ਹੁਸ਼ਿਆਰਪੁਰ : ਕਸ਼ਮੀਰ ਦੇ ਪ੍ਰਸਿੱਧ ਸੈਲਾਨੀ ਥਾਂ ਪਹਿਲਗਾਮ 'ਚ ਬੀਤੇ ਦਿਨੀਂ ਹੋਈ ਅੱਤਵਾਦੀ ਹਮਲੇ ਦੀ ਘਟਨਾ ਨੇ ਪੂਰੇ ਦੇਸ਼ ਨੂੰ ਝੰਝੋੜ ਕੇ ਰੱਖ ਦਿੱਤਾ ਹੈ। ਇਸ ਦਿਲ ਦਹਿਲਾ ਦੇਣ ਵਾਲੀ ਘਟਨਾ ਵਿੱਚ ਅੱਤਵਾਦੀਆਂ ਵੱਲੋਂ ਨਿਹੱਥੇ ਅਤੇ ਬੇਕਸੂਰ 2 ਦਰਜਨ ਤੋਂ ਜਿਆਦਾ ਸੈਲਾਨੀਆਂ ਦੀ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ਗਈ। ਇਹਨਾਂ ਗੱਲਾਂ ਦਾ ਪ੍ਰਗਟਾਵਾ ਹੈ ਬਾਲੀ ਹਸਪਤਾਲ ਦੇ ਐਮਡੀ ਅਤੇ ਉੱਘੇ ਸਮਾਜ ਸੇਵਕ ਬੁੱਧੀਜੀਵੀ ਸ਼ਖਸ਼ੀਅਤ ਡਾ. ਐਮ ਜਮੀਲ ਬਾਲੀ ਨੇ ਸਾਡੇ ਪੱਤਰਕਾਰ ਨਾਲ ਇੱਕ ਪ੍ਰੈਸ ਵਾਰਤਾ ਦੌਰਾਨ ਕੀਤਾ ਉਹਨਾਂ ਕਿਹਾ ਕਿ ਇਹ ਕਾਰਵਾਈ ਨਾ ਸਿਰਫ਼ ਅਮਨ ਪਸੰਦ ਭਾਰਤ ਉੱਤੇ ਹਮਲਾ ਹੈ ਬਲਕਿ ਇਨਸਾਨੀਅਤ ਉੱਤੇ ਵੀ ਇੱਕ ਕਾਲਾ ਧੱਬਾ ਹੈ। ਉਹਨਾਂ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਕਿਹਾ ਕਿ ਨਿਹੱਥੇ ਅਤੇ ਬੇਕਸੂਰ ਲੋਕਾਂ ਦੀ ਹੱਤਿਆ ਕਰਨ ਵਾਲਾ ਇਨਸਾਨ ਕਹਾਉਣ ਦੇ ਕਾਬਿਲ ਨਹੀਂ ਹੋ ਸਕਦਾ। ਉਹਨਾਂ ਸਰਕਾਰ ਤੋਂ ਮੰਗ ਕੀਤੀ ਕਿ ਹਮਲੇ ਵਿਚ ਸ਼ਾਮਲ ਸਾਰੇ ਮੁਲਜ਼ਮਾਂ ਦੀ ਪਛਾਣ ਕਰ ਕੇ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਕਾਬੂ ਕੀਤਾ ਜਾਵੇ ਅਤੇ ਕਿਉਂ ਕਹਿੰਦੇ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਵੇ। ਉਹਨਾਂ ਕਿਹਾ ਕਿ ਦੇਸ਼ ਦੀ ਸੁਰੱਖਿਆ ਪਹਿਲ ਦੇ ਅਧਾਰ ਤੇ ਹੋਣੀ ਚਾਹੀਦੀ ਹੈ ਅਤੇ ਕਸ਼ਮੀਰ 'ਚ ਸੈਲਾਨੀਆਂ ਦੀ ਸੁਰੱਖਿਆ ਲਈ ਹੋਰ ਠੋਸ ਅਤੇ ਪ੍ਰਭਾਵਸ਼ਾਲੀ ਇੰਤਜ਼ਾਮ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਪੀੜਤ ਪਰਿਵਾਰਾਂ ਨਾਲ ਹਮਦਰਦੀ ਜਤਾਉਂਦਿਆਂ ਕਿਹਾ ਕਿ ਇਹ ਬਹੁਤ ਹੀ ਦੁੱਖ ਦੀ ਘੜੀ ਹੈ ਅਤੇ ਇਸ ਦੁੱਖ ਦੀ ਘੜੀ ਵਿੱਚ ਪੂਰਾ ਦੇਸ਼ ਇੱਕਜੁਟ ਹੈ ਤੇ ਇੱਕ ਜੁੱਟ ਹੋ ਕੇ ਹੀ ਰਹਿਣਾ ਚਾਹੀਦਾ ਹੈ। ਉਹਨਾਂ ਕਿਹਾ ਪਹਿਲਗਾਮ ਵਿਖੇ ਹੋਏ ਅੱਤਵਾਦੀ ਹਮਲੇ ਦੌਰਾਨ 2 ਦਰਜਨ ਤੋਂ ਜਿਆਦਾ ਸੈਲਾਨੀਆਂ ਦੀ ਹੋਈ ਮੌਤ ਨੇ ਭਾਰਤ ਦੇ ਹਰ ਵਾਸੀ ਦੀ ਅੱਖ ਨਮ ਕੀਤੀ ਹੋਈ। ਭਾਰਤ ਦੇ ਲੋਕਾਂ ਵਿਚ ਇਸ ਘਟਨਾ ਨੂੰ ਲੈ ਕੇ ਕਾਫ਼ੀ ਗੁੱਸਾ ਪਾਇਆ ਜਾ ਰਿਹਾ ਹੈ ਜੋ ਕਿ ਅੱਤਵਾਦੀਆਂ ਨੂੰ ਫਾਂਸੀ ਦੇਣ ਦੀ ਮੰਗ ਕਰ ਰਹੇ ਹਨ ਤਾਂ ਜੋ ਮ੍ਰਿਤਕ ਸੈਲਾਨੀਆਂ ਦੇ ਪਰਿਵਾਰਾਂ ਨੂੰ ਇਨਸਾਫ਼ ਮਿਲ ਸਕੇ।