ਚੰਡੀਗੜ੍ਹ : ਕੈਬਨਿਟ ਮੰਤਰੀ ਸ.ਹਰਭਜਨ ਸਿੰਘ ਈ. ਟੀ. ਓ. ਨੇ ਅੱਜ ਹਲਕਾ ਜੰਡਿਆਲਾ ਗੁਰੂ ਵਿਖੇ ਵਿਕਾਸ ਕਾਰਜਾਂ ਨੂੰ ਹੋਰ ਗਤੀ ਦੇਣ ਲਈ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।
ਇਸ ਮੀਟਿੰਗ ਵਿੱਚ ਸ਼੍ਰੀ ਮੁਨੀਸ਼ ਕੁਮਾਰ ਆਈ.ਏ.ਐਸ., ਡਾਇਰੈਕਟਰ ਤਕਨੀਕੀ ਸਿੱਖਿਆ, ਸ਼੍ਰੀਮਤੀ ਹਤਿੰਦਰ ਕੌਰ, ਡਾਇਰੈਕਟਰ ਸਿਹਤ ਸੇਵਾਵਾਂ ਪੰਜਾਬ, ਸ਼੍ਰੀ ਵਿਪਨ ਬਾਂਸਲ, ਮੁੱਖ ਇੰਜੀਨੀਅਰ, ਲੋਕ ਨਿਰਮਾਣ ਵਿਭਾਗ ਅਤੇ ਹੋਰ ਸੀਨੀਅਰ ਅਧਿਕਾਰੀ ਸ਼ਾਮਲ ਸਨ।
ਮੀਟਿੰਗ ਦੌਰਾਨ ਸਰਦਾਰ ਹਰਭਜਨ ਸਿੰਘ ਈ. ਟੀ. ਓ. ਨੇ ਹਲਕਾ ਜੰਡਿਆਲਾ ਗੁਰੂ ਵਿਖੇ 8.63 ਕਰੋੜ ਰੁ: ਦੀ ਲਾਗਤ ਨਾਲ ਉਸਾਰੇ ਜਾ ਰਹੇ 30 ਬਿਸਤਰਿਆਂ ਵਾਲੇ ਹਸਪਤਾਲ, ਰੁ: 14.97 ਕਰੋੜ ਦੀ ਲਾਗਤ ਨਾਲ ਉਸਾਰੇ ਜਾ ਰਹੇ ਨਵੇਂ ਸਰਕਾਰੀ ਬਹੁ-ਤਕਨੀਕੀ ਕਾਲਜ ਅਤੇ ਰੁ: 3.58 ਕਰੋੜ ਦੀ ਲਾਗਤ ਨਾਲ ਉਸਾਰੇ ਜਾ ਰਹੇ ਸਬ-ਤਹਿਸੀਲ ਸਮੇਤ ਪਟਵਾਰਖਾਨੇ ਦੀ ਉਸਾਰੀ ਬਾਰੇ ਸਬੰਧਤ ਅਧਿਕਾਰੀਆਂ ਨਾਲ ਵਿਸਥਾਰਪੂਰਵਕ ਵਿਚਾਰ ਵਟਾਂਦਰਾ ਕੀਤਾ ਗਿਆ।
ਕੈਬਨਿਟ ਮੰਤਰੀ ਨੇ ਕਿਹਾ ਕਿ ਆਮ ਜਨਤਾ ਲਈ ਮਹੱਤਤਾ ਵਾਲੇ ਇਨ੍ਹਾਂ ਕੰਮਾਂ ਨੂੰ ਪਹਿਲ ਦੇ ਆਧਾਰ ਤੇ ਨੇਪਰੇ ਚਾੜਨ ਲਈ ਇਨ੍ਹਾਂ ਦੀ ਉਸਾਰੀ ਅਤੇ ਸੰਚਾਲਨ ਵਿੱਚ ਆ ਰਹੀਆਂ ਔਕੜਾਂ ਨੂੰ ਜਲਦੀ ਤੋਂ ਜਲਦੀ ਹੱਲ ਕਰਨ ਲਈ ਸਬੰਧਤ ਅਧਿਕਾਰੀ ਨੂੰ ਦਿਸ਼ਾ ਨਿਰਦੇਸ਼ ਦਿੱਤੇ ਗਏ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਲਕਾ ਜੰਡਿਆਲਾ ਗੁਰੂ ਨੂੰ ਪੂਰੀ ਤਰ੍ਹਾਂ ਵਿਕਸਿਤ ਕਰਨ ਲਈ ਵਚਨਬੱਧ ਹੈ ਅਤੇ ਇਸ ਦਿਸ਼ਾ ਵਿਚ ਲਗਾਤਾਰ ਕੰਮ ਕਰ ਰਹੀ ਹੈ।