Sunday, November 02, 2025

Chandigarh

ਪੰਜਾਬ ਦੇ ਜਲ ਪ੍ਰਬੰਧਨ ਵਿੱਚ ਕ੍ਰਾਂਤੀਕਾਰੀ ਬਦਲਾਅ: ਜ਼ਮੀਨਦੋਜ਼ ਪਾਈਪਲਾਈਨ ਆਧਾਰਤ ਸਿੰਜਾਈ ਨੈੱਟਵਰਕ ਦੇ ਵਿਸਥਾਰ ਲਈ 277 ਕਰੋੜ ਰੁਪਏ ਦੇ ਪ੍ਰਾਜੈਕਟ ਸ਼ੁਰੂ

December 25, 2024 06:51 PM
SehajTimes

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਵਿੱਢੇ ਜਲ ਸੰਭਾਲ ਦੇ ਯਤਨਾਂ ਤਹਿਤ ਭੂਮੀ ਤੇ ਜਲ ਸੰਭਾਲ ਵਿਭਾਗ ਨੇ ਸਾਲ 2024 ਦੌਰਾਨ ਟਿਕਾਊ ਜਲ ਪ੍ਰਬੰਧਨ ਅਤੇ ਖੇਤੀਬਾੜੀ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਸ਼ਾਨਦਾਰ ਮੀਲ ਪੱਥਰ ਸਥਾਪਤ ਕੀਤੇ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਸੂਬੇ ਵਿੱਚ ਜਲ ਸੰਭਾਲ ਦੇ ਕਈ ਪ੍ਰਭਾਵੀ ਪ੍ਰਾਜੈਕਟ ਲਾਗੂ ਕੀਤੇ ਹਨ, ਜੋ ਧਰਤੀ ਹੇਠਲੇ ਪਾਣੀ ਨੂੰ ਬਚਾਉਂਦਿਆਂ ਅਤੇ ਵਾਤਾਵਰਣ ਸਥਿਰਤਾ ਨੂੰ ਯਕੀਨੀ ਬਣਾਉਂਦਿਆਂ ਪੰਜਾਬ ਦੇ ਸਿੰਜਾਈ ਖੇਤਰ ਨੂੰ ਨਵੀਂ ਦਿਸ਼ਾ ਦੇ ਰਹੇ ਹਨ। ਸ੍ਰੀ ਗੋਇਲ ਨੇ ਕਿਹਾ ਕਿ ਸਥਾਈ ਜਲ ਪ੍ਰਬੰਧਨ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਤਹਿਤ ਪੁਖ਼ਤਾ ਯਤਨ ਕੀਤੇ ਜਾ ਰਹੇ ਹਨ, ਜਿਨ੍ਹਾਂ ਸਦਕਾ ਸਿੱਧੇ ਤੌਰ 'ਤੇ ਸਮੁੱਚੇ ਕਿਸਾਨ ਭਾਈਚਾਰੇ ਨੂੰ ਲਾਭ ਪਹੁੰਚ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਲ 2024 ਵਿੱਚ ਖੇਤੀ ਉਤਪਾਦਕਤਾ ਨੂੰ ਵਧਾਉਣ ਦੇ ਨਾਲ-ਨਾਲ ਪਾਣੀ ਦੀ ਢੁਕਵੀਂ ਵਰਤੋਂ ਨੂੰ ਯਕੀਨੀ ਬਣਾਉਣਾ ਸਾਡੇ ਮਿਸ਼ਨ ਦਾ ਅਹਿਮ ਪਹਿਲੂ ਰਿਹਾ ਹੈ।

ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਸੂਬੇ ਵਿੱਚ ਜ਼ਮੀਨਦੋਜ਼ ਪਾਈਪਲਾਈਨ ਆਧਾਰਤ ਸਿੰਜਾਈ ਨੈੱਟਵਰਕ ਦਾ ਵਿਸਥਾਰ ਕਰਨ ਦੀ ਲੜੀ ਤਹਿਤ 277.57 ਕਰੋੜ ਰੁਪਏ ਦੀ ਲਾਗਤ ਵਾਲੇ ਦੋ ਨਵੇਂ ਨਾਬਾਰਡ ਫ਼ੰਡਿਡ ਪ੍ਰਾਜੈਕਟ ਸ਼ੁਰੂ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸਿੰਜਾਈ ਬੁਨਿਆਦੀ ਢਾਂਚੇ ਦੇ ਵਿਸਥਾਰ ਵਾਲੇ ਇਨ੍ਹਾਂ ਪ੍ਰਾਜੈਕਟਾਂ ਨਾਲ 40,000 ਹੈਕਟੇਅਰ ਤੋਂ ਵੱਧ ਰਕਬੇ ਨੂੰ ਸਿੰਜਾਈ ਸਹੂਲਤਾਂ ਮਿਲਣਗੀਆਂ। ਉਨ੍ਹਾਂ ਦੱਸਿਆ ਕਿ ਵਿਭਾਗ ਨੇ 18 ਜ਼ਮੀਨਦੋਜ਼ ਪਾਈਪਲਾਈਨ-ਆਧਾਰਤ ਸਿੰਜਾਈ ਪ੍ਰਾਜੈਕਟਾਂ ਦੀ ਸ਼ੁਰੂਆਤ ਰਾਹੀਂ ਸਤਹੀ ਪਾਣੀ ਦੇ ਬਦਲਵੇਂ ਸਰੋਤਾਂ ਨੂੰ ਉਤਸ਼ਾਹਿਤ ਕਰਨ ਵੱਲ ਵੀ ਅਹਿਮ ਕਦਮ ਚੁੱਕੇ ਹਨ। 50 ਕਰੋੜ ਰੁਪਏ ਤੋਂ ਵੱਧ ਦੇ ਨਿਵੇਸ਼ ਵਾਲੇ ਇਨ੍ਹਾਂ ਪ੍ਰਾਜੈਕਟਾਂ ਤਹਿਤ ਸੀਵਰੇਜ ਟ੍ਰੀਟਮੈਂਟ ਪਲਾਂਟਾਂ ਤੋਂ 67 ਐਮ.ਐਲ.ਡੀ. ਟ੍ਰੀਟਿਡ ਪਾਣੀ ਦੀ ਵਰਤੋਂ ਕੀਤੀ ਜਾ ਰਹੀ ਹੈ ਜਿਸ ਨਾਲ 2,233 ਹੈਕਟੇਅਰ ਤੋਂ ਵੱਧ ਰਕਬੇ ਨੂੰ ਲਾਭ ਮਿਲ ਰਿਹਾ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸਿੰਜਾਈ ਵਾਸਤੇ ਟੇਲ-ਐਂਡ ਤੱਕ ਸੁਚੱਜੇ ਢੰਗ ਨਾਲ ਪਾਣੀ ਪਹੁੰਚਾਉਣਾ ਯਕੀਨੀ ਬਣਾਉਣ ਲਈ ਵਿਭਾਗ ਨੇ 860 ਕਿਲੋਮੀਟਰ ਜ਼ਮੀਨਦੋਜ਼ ਪਾਈਪਲਾਈਨ ਵਿਛਾਈ ਹੈ, ਜਿਸ ਨਾਲ 10,841 ਹੈਕਟੇਅਰ ਰਕਬੇ ਨੂੰ ਲਾਭ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਪਹਿਲਕਦਮੀ ਤਹਿਤ ਕਿਸਾਨ ਸਮੂਹਾਂ ਨੂੰ 90 ਫ਼ੀਸਦੀ ਸਬਸਿਡੀ ਅਤੇ ਵਿਅਕਤੀਗਤ ਕਿਸਾਨਾਂ ਨੂੰ 50 ਫ਼ੀਸਦੀ ਸਬਸਿਡੀ ਦਿੱਤੀ ਜਾ ਰਹੀ ਹੈ।

ਪਾਣੀ ਦੀ ਸੰਭਾਲ ਦੀ ਦਿਸ਼ਾ ਵਿੱਚ ਇੱਕ ਹੋਰ ਵੱਡਾ ਕਦਮ ਚੁੱਕਦਿਆਂ 90 ਫ਼ੀਸਦੀ ਸਬਸਿਡੀ ਨਾਲ ਲਗਭਗ 1,874 ਹੈਕਟੇਅਰ ਖੇਤਰ ਨੂੰ ਤੁਪਕਾ ਅਤੇ ਫੁਹਾਰਾ ਸਿੰਜਾਈ ਪ੍ਰਣਾਲੀਆਂ ਅਧੀਨ ਲਿਆਂਦਾ ਗਿਆ ਹੈ। ਉਨ੍ਹਾਂ ਕਿਹਾ ਕਿ ਵਿਭਾਗ ਨੇ ਧਰਤੀ ਹੇਠਲੇ ਪਾਣੀ ਦੀ ਦੁਰਵਰਤੋਂ ਰੋਕਣ ਲਈ ਪੇਂਡੂ ਛੱਪੜਾਂ ਦੇ ਪਾਣੀ ਦੀ ਸਿੰਜਾਈ ਹਿੱਤ ਵਰਤੋਂ ਵਾਸਤੇ ਸੂਬੇ ਦੇ 27 ਪਿੰਡਾਂ ਵਿੱਚ ਸੋਲਰ-ਲਿਫ਼ਟ ਸਿੰਜਾਈ ਪ੍ਰਾਜੈਕਟ ਵੀ ਸ਼ੁਰੂ ਕੀਤੇ ਹਨ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਮੀਂਹ ਦੇ ਪਾਣੀ ਨੂੰ ਬਚਾਉਣ ਅਤੇ ਭੌਂ-ਖੋਰ ਅਤੇ ਹੜ੍ਹਾਂ ਦੀ ਰੋਕਥਾਮ ਲਈ ਸੂਬੇ ਦੇ ਨੀਮ ਪਹਾੜੀ ਕੰਢੀ ਖੇਤਰ ਵਿੱਚ 42 ਵਾਟਰ ਹਾਰਵੈਸਟਿੰਗ-ਕਮ-ਰੀਚਾਰਜਿੰਗ ਸਟਰੱਕਚਰਾਂ ਅਤੇ ਚੈਕ ਡੈਮਾਂ ਦੀ ਉਸਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਾਲ 2024 ਵਿੱਚ ਸੂਬੇ ਵਿੱਚ ਪਹਿਲੀ ਵਾਰ ਕਈ ਸਮਰਪਿਤ ਪ੍ਰੋਗਰਾਮਾਂ ਦੀ ਸ਼ੁਰੂਆਤ ਵੀ ਕੀਤੀ ਗਈ ਜਿਸ ਵਿੱਚ ਨਹਿਰਾਂ ਅਤੇ ਪਿੰਡਾਂ ਦੇ ਛੱਪੜਾਂ ਤੋਂ ਸਤਹੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ, ਚੈਕ ਡੈਮ ਦੀ ਉਸਾਰੀ, ਮਿੱਟੀ ਤੇ ਭੂਮੀ ਦੀ ਸੁਰੱਖਿਆ, ਹੜ੍ਹਾਂ ਤੋਂ ਬਚਾਅ ਅਤੇ ਛੱਤਾਂ 'ਤੇ ਮੀਂਹ ਦੇ ਪਾਣੀ ਦੀ ਰੀਚਾਰਜਿੰਗ 'ਤੇ ਧਿਆਨ ਕੇਂਦਰਿਤ ਕੀਤਾ ਜਾ ਰਿਹਾ ਹੈ, ਜਿਨ੍ਹਾਂ ਨਾਲ ਸੂਬੇ ਦੇ ਕਿਸਾਨ ਵੀਰਾਂ ਨੂੰ ਲਾਭ ਪਹੁੰਚੇਗਾ।

ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਸਰਕਾਰ ਦੀਆਂ ਇਹ ਪ੍ਰਾਪਤੀਆਂ ਜਲ ਸੰਭਾਲ ਅਤੇ ਟਿਕਾਊ ਖੇਤੀਬਾੜੀ ਲਈ ਸਾਡੀ ਦ੍ਰਿੜ੍ਹ ਵਚਨਬੱਧਤਾ ਦਾ ਮੁਜ਼ਾਹਰਾ ਕਰਦੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਇਹ ਪਹਿਲਕਦਮੀਆਂ ਨਾ ਸਿਰਫ਼ ਤੁਰੰਤ ਸਿੰਜਾਈ ਲੋੜਾਂ ਨੂੰ ਪੂਰਾ ਕਰਨਗੀਆਂ, ਸਗੋਂ ਪੰਜਾਬ ਦੇ ਕਿਸਾਨ ਭਾਈਚਾਰੇ ਲਈ ਲੰਮੇ ਸਮੇਂ ਵਾਸਤੇ ਪਾਣੀ ਦੀ ਸੁਰੱਖਿਆ ਨੂੰ ਵੀ ਯਕੀਨੀ ਬਣਾਉਣਗੀਆਂ।

Have something to say? Post your comment

 

More in Chandigarh

ਹਰਚੰਦ ਸਿੰਘ ਬਰਸਟ ਨੇ ਆਮ ਆਦਮੀ ਪਾਰਟੀ ਦੇ ਵਲੰਟਿਅਰਾਂ ਨੂੰ ਹਲਕਾ ਤਰਨਤਾਰਨ ਵਿਖੇ ਘਰ - ਘਰ ਜਾ ਕੇ ਪ੍ਰਚਾਰ ਕਰਨ ਲਈ ਕੀਤਾ ਪ੍ਰੇਰਿਤ

ਪੰਜਾਬ ਸਰਕਾਰ ਨੇ ਜਲ ਜੀਵ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ "ਰੋਹੂ" ਨੂੰ ਰਾਜ ਮੱਛੀ ਐਲਾਨਿਆ

'ਯੁੱਧ ਨਸ਼ਿਆਂ ਵਿਰੁੱਧ’ ਦੇ 244ਵੇਂ ਦਿਨ ਪੰਜਾਬ ਪੁਲਿਸ ਵੱਲੋਂ 3.3 ਕਿਲੋ ਹੈਰੋਇਨ ਅਤੇ 5 ਕਿਲੋ ਅਫੀਮ ਸਮੇਤ 77 ਨਸ਼ਾ ਤਸਕਰ ਕਾਬੂ

ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਵਧੀਕ ਡਾਇਰੈਕਟਰ ਹਰਜੀਤ ਗਰੇਵਾਲ ਅਤੇ ਡਿਪਟੀ ਡਾਇਰੈਕਟਰ ਹਰਦੀਪ ਸਿੰਘ ਨੂੰ ਸੇਵਾਮੁਕਤੀ ‘ਤੇ ਨਿੱਘੀ ਵਿਦਾਇਗੀ

ਐਸ.ਸੀ. ਕਮਿਸ਼ਨ ਜਨਵਰੀ 2026 ਤੋਂ ਵਰਚੂਅਲ ਕੋਰਟ ਕਰੇਗੀ ਸਥਾਪਤ: ਜਸਵੀਰ ਸਿੰਘ ਗੜ੍ਹੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 15 ਮੁਲਾਜ਼ਮ ਜਥੇਬੰਦੀਆਂ ਨਾਲ ਮੁਲਾਕਾਤ

ਪੰਜਾਬ ਸਰਕਾਰ ਜੰਗੀ ਯਾਦਗਾਰਾਂ ਦੀ ਸਾਂਭ-ਸੰਭਾਲ ਲਈ ਵਚਨਬੱਧ

ਮੁੱਖ ਮੰਤਰੀ ਫਲਾਇੰਗ ਸਕੁਐਡ ਦੀ ਲਿੰਕ ਸੜਕਾਂ ਦੇ ਨਵੀਨੀਕਰਨ ਉੱਤੇ ਤਿੱਖੀ ਨਜ਼ਰ: ਗੁਰਮੀਤ ਸਿੰਘ ਖੁੱਡੀਆਂ

ਆਂਗਣਵਾੜੀ ਕੇਂਦਰ ਦਾ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਸ਼੍ਰੀ ਵਿਜੇ ਦੱਤ ਨੇ ਕੀਤਾ ਅਚਾਨਕ ਨਿਰੀਖਣ

'ਯੁੱਧ ਨਸ਼ਿਆਂ ਵਿਰੁੱਧ’ ਦੇ 243ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.3 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਡਰੱਗ ਮਨੀ ਸਮੇਤ 76 ਨਸ਼ਾ ਤਸਕਰ ਕਾਬੂ