ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੀ ਉਪ ਨੇਤਾ ਬੀਬੀ ਸਰਬਜੀਤ ਕੌਰ ਮਾਣੂੰਕੇ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇ ਰਾਜ ਵਿੱਚ ਕਾਨੂੰਨ ਵਿਵਸਥਾ ਦਾ ਬੁਰਾ ਹਾਲ ਹੋ ਗਿਆ ਹੈ। ਹਰ ਦਿਨ ਹੋ ਰਹੀਆਂ ਘਿਨਾਉਣੀਆਂ ਵਾਰਦਾਤਾਂ ਕਾਰਨ ਕੈਪਟਨ ਸਰਕਾਰ ਨੇ ਆਪਣਾ ਵਿਸ਼ਵਾਸ਼ ਗੁਆ ਲਿਆ ਹੈ ਅਤੇ ਲੋਕਾਂ ਨੂੰ ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਕੋਈ ਭਰੋਸਾ ਨਹੀਂ ਰਿਹਾ। ਬੀਬੀ ਸਰਬਜੀਤ ਕੌਰ ਮਾਣੂੰਕੇ ਨੇ ਜਾਰੀ ਇੱਕ ਬਿਆਨ ਰਾਹੀਂ ਕਿਹਾ ਕਿ ਇੱਕ ਪਾਸੇ ਕੋਰੋਨਾ ਮਹਾਮਾਰੀ ਨੇ ਪੰਜਾਬ ਦੇ ਹਾਲਤ ਮਾੜੇ ਕਰਕੇ ਰੱਖ ਦਿੱਤੇ ਹਨ ਅਤੇ ਦੂਜੇ ਪਾਸੇ ਕਾਨੂੰਨ ਵਿਵਸਥਾ ਵੀ ਵਿਗੜਦੀ ਜਾਂਦੀ ਹੈ। ਹਰ ਪਾਸੇ ਮਾਫੀਆ ਦਾ ਰਾਜ ਚੱਲ ਰਿਹਾ ਹੈ। ਲੁਧਿਆਣਾ ਜ਼ਿਲੇ ਦੇ ਜਗਰਾਉਂ ਵਿੱਚ ਪੁਲੀਸ ਮੁਲਾਜ਼ਮਾਂ 'ਤੇ ਸਮਾਜ ਵਿਰੋਧੀ ਤੱਤਾਂ ਵੱਲੋਂ ਕਾਤਲਾਨਾ ਹਮਲਾ ਕੀਤਾ ਗਿਆ, ਜਿਸ ਵਿੱਚ ਪੰਜਾਬ ਪੁਲੀਸ ਦੇ ਦੋ ਏ.ਐਸ.ਆਈ ਮਾਰੇ ਹਨ। ਇਸ ਹਮਲੇ ਤੋਂ ਸਿੱਧ ਹੁੰਦਾ ਹੈ ਕਿ ਕੈਪਟਨ ਸਰਕਾਰ ਹਰ ਫਰੰਟ 'ਤੇ ਫ਼ੇਲ ਸਾਬਤ ਹੋ ਰਹੀ ਹੈ। ਇਸ ਹਮਲੇ ਵਿੱਚ ਸ਼ਹੀਦ ਹੋਏ ਪੁਲੀਸ ਕਰਮੀ ਏ.ਐਸ.ਆਈ ਭਗਵਾਨ ਸਿੰਘ ਅਤੇ ਏ.ਐਸ.ਆਈ ਦਲਵਿੰਦਰਜੀਤ ਸਿੰਘ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਬੀਬੀ ਸਰਬਜੀਤ ਕੌਰ ਮਾਣੂੰਕੇ ਨੇ ਕਿਹਾ ਪੰਜਾਬ ਵਿੱਚ ਮਾਫੀਆ ਰਾਜ ਨੇ ਪੈਰ ਪਸਾਰੇ ਹੋਏ ਹਨ। ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕੀਤੀ ਕਿ ਸ਼ਹੀਦ ਹੋਏ ਪੁਲੀਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਇੱਕ ਇੱਕ ਕਰੋੜ ਦੀ ਆਰਥਿਕ ਸਹਾਇਤਾ ਅਤੇ ਇੱਕ ਇੱਕ ਪਰਿਵਾਰ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ।
ਆਮ ਆਦਮੀ ਪਾਰਟੀ ਦੇ ਆਗੂ ਬੀਬੀ ਸਰਬਜੀਤ ਕੌਰ ਮਾਣੂੰਕੇ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਸਰਕਾਰ ਨੇ ਪੰਜਾਬ ਵਿੱਚ ਮਾਫੀਆ ਰਾਜ ਦੀ ਪੁਸਤ ਪਨਾਹੀ ਕੀਤੀ ਹੈ ਅਤੇ ਅੱਜ ਸਮਾਜ ਵਿਰੋਧੀ ਤੱਤਾਂ ਦੇ ਹੌਸਲੇ ਐਨੇ ਬੁਲੰਦ ਹੋ ਚੁੱਕੇ ਹਨ ਕਿ ਪੁਲੀਸ ਕਰਮੀਆਂ ਨੂੰ ਹੀ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਮੰਤਰੀ ਕੋਰੋਨਾ ਮਹਾਮਾਰੀ ਨਾਲ ਨਜਿੱਠਣ ਅਤੇ ਸੂਬੇ 'ਚ ਕਾਨੂੰਨ ਵਿਵਸਥਾ ਸੰਭਾਲਣ ਵਿੱਚ ਫੇਲ ਹੋਏ ਹਨ। ਅਜਿਹੀ ਸਰਕਾਰ ਨੂੰ ਸੂਬੇ ਦੀ ਸੱਤਾ ਵਿੱਚ ਬਣੇ ਰਹਿਣ ਦਾ ਕੋਈ ਹੱਕ ਨਹੀਂ ਹੈ। ਸੂਬੇ ਦੇ ਗ੍ਰਹਿ ਮੰਤਰੀ ਅਤੇ ਮੁੱਖ ਮੰਤਰੀ ਦੇ ਅਹੁੱਦੇ 'ਤੇ ਬੈਠੇ ਕੈਪਟਨ ਅਮਰਿੰਦਰ ਸਿੰਘ ਨੂੰ ਤੁਰੰਤ ਅਸਤੀਫ਼ਾ ਦੇਣਾ ਚਾਹੀਦਾ ਹੈ।