ਛਾਜਲੀ ਵਿਖੇ ਸਕੂਲ ਆਫ਼ ਐਮੀਨੈਂਸ ਦਾ ਉਦਘਾਟਨ ਕਰਨ ਪੁੱਜੇ ਸਨ ਮੁੱਖ ਮੰਤਰੀ
ਸੁਨਾਮ : ਸੁਨਾਮ ਨੇੜਲੇ ਪਿੰਡ ਛਾਜਲੀ ਵਿਖੇ ਪਹੁੰਚੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸਵਾਲ ਪੁੱਛਣ ਜਾ ਰਹੇ ਕਿਸਾਨਾਂ ਅਤੇ ਪੁਲਿਸ ਵਿਚਕਾਰ ਜ਼ਬਰਦਸਤ ਤਕਰਾਰ ਹੋ ਗਈ। ਬਹਿਸ ਦੌਰਾਨ ਮਾਹੌਲ ਤਣਾਅਪੂਰਨ ਹੋ ਗਿਆ ਅਤੇ ਗੁੱਸੇ ਵਿੱਚ ਆਏ ਕਿਸਾਨ ਹੜਤਾਲ 'ਤੇ ਬੈਠ ਗਏ। ਇਸ ਦੌਰਾਨ ਕਿਸਾਨਾਂ ਨੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਸੀਐਮ ਮਾਨ ਛਾਜਲੀ ਵਿਖੇ ਸਕੂਲ ਆਫ਼ ਐਮੀਨੈਂਸ ਦਾ ਉਦਘਾਟਨ ਕਰਨ ਲਈ ਆਏ ਸਨ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਅਤੇ ਸਿੱਧੂਪੁਰ ਦੇ ਸੈਂਕੜੇ ਕਾਰਕੁੰਨ ਅਤੇ ਔਰਤਾਂ ਵੱਖ-ਵੱਖ ਪਿੰਡਾਂ ਤੋਂ ਛਾਜਲੀ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਵਾਲ ਪੁੱਛਣ ਲਈ ਪਹੁੰਚੀਆਂ ਪਰ ਪੁਲਿਸ ਨੇ ਉਨ੍ਹਾਂ ਨੂੰ ਸਮਾਗਮ ਵਾਲੀ ਥਾਂ ਤੋਂ ਲਗਭਗ ਇੱਕ ਕਿਲੋਮੀਟਰ ਪਹਿਲਾਂ ਰੋਕ ਲਿਆ ਅਤੇ ਅੱਗੇ ਵਧਣ ਦੀ ਇਜਾਜ਼ਤ ਨਹੀਂ ਦਿੱਤੀ। ਕਿਸਾਨ ਅਤੇ ਔਰਤਾਂ ਪੁਲਿਸ ਦੀ ਨਾਕਾਬੰਦੀ ਤੋਂ ਅੱਗੇ ਵਧਣ ਦੀ ਕੋਸ਼ਿਸ਼ ਕਰਨ ਲੱਗ ਪਏ। ਇਸ ਦੌਰਾਨ ਪੁਲਿਸ ਅਤੇ ਕਿਸਾਨਾਂ ਵਿਚਕਾਰ ਝਗੜਾ ਹੋ ਗਿਆ ਅਤੇ ਬਹਿਸ ਸ਼ੁਰੂ ਹੋ ਗਈ। ਪੁਲਿਸ ਨੇ ਕਿਸਾਨਾਂ ਨੂੰ ਪਿੱਛੇ ਧੱਕ ਦਿੱਤਾ ਅਤੇ ਗੁੱਸੇ ਵਿੱਚ ਆਏ ਕਿਸਾਨ ਉੱਥੇ ਹੀ ਸੜਕ 'ਤੇ ਧਰਨਾ ਦੇਣ ਲਈ ਬੈਠ ਗਏ। ਇਸ ਦੌਰਾਨ ਕਿਸਾਨ ਆਗੂਆਂ ਜਸਵਿੰਦਰ ਸਿੰਘ ਲੌਂਗੋਵਾਲ, ਜਸਵੀਰ ਸਿੰਘ ਮੈਦੇਵਾਸ, ਸੰਤ ਰਾਮ ਛਾਜਲੀ, ਰਾਜ ਸਿੰਘ ਥੇੜ੍ਹੀ ,ਕੇਵਲ ਸਿੰਘ ਜਵੰਧਾ, ਬਲਜੀਤ ਕੌਰ ਕਿਲਾ ਭਰੀਆਂ, ਰਾਮਫਲ ਸਿੰਘ ਆਦਿ ਨੇ ਕਿਹਾ ਕਿ ਉਹ ਮੁੱਖ ਮੰਤਰੀ ਤੋਂ ਪੁੱਛਣਾ ਚਾਹੁੰਦੇ ਹਨ ਕਿ ਕਿਸਾਨੀ ਮੰਗਾਂ ਦੀ ਪੂਰਤੀ ਲਈ ਚੱਲ ਰਹੇ ਮੋਰਚਿਆਂ ਨੂੰ ਜ਼ਬਰੀ ਕਿਉਂ ਖਤਮ ਕੀਤਾ ਗਿਆ ਅਤੇ ਉੱਥੋਂ ਸਾਮਾਨ ਕਿਉਂ ਲੁੱਟਿਆ ਗਿਆ। ਅੱਜ ਇਹ ਸਰਕਾਰ ਉਨ੍ਹਾਂ ਤੋਂ ਸਵਾਲ ਪੁੱਛਣ ਦਾ ਹੱਕ ਖੋਹ ਰਹੀ ਹੈ। ਜਦੋਂ ਕਿ ਇਹੀ ਪਾਰਟੀ ਅਤੇ ਮੁੱਖ ਮੰਤਰੀ ਕਹਿੰਦੇ ਸਨ ਕਿ ਜਦੋਂ ਕੋਈ ਆਗੂ ਜਾਂ ਮੰਤਰੀ ਪਿੰਡਾਂ ਵਿੱਚ ਆਉਂਦਾ ਹੈ, ਤਾਂ ਉਨ੍ਹਾਂ ਤੋਂ ਸਵਾਲ ਪੁੱਛੋ। ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰਾਂ ਕਿਸਾਨਾਂ ਦੀ ਆਵਾਜ਼ ਨੂੰ ਦਬਾਅ ਨਹੀਂ ਸਕਦੀਆਂ। ਸਰਕਾਰ ਨੂੰ ਆਪਣੇ ਤਾਨਾਸ਼ਾਹੀ ਰਵਈਏ ਦਾ ਜਵਾਬ ਦੇਣਾ ਪਵੇਗਾ। ਉਨ੍ਹਾਂ ਆਖਿਆ ਕਿ ਬਦਲਾਅ ਲਿਆਉਣ ਦਾ ਦਾਅਵਾ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਝੂਠ ਬੋਲਣ ਦੇ ਮਾਮਲੇ ਵਿੱਚ ਮਗਰਲੀਆਂ ਸਰਕਾਰਾਂ ਨੂੰ ਵੀ ਮਾਤ ਪਾ ਦਿੱਤਾ ਹੈ।