ਸੁਨਾਮ : ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੀਆਂ ਵੱਖ-ਵੱਖ ਸੰਸਥਾਵਾਂ ਨੂੰ ਵਿਕਾਸ ਕਾਰਜਾਂ ਲਈ 1 ਕਰੋੜ 26 ਲੱਖ ਰੁਪਏ ਦੇ ਚੈੱਕ ਤਕਸੀਮ ਕੀਤੇ। ਇਨ੍ਹਾਂ ਸੰਸਥਾਵਾਂ ਵਿੱਚ ਨਗਰ ਕੌਂਸਲਾਂ, ਪਿੰਡਾਂ ਦੀਆਂ ਪੰਚਾਇਤਾਂ, ਸਮਾਜਸੇਵੀ ਸੰਸਥਾਵਾਂ ਅਤੇ ਕਮੇਟੀਆਂ ਸ਼ਾਮਲ ਹਨ। ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਸਰਕਾਰ ਵੱਲੋਂ ਸੂਬੇ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣ ਲਈ ਹਰ ਲੋੜੀਂਦਾ ਕਦਮ ਚੁੱਕਿਆ ਜਾ ਰਿਹਾ ਹੈ। ਇਸੇ ਕਵਾਇਦ ਤਹਿਤ ਸੁਨਾਮ ਹਲਕੇ ਦੇ ਪਿੰਡਾਂ ਅਤੇ ਸ਼ਹਿਰਾਂ ਦੇ ਲੋਕਾਂ ਦੀ ਸਲਾਹ ਨਾਲ ਵਿਕਾਸ ਪ੍ਰੋਜੈਕਟ ਉਲੀਕੇ ਜਾ ਰਹੇ ਹਨ ਜਿਨ੍ਹਾਂ ਨੂੰ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹਾਉਣਾ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਸਰਕਾਰ ਵੱਲੋਂ ਵਿਕਾਸ ਲਈ ਫ਼ੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨਾ ਕੇਵਲ ਸੁਨਾਮ ਸ਼ਹਿਰ ਬਲਕਿ ਪੂਰੇ ਹਲਕਾ ਸੁਨਾਮ ਦੇ ਪਿੰਡਾਂ, ਕਸਬਿਆਂ ਅਤੇ ਹੋਰ ਸ਼ਹਿਰਾਂ ਵਿੱਚ ਵਿਕਾਸ ਕਾਰਜ ਤੇਜ਼ੀ ਨਾਲ ਚੱਲ ਰਹੇ ਹਨ। ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵਿਸ਼ੇਸ਼ ਧੰਨਵਾਦ ਕੀਤਾ ਜਿਨ੍ਹਾਂ ਵੱਲੋਂ ਹਲਕਾ ਸੁਨਾਮ ਨੂੰ ਵੱਡੀ ਗਿਣਤੀ ‘ਚ ਗ੍ਰਾਂਟਾਂ ਦਿੱਤੀਆਂ ਜਾ ਰਹੀਆਂ ਹਨ। ਇਸ ਮੌਕੇ ਸਰਪੰਚ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਮਨਿੰਦਰ ਸਿੰਘ ਲਖਮੀਰਵਾਲਾ, ਨਰੇਸ਼ ਸ਼ਰਮਾ, ਮਨੀ ਸਰਾਓ, ਚਮਕੌਰ ਸਿੰਘ ਹਾਂਡਾ, ਹਰਵਿੰਦਰ ਸਿੰਘ ਨਾਮਧਾਰੀ, ਦੇਵ ਸਿੰਘ, ਬਲਵਿੰਦਰ ਸਿੰਘ ਢਿੱਲੋਂ, ਸੁਰਜੀਤ ਸਰਪੰਚ, ਰਵੀ ਕਮਲ ਗੋਇਲ, ਕੁਲਵੀਰ ਸਿੰਘ ਭੰਗੂ, ਅਵਤਾਰ ਸਿੰਘ ਉੱਭਾਵਾਲ, ਲੱਖੀ, ਤਰਲੋਚਨ ਗੋਇਲ ਸਮੇਤ ਪਿੰਡਾਂ ਦੀਆਂ ਪੰਚਾਇਤਾਂ ਦੇ ਨੁਮਾਇੰਦੇ ਅਤੇ ਹੋਰ ਪਤਵੰਤੇ ਹਾਜ਼ਰ ਸਨ।