਨ ਮੋਰਚੇ ਵੱਲੋਂ ਕਿਸਾਨਾਂ ਦੀਆਂ ਮੰਗਾਂ ਨਾ ਮੰਨੇ ਜਾਣ ਦੇ ਵਿਰੋਧ ਵਿੱਚ ਭਾਜਪਾ ਉਮੀਦਵਾਰਾਂ ਦਾ ਹਰ ਥਾਂ 'ਤੇ ਵਿਰੋਧ ਕਰਨ ਦੀ ਕਾਲ ਦਿੱਤੀ ਹੋਈ ਹੈ ਜਿਸ ਦੇ ਚਲਦਿਆਂ ਜਦੋਂ ਨੇੜਲੇ ਪਿੰਡ ਸਿਹਰਾ ਵਿਖੇ ਭਾਜਪਾ ਲੋਕ ਸਭਾ ਹਲਕਾ ਪਟਿਆਲਾ ਤੋਂ ਉਮੀਦਵਾਰ ਪਰਨੀਤ ਕੌਰ ਵੱਲੋਂ ਭਾਜਪਾ ਪਾਰਟੀ ਸਮਰਥਕਾਂ ਵੱਲੋਂ ਰੱਖੇ ਗਏ ਪ੍ਰੋਗਰਾਮ 'ਚ ਚੋਣ ਪ੍ਰਚਾਰ ਕਰਨ ਲਈ ਆਉਣਾ ਸੀ।
ਕਿਸਾਨ ਭਾਜਪਾ ਉਮੀਦਵਾਰ ਦਾ ਵਿਰੋਧ ਕਰਨ ਲਈ ਹੱਥਾਂ 'ਚ ਕਾਲੀਆਂ ਝੰਡੀਆਂ ਤੇ ਕਿਸਾਨੀ ਝੰਡੇ ਲੈ ਕੇ ਮੌਕੇ 'ਤੇ ਪੁੱਜ ਗਏ। ਵਿਰੋਧ ਪ੍ਰਦਰਸ਼ਨ ਦੌਰਾਨ ਇਕ ਕਿਸਾਨ ਸੁਰਿੰਦਰ ਪਾਲ ਸਿੰਘ ਪਿੰਡ ਆਕੜੀ ਥੱਲੇ ਡਿੱਗ ਗਿਆ ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ। ਉਸ ਨੂੰ ਨਾਲ ਦੇ ਸਾਥੀਆਂ ਵੱਲੋਂ ਗੱਡੀ 'ਚ ਸਿਵਿਲ ਹਸਪਤਾਲ ਰਾਜਪੁਰਾ  ਇਲਾਜ ਵਾਸਤੇ ਲਿਆਂਦਾ ਗਿਆ ਜਿਥੇ ਡਾਕਟਰਾਂ ਨੇ ਚੈੱਕਅਪ ੳਪਰੰਤ ਉਸ ਨੂੰ ਮ੍ਰਿਤਕ ਐਲਾਨ ਦਿੱਤਾ।ਇਸ ਮੌਕੇ ਭਾਰਤੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਕੌਮੀ ਪ੍ਰਧਾਨ ਮਨਜੀਤ ਸਿੰਘ ਘੁਮਾਣਾ ਸਮੇਤ ਹੋਰਨਾ ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਕਿਸਾਨ ਦੀ ਮੌਤ ਧੱਕਾ-ਮੁੱਕੀ ਕਾਰਨ ਹੋਈ ਹੈ। ਉਨ੍ਹਾਂ ਕਿਹਾ ਕਿ ਉਸ ਦੀ ਮੌਤ ਦਾ ਜਲਦ ਬਦਲਾ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨ ਜਿੱਥੇ ਆਪਣੀ ਹੱਕੀ ਮੰਗਾਂ ਦੇ ਲਈ ਉਮੀਦਵਾਰਾਂ ਦਾ ਵਿਰੋਧ ਕਰ ਰਹੇ ਹਨ, ਉੱਥੇ ਹੀ ਕਈ ਥਾਵਾਂ 'ਤੇ ਵਿਰੋਧ ਕਰ ਰਹੇ ਕਿਸਾਨਾਂ ਦੇ ਨਾਲ ਹੱਥੋਪਾਈ ਤੇ ਧੱਕਾ-ਮੁੱਕੀ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਇਸ ਸਬੰਧੀ ਮੌਕੇ ਦੀ ਵੀਡੀਓ ਸਾਂਝੀ ਕਰਦਿਆਂ ਪਰਨੀਤ ਕੌਰ ਨੇ ਕਿਹਾ ਕਿ ਕਿਸਾਨ ਨੂੰ ਕਿਸੇ ਨੇ ਧੱਕਾ ਨਹੀਂ ਮਾਰਿਆ ਸਗੋਂ ਉਹ ਆਪਣੇ-ਆਪ ਡਿੱਗਿਆ ਹੈ।

Have something to say? Post your comment