ਸਿਹਤ ਮੰਤਰੀ ਡਾ. ਬਲਬੀਰ ਸਿੰਘ, ਸਾਬਕਾ ਮੰਤਰੀ ਬ੍ਰਮ ਸ਼ੰਕਰ ਜਿੰਪਾ ਤੇ ਜ਼ਿਲ੍ਹੇ ਦੇ ਸਾਰੇ ਵਿਧਾਇਕ ਵੀ ਕਰਨਗੇ ਸ਼ਮੂਲੀਅਤ
ਪਟਿਆਲਾ : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨੂੰ ਜਮੀਨੀ ਪੱਧਰ ਤੱਕ ਪੁੱਜਦਾ ਕਰਨ ਤੇ ਆਮ ਲੋਕਾਂ ਨੂੰ ਨਸ਼ਿਆਂ ਤੇ ਨਸ਼ਾ ਤਸਕਰਾਂ ਵਿਰੁੱਧ ਲਾਮਬੰਦ ਕਰਨ ਲਈ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਪਟਿਆਲਾ ਜ਼ਿਲ੍ਹੇ ਅੰਦਰ ਗਠਿਤ ਕੀਤੀਆਂ ਗਈਆਂ ਵਿਲੇਜ ਡਿਫੈਂਸ ਕਮੇਟੀਆਂ ਤੇ ਵਾਰਡ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨਾਲ ਇੱਕ ਅਹਿਮ ਬੈਠਕ ਕਰਨਗੇ। ਇਹ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਇਹ ਜ਼ਿਲ੍ਹਾ ਪੱਧਰੀ ਬੈਠਕ ਲਕਸ਼ਮੀ ਪੈਲੇਸ, ਨਾਭਾ ਰੋਡ ਵਿਖੇ ਹੋਵੇਗੀ, ਜਿੱਥੇ ਕਿ ਵਿੱਤ ਮੰਤਰੀ ਤੋਂ ਇਲਾਵਾ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ, ਸਾਬਕਾ ਮੰਤਰੀ ਤੇ ਸੀਨੀਅਰ ਆਗੂ ਬ੍ਰਮ ਸ਼ੰਕਰ ਜਿੰਪਾ ਅਤੇ ਜ਼ਿਲ੍ਹੇ ਦੇ ਸਮੂਹ ਵਿਧਾਇਕ ਸਾਹਿਬਾਨ ਵੀ ਸ਼ਮੂਲੀਅਤ ਕਰਨਗੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਨਸ਼ਿਆਂ ਦੀ ਅਲਾਮਤ ਦੇ ਖਾਤਮੇ ਲਈ ਬਹੁ ਪਰਤੀ ਨੀਤੀ ਬਣਾਈ ਹੈ, ਜਿਸ ਨੂੰ ਕਾਮਯਾਬ ਕਰਨ ਲਈ ਆਮ ਲੋਕਾਂ ਦਾ ਸਹਿਯੋਗ ਬਹੁਤ ਜਰੂਰੀ ਹੈ। ਉਨ੍ਹਾਂ ਕਿਹਾ ਕਿ ਇਸ ਲਈ ਪਿੰਡਾਂ ਦੇ ਪਹਿਰੇਦਾਰ ਤੇ ਵਾਰਡ ਡਿਫੈਂਸ ਕਮੇਟੀਆਂ ਦਾ ਗਠਨ ਪਟਿਆਲਾ ਜ਼ਿਲ੍ਹੇ ਵਿੱਚ ਕਰ ਦਿੱਤਾ ਗਿਆ ਹੈ, ਜਿਨ੍ਹਾਂ ਦੇ ਮੈਂਬਰਾਂ ਤੱਕ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸੁਨੇਹਾ ਪੁੱਜਦਾ ਕਰਕੇ ਲੋਕਾਂ ਦੀ ਇਸ ਮੁਹਿੰਮ ਵਿੱਚ ਸ਼ਮੂਲੀਅਤ ਯਕੀਨੀ ਬਣਾਈ ਜਾਵੇਗੀ।
ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਲੋਕਾਂ ਦੇ ਘਰਾਂ ਤੱਕ ਨਸ਼ਾ ਪੁੱਜਣ ਤੋਂ ਰੋਕਣ ਲਈ ਨਸ਼ਿਆਂ ਦੀ ਸਪਲਾਈ ਚੇਨ ਕੱਟਣ ਦੇ ਨਾਲ-ਨਾਲ ਨਸ਼ੇ ਦੀ ਲਤ ਲਗਾ ਚੁੱਕੇ ਨੌਜਵਾਨਾਂ ਦੇ ਮੁੜ ਵਸੇਬੇ ਲਈ ਵੀ ਉਚੇਚੇ ਯਤਨ ਕੀਤੇ ਜਾ ਰਹੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਸਰਕਾਰੀ ਰਜਿੰਦਰਾ ਹਸਪਤਾਲ ਦੇ ਮਾਡਲ ਨਸ਼ਾ ਮੁਕਤੀ ਕੇਂਦਰ ਤੇ ਰੈਡ ਕਰਾਸ ਨਸ਼ਾ ਮੁਕਤੀ ਕੇਂਦਰ ਨਸ਼ੇ ਛੱਡਣ ਵਾਲਿਆਂ ਲਈ ਆਸ ਦੀ ਕਿਰਨ ਹਨ, ਜਿਸ ਲਈ ਪੰਜਾਬ ਸਰਕਾਰ ਨੇ ਇਹ ਫੈਸਲਾ ਕੀਤਾ ਹੈ ਕਿ ਨਸ਼ੇ ਕਰਨ ਵਾਲਿਆਂ ਨੂੰ ਅਪਰਾਧੀ ਨਾ ਸਮਝਿਆ ਜਾਵੇ ਸਗੋਂ, ਉਨ੍ਹਾਂ ਦਾ ਇਲਾਜ ਕਰਵਾਇਆ ਜਾਵੇ। ਡਿਪਟੀ ਕਮਿਸ਼ਨਰ ਨੇ ਲਕਸ਼ਮੀ ਪੈਲੇਸ ਦਾ ਦੌਰਾ ਕਰਦਿਆਂ 4 ਮਈ ਐਤਵਾਰ ਨੂੰ ਹੋਣ ਵਾਲੀ ਇਸ ਜ਼ਿਲ੍ਹਾ ਪੱਧਰੀ ਬੈਠਕ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਉਨ੍ਹਾਂ ਦੇ ਨਾਲ ਏ.ਡੀ.ਸੀ. ਇਸ਼ਾ ਸਿੰਗਲ ਤੇ ਨਵਰੀਤ ਕੌਰ ਸੇਖੋਂ ਤੇ ਹੋਰ ਅਧਿਕਾਰੀ ਮੌਜੂਦ ਸਨ।