Wednesday, December 17, 2025

Malwa

ਭਾਸ਼ਾ ਵਿਭਾਗ ਵੱਲੋਂ ਦੁਕਾਨਦਾਰਾਂ ਨੂੰ ਦੁਕਾਨਾਂ ਦੇ ਮੁੱਖ ਬੋਰਡ ਪੰਜਾਬੀ ਭਾਸ਼ਾ/ਗੁਰਮੁਖੀ ਲਿਪੀ 'ਚ ਲਿਖੇ ਜਾਣ ਦੀ ਅਪੀਲ

January 28, 2025 04:59 PM
SehajTimes

ਫ਼ਤਹਿਗੜ੍ਹ ਸਾਹਿਬ : ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਤ ਕਰਨ ਅਤੇ ਪੂਰਾ ਮਾਣ ਸਨਮਾਨ ਦੇਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਸਰਕਾਰ ਦੇ ਇਨ੍ਹਾਂ ਉਪਰਾਲਿਆਂ ਤਹਿਤ ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ ਉਚੇਰੀ ਸਿੱਖਿਆ ਅਤੇ ਭਾਸ਼ਾ ਵਿਭਾਗ ਵੱਲੋਂ ਆਦੇਸ਼ ਜਾਰੀ ਕਰਕੇ ਪੰਜਾਬ ਰਾਜ ਦੀਆਂ ਗ਼ੈਰ-ਸਰਕਾਰੀ ਸੰਸਥਾਵਾਂ, ਪਬਲਿਕ ਅਤੇ ਪ੍ਰਾਈਵੇਟ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਆਦਿ ਦੇ ਨਾਮ ਅਤੇ ਸੜਕਾਂ ਦੇ ਨਾਮ, ਨਾਮ ਪੱਟੀਆਂ, ਮੀਲ ਪੱਥਰ, ਸਾਈਨ ਬੋਰਡ ਆਦਿ ਪੰਜਾਬੀ ਭਾਸ਼ਾ/ਗੁਰਮੁਖੀ ਲਿਪੀ ਵਿੱਚ ਲਿਖੇ ਜਾਣ ਦੇ ਹੁਕਮ ਜਾਰੀ ਕੀਤੇ ਗਏ ਸਨ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਭਾਸ਼ਾ ਅਫਸਰ ਸੰਦੀਪ ਸਿੰਘ ਨੇ ਦੱਸਿਆ ਕਿ ਜਾਰੀ ਕੀਤੇ ਗਏ ਹੁਕਮਾਂ ਵਿੱਚ ਇਹ ਵੀ ਸਪੱਸ਼ਟ ਕੀਤਾ ਗਿਆ ਸੀ ਕਿ ਅਜਿਹਾ ਕਰਦੇ ਸਮੇਂ ਸਭ ਤੋਂ ਉੱਪਰ ਪੰਜਾਬੀ ਭਾਸ਼ਾ/ ਗੁਰਮੁਖੀ ਲਿਪੀ ਵਿੱਚ ਲਿਖਿਆ ਜਾਵੇ ਅਤੇ ਜੇਕਰ ਕਿਸੇ ਹੋਰ ਭਾਸ਼ਾ ਵਿੱਚ ਲਿਖਣਾ ਹੋਵੇ ਤਾਂ ਹੇਠਾਂ ਦੂਸਰੀ ਭਾਸ਼ਾ ਵਿੱਚ ਲਿਖਿਆ ਜਾਵੇ।

     ਜ਼ਿਲ੍ਹਾ ਭਾਸ਼ਾ ਅਫਸਰ ਨੇ ਕਿਹਾ ਕਿ ਇਹਨਾਂ ਹਦਾਇਤਾਂ ਵਿੱਚ ਸਰਕਾਰੀ ਅਦਾਰਿਆਂ ਤੋਂ ਇਲਾਵਾ ਗ਼ੈਰ- ਸਰਕਾਰੀ, ਪ੍ਰਾਈਵੇਟ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਨੂੰ ਵੀ ਆਪੋ-ਆਪਣੇ ਸਾਈਨ ਬੋਰਡ ਪੰਜਾਬੀ ਭਾਸ਼ਾ ਵਿਚ ਲਿਖੇ ਜਾਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਕਿਰਤ ਵਿਭਾਗ ਵੱਲੋਂ ਅਧਿਸੂਚਨਾ ਮਿਤੀ 24 ਮਾਰਚ 2023 ਦੇ ਨਿਯਮ 23 ਅਨੁਸਾਰ ਸਾਰੇ ਅਦਾਰਿਆਂ ਦੇ ਨਾਮ ਬੋਰਡ ਪੰਜਾਬੀ ਗੁਰਮੁਖੀ ਲਿਪੀ ਵਿੱਚ ਲਿਖੇ ਹੋਣਗੇ ਅਤੇ ਜਿੱਥੇ ਹੋਰ ਭਾਸ਼ਾਵਾਂ ਦੀ ਵਰਤੋਂ ਵੀ ਕੀਤੀ ਗਈ ਹੈ, ਅਜਿਹੀਆਂ ਹੋਰ ਭਾਸ਼ਾਵਾਂ ਪੰਜਾਬੀ ਭਾਸ਼ਾ ਦੇ ਹੇਠਾਂ ਹੋਣਗੀਆਂ ਪੰਜਾਬੀ ਭਾਸ਼ਾ ਵਿੱਚ ਨਾਮ ਬੋਰਡ ਨੂੰ ਹੋਰ ਭਾਸ਼ਾਵਾਂ(ਜੇਕਰ ਹੋਣ) ਨਾਲੋਂ ਵਧੇਰੇ ਥਾਂ ਦੇ ਕੇ ਮੁੱਖ ਤੌਰ ‘ਤੇ ਲਿਖਿਆ ਜਾਵੇਗਾ। ਉਨ੍ਹਾਂ ਜ਼ਿਲ੍ਹੇ ਦੇ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਿਤ ਕਰਨ ਲਈ ਆਪਣੀ ਨੈਤਿਕ ਜ਼ਿੰਮੇਵਾਰੀ ਸਮਝਦੇ ਹੋਏ ਇਸ ਕਾਰਜ ਲਈ ਪੂਰਨ ਸਹਿਯੋਗ ਦਿੱਤਾ ਜਾਵੇ। ਕੋਈ ਵੀ ਸੂਚਨਾ ਅਤੇ ਮੁੱਖ ਬੋਰਡ ਲਿਖਣ ਸਮੇਂ ਪੰਜਾਬੀ ਸ਼ਬਦ-ਜੋੜਾਂ ਦਾ ਵੀ ਵਿਸ਼ੇਸ਼ ਧਿਆਨ ਰੱਖਿਆ ਜਾਵੇ।

Have something to say? Post your comment