ਸੁਨਾਮ : ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਜਨਰਲ ਸਕੱਤਰ ਰਣ ਸਿੰਘ ਚੱਠਾ ਨੇ ਕਿਹਾ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਨੇ ਸੂਬੇ ਦੇ ਦਰਿਆਈ ਪਾਣੀਆਂ ਦੀ ਰਾਖੀ ਲਈ ਸੁਹਿਰਦਤਾ ਨਹੀਂ ਦਿਖਾਈ। ਉਨ੍ਹਾਂ ਆਖਿਆ ਕਿ ਸੂਬੇ ਅੰਦਰ ਪਿਛਲੇ ਤਿੰਨ ਸਾਲ ਤੋਂ ਆਮ ਆਦਮੀ ਪਾਰਟੀ ਸਰਕਾਰ ਚਲਾ ਰਹੀ ਹੈ ਅਤੇ ਉਸ ਸਮੇਂ ਤੋਂ ਹਰਿਆਣਾ ਨੂੰ ਵੱਧ ਪਾਣੀ ਦਿੱਤਾ ਜਾ ਰਿਹਾ ਹੈ। ਸਰਕਾਰ ਨੇ ਕਿਸੇ ਵੀ ਵਿਧਾਨ ਸਭਾ ਸੈਸ਼ਨ ਵਿੱਚ ਦਰਿਆਈ ਪਾਣੀਆਂ ਦੀ ਰਾਖੀ ਲਈ ਕੋਈ ਜ਼ਿਕਰ ਤੱਕ ਨਹੀਂ ਕੀਤਾ। ਕਿਸਾਨ ਆਗੂ ਰਣ ਸਿੰਘ ਚੱਠਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲਿਖਤੀ ਤੌਰ ’ਤੇ ਮੰਨਿਆ ਹੈ ਕਿ ਪੰਜਾਬ ਨੇ ਪਿਛਲੇ ਇੱਕ ਮਹੀਨੇ ਵਿਚ 4 ਹਜ਼ਾਰ ਕਿਊਸਿਕ ਵਾਧੂ ਪਾਣੀ ਹਰਿਆਣਾ ਨੂੰ ਦੇਣ ਦੀ ਪ੍ਰਕਿਰਿਆ ਦੀ ਸ਼ੁਰੂਆਤ ਕੀਤੀ ਹੈ ਅਤੇ ਹੁਣ ਲੋਕਾਂ ਦਾ ਅਸਲ ਮੁੱਦਿਆਂ ਤੋਂ ਧਿਆਨ ਹਟਾਉਣ ਲਈ ਡਰਾਮੇਬਾਜ਼ੀ ਕਰ ਰਿਹਾ ਹੈ। ਭਗਵੰਤ ਮਾਨ ਨੂੰ ਇਹ ਦੱਸਣਾ ਚਾਹੀਦਾ ਹੈ ਕਿ ਕਿਸਦੇ ਹੁਕਮਾਂ ਤੇ ਪ੍ਰਵਾਨਗੀ ਨਾਲ ਉਨਾਂ ਨੇ ਪੰਜਾਬ ਦੇ ਦਰਿਆਈ ਪਾਣੀ ਹਰਿਆਣਾ ਨੂੰ ਵੇਚੇ ਹਨ। ਕੇਂਦਰ ਸਰਕਾਰ ਹਮੇਸ਼ਾ ਹੀ ਪੰਜਾਬ ਦੇ ਕੁਦਰਤੀ ਸਰੋਤਾਂ ਨੂੰ ਲੁੱਟਣ ਤੇ ਲੱਗੀ ਹੋਈ ਹੈ ਕੇਂਦਰ ਦੀ ਭਾਜਪਾ ਸਰਕਾਰ ਨੇ ਪੰਜਾਬ ਦੇ ਹੱਕਾਂ ਤੇ ਡਾਕੇ ਮਾਰੇ ਹਨ। ਇਸ ਵਾਰ ਵੀ ਹਰਿਆਣੇ ਦੀ ਭਾਜਪਾ ਸਰਕਾਰ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਰਲ ਕੇ ਜੋ ਪੰਜਾਬ ਦਾ ਪਾਣੀ ਖੋਹਿਆ ਹੈ ਇਹ ਪੰਜਾਬ ਦੇ ਕਿਸਾਨਾਂ ਨਾਲ ਇੱਕ ਬਹੁਤ ਵੱਡਾ ਧੋਖਾ ਹੈ। ਉਨਾਂ ਕਿਹਾ ਕਿ ਕੇਂਦਰ ਤੇ ਸੂਬੇ ਦੀਆਂ ਸਰਕਾਰਾਂ ਪੰਜਾਬ ਦੀਆਂ ਜਮੀਨਾਂ ਨੂੰ ਬੰਜਰ ਕਰਕੇ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ ਕਰਵਾਉਣਾ ਚਾਹੁੰਦੀਆਂ ਹਨ।