Wednesday, September 17, 2025

Malwa

ਗਣਤੰਤਰ ਦਿਵਸ ਦੀਆਂ ਤਿਆਰੀਆਂ ਦਾ ਡਿਪਟੀ ਕਮਿਸ਼ਨਰ ਵੱਲੋਂ ਜਾਇਜ਼ਾ

January 23, 2025 02:34 PM
SehajTimes

ਪਟਿਆਲਾ : ਡਿਪਟੀ ਕਮਿਸ਼ਨਰ ਪਟਿਆਲਾ ਡਾ. ਪ੍ਰੀਤੀ ਯਾਦਵ ਨੇ ਰਾਜਾ ਭਾਲਿੰਦਰ ਸਿੰਘ ਖੇਡ ਕੰਪਲੈਕਸ (ਪੋਲੋ ਗਰਾਊਂਡ) ਵਿਖੇ 26 ਜਨਵਰੀ ਨੂੰ ਦੇਸ਼ ਦੇ ਗਣਤੰਤਰ ਦਿਵਸ ਮੌਕੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਇਸ਼ਾ ਸਿੰਗਲ,  ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਨੁਪ੍ਰਿਤਾ ਜੌਹਲ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।
ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਇਸ ਕੌਮੀ ਦਿਹਾੜੇ ਮੌਕੇ ਪੰਜਾਬ ਦੇ ਜਲ ਸਰੋਤ, ਖਣਨ, ਭੂ-ਵਿਗਿਆਨ, ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਦੇਸ਼ ਦਾ ਕੌਮੀ ਝੰਡਾ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ ਅਤੇ ਉਨ੍ਹਾਂ ਵੱਲੋਂ ਜ਼ਿਲ੍ਹਾ ਨਿਵਾਸੀਆਂ ਦੇ ਨਾਮ ਸੰਦੇਸ਼ ਵੀ ਦਿੱਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਵੱਖ-ਵੱਖ ਕਾਰਜਾਂ ਲਈ ਗਠਿਤ ਕਮੇਟੀਆਂ ਵੱਲੋਂ ਕੀਤੇ ਜਾ ਰਹੇ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਆਦੇਸ਼ ਦਿੱਤੇ ਕਿ ਕੌਮੀ ਮਹੱਤਤਾ ਵਾਲੇ ਇਸ ਸਮਾਗਮ ਦੀਆਂ ਤਿਆਰੀਆਂ ਨੂੰ ਸਮਾਂ ਰਹਿੰਦੇ ਨੇਪਰੇ ਚੜ੍ਹਾਇਆ ਜਾਵੇ ਅਤੇ ਕੋਈ ਅਣਗਹਿਲੀ ਨਾ ਵਰਤੀ ਜਾਵੇ।
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਸੁਰੱਖਿਆ ਸਮੇਤ ਝਾਕੀਆਂ, ਸੱਭਿਆਚਾਰਕ ਪ੍ਰੋਗਰਾਮ ਅਤੇ ਪੁਲਿਸ, ਆਈ.ਟੀ.ਬੀ.ਪੀ., ਹੋਮ ਗਾਰਡਜ, ਐਨ.ਸੀ.ਸੀ., ਰੈਡ ਕਰਾਸ, ਸਕਾਊਟ ਗਾਈਡ ਦੀਆਂ ਟੁਕੜੀਆਂ ਵੱਲੋਂ ਕੀਤੀ ਜਾਣ ਵਾਲੀ ਪਰੇਡ ਦੀ ਰਿਹਰਸਲ ਬਾਰੇ ਵੀ ਜਾਣਕਾਰੀ ਹਾਸਲ ਕੀਤੀ।
ਡਾ. ਪ੍ਰੀਤੀ ਯਾਦਵ ਨੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਮਾਗਮ ਵਾਲੇ ਦਿਨ ਪੋਲੋ ਗਰਾਊਂਡ ਵਿਖੇ ਹਾਜ਼ਰ ਹੋਣ ਦੇ ਨਿਰਦੇਸ਼ ਦਿੱਤੇ ਅਤੇ ਨਾਲ ਹੀ ਜ਼ਿਲ੍ਹਾ ਨਿਵਾਸੀਆਂ ਨੂੰ ਗਣਤੰਤਰ ਦਿਵਸ ਦੇ ਇਸ ਸਮਾਗਮ 'ਚ ਵਧ ਚੜ੍ਹਕੇ ਸ਼ਮੂਲੀਅਤ ਕਰਨ ਦੀ ਅਪੀਲ ਵੀ ਕੀਤੀ।
ਮੀਟਿੰਗ ਦੌਰਾਨ ਪੀ.ਡੀ.ਏ ਦੇ ਏਸੀਏ ਜਸ਼ਨਪ੍ਰੀਤ ਕੌਰ, ਆਰ.ਟੀ.ਓ. ਨਮਨ ਮਾਰਕੰਨ, ਐਸ.ਡੀ.ਐਮ. ਗੁਰਦੇਵ ਸਿੰਘ ਧਮ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਦੀਪਜੋਤ ਕੌਰ, ਮੁੱਖ ਮੰਤਰੀ ਫ਼ੀਲਡ ਅਫ਼ਸਰ ਨਵਜੋਤ ਸ਼ਰਮਾ ਸਮੇਤ ਵੱਖ ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।

Have something to say? Post your comment