Friday, September 19, 2025

Sports

ਵਿਧਾਇਕ ਰਾਏ ਵੱਲੋਂ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ

September 02, 2024 02:38 PM
SehajTimes

ਫ਼ਤਹਿਗੜ੍ਹ ਸਾਹਿਬ : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਵਿੱਚ ਖੇਡਾਂ ਪ੍ਰਤੀ ਘੱਟ ਰਹੇ ਰੁਝਾਨ ਨੂੰ ਮੁੜ ਸੁਰਜੀਤ ਕਰਨ ਤੇ ਖੇਡ ਮੈਦਾਨਾਂ ਵਿੱਚ ਨੌਜਵਾਨਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਦੇ ਮੰਤਵ ਨਾਲ ਸ਼ੁਰੂ ਕਰਵਾਈਆਂ ਖੇਡਾਂ ਵਤਨ ਪੰਜਾਬ ਦੀਆਂ, ਨਾਲ ਸੂਬੇ ਦੇ ਖਿਡਾਰੀਆਂ ਨੂੰ ਆਪਣੀ ਖੇਡ ਪ੍ਰਤਿਭਾ ਨਿਖਾਰਨ ਦੇ ਬਿਹਤਰ ਮੌਕੇ ਪ੍ਰਦਾਨ ਹੋਏ ਹਨ। ਇਹੋ ਕਾਰਨ ਹੈ ਕਿ ਅੱਜ ਸਾਡੇ ਖਿਡਾਰੀ ਦੇਸ਼ ਵਿਦੇਸ਼ ਵਿੱਚ ਹੋ ਰਹੇ ਖੇਡ ਮੁਕਾਬਲਿਆਂ ਵਿੱਚ ਵੱਡੀਆਂ ਮੱਲਾਂ ਮਾਰ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਖੇਡਾਂ ਵਤਨ ਪੰਜਾਬ ਦੀਆਂ ਦੇ ਤੀਜੇ ਸੀਜ਼ਨ ਸਬੰਧੀ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਪ੍ਰਤੀ ਨੌਜਵਾਨਾਂ ਵਿੱਚ ਪਾਏ ਗਏ ਉਤਸ਼ਾਹ ਕਾਰਨ ਇਨ੍ਹਾਂ ਖੇਡਾਂ ਦਾ ਤੀਜਾ ਸੀਜ਼ਨ ਕਰਵਾਇਆ ਜਾ ਰਿਹਾ ਹੈ। ਇਸ ਲਈ ਸਾਡੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਖੇਡਾਂ ਨਾਲ ਜੁੜ ਕੇ ਆਪਣਾ ਅਤੇ ਆਪਣੇ ਸੂਬੇ ਦਾ ਨਾਮ ਖੇਡਾਂ ਦੇ ਖੇਤਰ ਵਿੱਚ ਰੌਸ਼ਨ ਕਰਨਾ ਚਾਹੀਦਾ ਹੈ।

ਵਿਧਾਇਕ ਨੇ ਕਿਹਾ ਕਿ ਖੇਡਾਂ ਅਜੌਕੇ ਸਮੇਂ ਅੰਦਰ ਬਹੁਤ ਜ਼ਰੂਰੀ ਬਣ ਗਈਆਂ ਹਨ ਅਤੇ ਸਮਾਜ ਅੰਦਰ ਫੈਲੇ ਨਸ਼ਿਆਂ ਦੇ ਰੁਝਾਨ ਦੇ ਖਾਤਮੇ ਵਿੱਚ ਖੇਡਾਂ ਹੀ ਇੱਕ ਅਜਿਹਾ ਸਾਧਨ ਹਨ ਜਿਨ੍ਹਾਂ ਨਾਲ ਜੁੜ ਕੇ ਸਾਡੇ ਨੌਜਵਾਨ ਸਮਾਜਿਕ ਲਾਹਣਤਾਂ ਦਾ ਖਾਤਮਾ ਕਰਕੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਖੇਡਾਂ ਵਤਨ ਪੰਜਾਬ ਦੀਆਂ ਦੇ ਤੀਜੇ ਸੀਜ਼ਨ ਅਧੀਨ ਬਲਾਕ ਪੱਧਰੀ ਖੇਡਾਂ ਦਾ ਆਗਾਜ਼ ਹੋ ਚੁੱਕਾ ਹੈ। ਇਸ ਲਈ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਇਨ੍ਹਾਂ ਖੇਡਾਂ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਭਾਗ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮਾਪਿਆਂ ਨੂੰ ਵੀ ਚਾਹੀਦਾ ਹੈ ਕਿ ਆਪਣੇ ਬੱਚਿਆਂ ਨੂੰ ਛੋਟੀ ਉਮਰ ਵਿੱਚ ਹੀ ਖੇਡਾਂ ਨਾਲ ਜੋੜਨ ਤਾਂ ਜੋ ਸਾਡੇ ਬੱਚੇ ਗਲਤ ਸੰਗਤ ਵਿੱਚ ਨਾ ਪੈ ਸਕਣ।

Have something to say? Post your comment