Sunday, September 14, 2025

Malwa

ਚੋਣਾਂ ਦੌਰਾਨ ਉਮੀਦਵਾਰਾਂ ਵੱਲੋਂ ਕੀਤੇ ਜਾਣ ਵਾਲੇ ਚੋਣ ਖਰਚਿਆਂ ਤੇ ਤਿੱਖੀ ਨਜ਼ਰ ਰੱਖੀ ਜਾਵੇ : ਖਰਚਾ ਨਿਗਰਾਨ

May 08, 2024 04:00 PM
SehajTimes

ਫ਼ਤਹਿਗੜ੍ਹ ਸਾਹਿਬ :  ਅਗਾਮੀ ਲੋਕ ਸਭਾ ਚੋਣਾਂ ਲਈ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਹਲਕਾ 08-ਫ਼ਤਹਿਗੜ੍ਹ ਸਾਹਿਬ (ਅ:ਜ:) ਲਈ ਨਿਯੁਕਤ ਕੀਤੇ ਗਏ ਖਰਚਾ ਨਿਗਰਾਨ ਸ਼੍ਰੀ ਆਨੰਦ ਕੁਮਾਰ ਆਈ.ਆਰ.ਐਸ. (ਸੀ. ਐਂਡ ਸੀ.ਈ.) ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲੋਕ ਸਭਾ ਹਲਕੇ ਅਧੀਨ ਪੈਂਦੇ 09 ਵਿਧਾਨ ਸਭਾ ਹਲਕਿਆਂ ਦੇ ਸਹਾਇਕ ਰਿਟਰਨਿੰਗ ਅਫਸਰਾਂ ਤੇ ਸਹਾਇਕ ਖਰਚਾ ਅਬਜ਼ਰਬਰਾਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਅਤੇ ਚੋਣਾਂ ਦੌਰਾਨ ਉਮੀਦਵਾਰ ਵੱਲੋਂ ਕੀਤੇ ਜਾਣ ਵਾਲੇ ਚੋਣ ਖਰਚਿਆਂ ਬਾਰੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਖਰਚਾ ਨਿਗਰਾਨ ਸ਼੍ਰੀ ਆਨੰਦ ਕੁਮਾਰ ਨੇ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਪਾਰਦਰਸ਼ੀ ਤੇ ਨਿਰਪੱਖ ਢੰਗ ਨਾਲ ਮੁਕੰਮਲ ਕਰਵਾਉਣ ਲਈ ਸਮੇਂ-ਸਮੇਂ ਤੇ ਜਾਰੀ ਕੀਤੀਆਂ ਹਦਾਇਤਾਂ ਦੀ ਇੰਨ-ਬਿੰਨ ਰੂਪ ਵਿੱਚ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ ਲਈ ਨਿਰਧਾਰਤ ਕੀਤੇ ਗਏ ਖਰਚੇ ਸਬੰਧੀ ਪੂਰੀ ਚੌਕਸੀ ਵਰਤੀ ਜਾਵੇ ਅਤੇ ਉਮੀਦਵਾਰ ਵੱਲੋਂ ਕੀਤੇ ਜਾਣ ਵਾਲੇ ਚੋਣ ਖਰਚਿਆਂ ਤੇ ਤਿੱਖੀ ਨਜ਼ਰ ਰੱਖੀ ਜਾਵੇ ਅਤੇ ਉਮੀਦਵਾਰਾਂ ਵੱਲੋਂ ਕੀਤੀਆਂ ਜਾਣ ਵਾਲੀਆਂ ਚੋਣ ਰੈਲੀਆਂ ਤੇ ਹੋਰ ਜਨਤਕ ਸਮਾਗਮਾਂ ਦੀ ਮੁਕੰਮਲ ਵੀਡੀਓਗ੍ਰਾਫੀ ਕਰਵਾਈ ਜਾਵੇ ਤਾਂ ਜੋ ਕੀਤੇ ਜਾਣ ਵਾਲੇ ਖਰਚੇ ਦਾ ਪੂਰਾ ਰਿਕਾਰਡ ਰੱਖਿਆ ਜਾ ਸਕੇ। ਖਰਚਾ ਨਿਗਰਾਨ ਨੇ ਸਮੂਹ ਚੋਣ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਚੋਣਾਂ ਦੌਰਾਨ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦਾ 30 ਮਿੰਟ ਵਿੱਚ ਨਿਪਟਾਰਾ ਕਰਨ ਨੂੰ ਯਕੀਨੀ ਬਣਾਇਆ ਜਾਵੇ ਤਾਂ ਜ਼ੋ ਲੋਕ ਸਭਾ ਚੋਣਾਂ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜੀਆਂ ਜਾ ਸਕਣ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਰੋਜ਼ਾਨਾਂ ਭੇਜੀਆਂ ਜਾਣ ਵਾਲੀਆਂ ਰਿਪੋਰਟਾਂ ਸਮੇਂ ਸਿਰ ਭੇਜਣੀਆਂ ਯਕੀਨੀ ਬਣਾਈਆਂ ਜਾਣ ਤਾਂ ਜੋ ਉਨ੍ਹਾਂ ਰਿਪੋਰਟਾਂ ਤੇ ਅਗਲੇਰੀ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕੋਈ ਨਾਗਰਿਕ ਚੋਣਾਂ ਸਬੰਧੀ ਕਿਸੇ ਕਿਸਮ ਦੀ ਕੋਈ ਸ਼ਿਕਾਇਤ ਕਰਦਾ ਹੈ ਤਾਂ ਉਸ ਦਾ ਢੁਕਵਾਂ ਸਬੂਤ ਵੀ ਹਾਸਲ ਕੀਤਾ ਜਾਵੇ। ਸ਼੍ਰੀ ਆਨੰਦ ਕੁਮਾਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਚੋਣ ਖਰਚੇ ਤੇ ਨਜ਼ਰ ਰੱਖਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਗਠਿਤ ਕੀਤੀਆਂ ਗਈਆਂ ਨਿਗਰਾਨ ਕਮੇਟੀਆਂ ਤੇ ਓੜਨ ਦਸਤਿਆਂ ਨੂੰ ਮੁਕੰਮਲ ਸਾਜੋ ਸਮਾਨ ਨਾਲ ਹਰ ਸਮੇਂ ਲੈੱਸ ਰੱਖਿਆ ਜਾਵੇ ਤਾਂ ਜੋ ਲੋੜ ਪੈਣ ਤੇ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ। ਉਨ੍ਹਾਂ ਇਹ ਵੀ ਕਿਹਾ ਕਿ ਚੋਣ ਲੜਨ ਵਾਲੇ ਉਮੀਦਵਾਰਾਂ ਨੂੰ ਚੋਣ ਜਲਸਿਆਂ, ਰੈਲੀਆਂ ਤੇ ਨੁਕੜ ਮੀਟਿੰਗਾਂ ਆਦਿ ਦੀ ਵੀਡੀਓਗ੍ਰਾਫੀ ਕਰਵਾਉਣ ਬਾਰੇ ਵੀ ਜਾਗਰੂਕ ਕੀਤਾ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਲੋਕ ਸਭਾ ਚੋਣਾਂ ਦਾ ਅਵਸਰ ਇੱਕ ਤਿਓਹਾਰ ਵਾਂਗ ਹੈ ਅਤੇ ਸਾਨੂੰ ਸਾਰਿਆਂ ਨੂੰ ਆਪਸ ਵਿੱਚ ਰਲ ਮਿਲ ਕੇ ਇਸ ਨੂੰ ਮੁਕੰਮਲ ਕਰਨਾ ਚਾਹੀਦਾ ਹੈ। ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀਮਤੀ ਇਸ਼ਾ ਸਿੰਗਲ, ਸਹਾਇਕ ਰਿਟਰਨਿੰਗ ਅਫਸਰ-ਕਮ-ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਸ਼੍ਰੀਮਤੀ ਇਸ਼ਮਿਤ ਵਿਜੈ ਸਿੰਘ, ਸਹਾਇਕ ਰਿਟਰਨਿੰਗ ਅਫਸਰ-ਕਮ-ਐਸ.ਡੀ.ਐਮ. ਅਮਲੋਹ ਸ਼੍ਰੀ ਕਰਨਦੀਪ ਸਿੰਘ, ਸਹਾਇਕ ਰਿਟਰਨਿੰਗ ਅਫਸਰ-ਕਮ-ਐਸ.ਡੀ.ਐਮ. ਬਸੀ ਪਠਾਣਾ ਸ਼੍ਰੀ ਸੰਜੀਵ ਕੁਮਾਰ, ਸਹਾਇਕ ਰਿਟਰਨਿੰਗ ਅਫਸਰ-ਕਮ-ਐਸ.ਡੀ.ਐਮ. ਪਾਇਲ ਸ਼੍ਰੀ ਚਰਨਜੀਤ ਸਿੰਘ, ਚੋਣ ਤਹਿਸੀਲਦਾਰ ਸ਼੍ਰੀਮਤੀ ਨਿਰਮਲਾ ਰਾਣੀ ਤੋਂ ਇਲਾਵਾ ਹੋਰ ਸਬੰਧਤ ਅਧਿਕਾਰੀ ਵੀ ਮੌਜੂਦ ਸਨ।

          

Have something to say? Post your comment