ਸੁਨਾਮ : "ਅਪ੍ਰੈਲ ਮਹੀਨੇ ਦੇ 20 ਦਿਨ ਲੰਘਣ ਤੋਂ ਬਾਅਦ ਵੀ ਬਲਾਕ ਸੁਨਾਮ ਦੇ ਸੈਂਕੜੇ ਸੈਕੰਡਰੀ ਅਤੇ ਪ੍ਰਾਇਮਰੀ ਸਕੂਲਾਂ ਦੇ ਅਧਿਆਪਕ ਹਾਲੇ ਤੱਕ ਮਾਰਚ ਮਹੀਨੇ ਦੀ ਤਨਖਾਹ ਨੂੰ ਤਰਸ ਰਹੇ ਹਨ। ਇਹੀ ਹਾਲਤ ਸਮੁੱਚੇ ਸੰਗਰੂਰ ਜ਼ਿਲ੍ਹੇ ਵਿੱਚ ਹੈ। ਅਜਿਹੇ ਵਿੱਚ ਅਧਿਆਪਕਾਂ ਨੂੰ ਆਪਣੇ ਲੋਨ ਦੀਆਂ ਕਿਸ਼ਤਾਂ ਭਰਨ ਅਤੇ ਹੋਰ ਜ਼ਰੂਰੀ ਘਰੇਲੂ ਖਰਚੇ ਚਲਾਉਣ ਲਈ ਗੰਭੀਰ ਵਿੱਤੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਉਹਨਾਂ ਵਿੱਚ ਪੰਜਾਬ ਸਰਕਾਰ ਪ੍ਰਤੀ ਵਿਆਪਕ ਰੋਸ ਹੈ। ਇਸ ਤੋਂ ਪਤਾ ਲੱਗਦਾ ਹੈ ਕਿ ਪੰਜਾਬ ਸਰਕਾਰ ਦੀ ਅਖੌਤੀ ਸਿੱਖਿਆ ਕ੍ਰਾਂਤੀ ਦੀ ਜ਼ਮੀਨੀ ਹਕੀਕਤ ਕੀ ਹੈ ਅਤੇ ਇਹ ਸਿਰਫ ਉਦਘਾਟਨੀ ਬੋਰਡ ਅਤੇ ਨੀਂਹ ਪੱਥਰਾਂ ਤੱਕ ਸੀਮਤ ਹੈ ਤੇ ਜ਼ਮੀਨੀ ਮੁਸ਼ਕਲਾਂ ਨੂੰ ਹੱਲ ਕਰਨ ਵੱਲ ਸੇਧਿਤ ਨਹੀਂ ਹੈ।" ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਬਲਾਕ ਸੁਨਾਮ -1 ਦੇ ਪ੍ਰਧਾਨ ਰਵਿੰਦਰ ਸਿੰਘ ਅਤੇ ਸਕੱਤਰ ਸੁਖਜਿੰਦਰ ਸਿੰਘ ਸੁਨਾਮ ਨੇ ਕਿਹਾ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਵੱਲੋਂ ਆਪਣੀ ਪਾਰਟੀ ਦੇ ਪ੍ਰਚਾਰ ਲਈ ਉਕਤ ਸਮਾਗਮਾਂ ਉੱਤੇ ਕਰਦਾਤਿਆਂ ਦਾ ਪੈਸਾ ਬੇਲੋੜੇ ਤਰੀਕੇ ਨਾਲ ਵਹਾਇਆ ਜਾ ਰਿਹਾ ਹੈ ਅਤੇ ਸਿੱਖਿਆ ਕ੍ਰਾਂਤੀ ਦੇ ਝੂਠੇ ਦਾਅਵੇ ਕੀਤੇ ਜਾ ਰਹੇ ਹਨ ਪ੍ਰੰਤੂ ਅਸਲੀਅਤ ਵਿੱਚ ਸਿੱਖਿਆ ਦੇ ਵਾਹਕ ਅਧਿਆਪਕ ਆਪਣੇ ਹੱਕੀ ਮਿਹਨਤਾਨੇ ਤੋਂ ਵੀ ਵਾਂਝੇ ਹਨ। ਜਥੇਬੰਦੀ ਦੇ ਮੀਤ ਪ੍ਰਧਾਨ ਗੁਰਮੇਲ ਬਖਸੀਵਾਲਾ ਵਿੱਤ ਸਕੱਤਰ ਹਰਵੇਲ ਸਿੰਘ ਅਤੇ ਪ੍ਰੈੱਸ ਸਕੱਤਰ ਤਾਰਾ ਸਿੰਘ ਨੇ ਕਿਹਾ ਕਿ ਜਾਣਕਾਰੀ ਮਿਲੀ ਹੈ ਕਿ ਅਧਿਆਪਕਾਂ ਦੀਆਂ ਤਨਖਾਹਾਂ ਜਾਰੀ ਕਰਨ 'ਤੇ ਸਰਕਾਰ ਨੇ ਜ਼ੁਬਾਨੀ ਰੋਕ ਲਗਾ ਰੱਖੀ ਹੈ ਜੋ ਕਿ ਬਹੁਤ ਮੰਦਭਾਗੀ ਗੱਲ ਹੈ। ਉਹਨਾਂ ਮੰਗ ਕੀਤੀ ਕਿ ਸਰਕਾਰ ਸਿੱਖਿਆ ਪ੍ਰਤੀ ਸਹੀ ਅਰਥਾਂ ਵਿੱਚ ਸੁਹਿਰਦ ਹੋਵੇ ਅਤੇ ਅਧਿਆਪਕਾਂ ਦੀ ਤਨਖਾਹ ਜਲਦ ਤੋਂ ਜਲਦ ਜਾਰੀ ਕੀਤੀ ਜਾਵੇ ਤਾਂ ਕਿ ਅਧਿਆਪਕਾਂ ਦੀਆਂ ਵਿੱਤੀ ਮੁਸ਼ਕਲਾਂ ਦੂਰ ਹੋਣ ਤੇ ਉਹ ਨਿਸਚਿੰਤ ਹੋ ਕੇ ਆਪਣੀ ਡਿਊਟੀ ਕਰ ਸਕਣ। ਆਗੂਆਂ ਨੇ ਕਿਹਾ ਕਿ ਜੇਕਰ ਜਲਦੀ ਹੀ ਅਧਿਆਪਕਾਂ ਨੂੰ ਤਨਖਾਹਾਂ ਦੀ ਅਦਾਇਗੀ ਨਹੀਂ ਹੁੰਦੀ ਤਾਂ ਜਥੇਬੰਦੀ ਸੰਘਰਸ਼ ਦਾ ਰਸਤਾ ਅਖ਼ਤਿਆਰ ਕਰੇਗੀ। ਇਸ ਲੜੀ ਵਿੱਚ 22 ਅਪ੍ਰੈਲ ਨੂੰ ਜ਼ਿਲ੍ਹਾ ਖਜਾਨਾ ਅਫ਼ਸਰ ਸੰਗਰੂਰ ਨੂੰ ਮਿਲਿਆ ਜਾਵੇਗਾ ਅਤੇ ਪੰਜਾਬ ਸਰਕਾਰ ਵਿਰੁੱਧ ਸੰਕੇਤਕ ਰੋਸ ਪ੍ਰਦਰਸ਼ਨ ਵੀ ਕੀਤਾ ਜਾਵੇਗਾ।