ਸੁਨਾਮ : ਸੂਬੇ ਦੀ ਹਾਕਮ ਧਿਰ ਆਮ ਆਦਮੀ ਪਾਰਟੀ ਦੇ ਵਪਾਰ ਵਿੰਗ ਦੇ ਜਿਲ੍ਹਾ ਪ੍ਰਧਾਨ ਅਰੁਣ ਜਿੰਦਲ ਦੀ ਅਗਵਾਈ ਹੇਠ ਹੋਈ ਵਿਸ਼ੇਸ਼ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਪੰਜਾਬ ਅਮਨ ਅਰੋੜਾ ਦੀ ਸਿਫਾਰਿਸ਼ ਤੇ ਪੰਜਾਬ ਪ੍ਰਦੇਸ਼ ਵਪਾਰ ਮੰਡਲ ਯੂਨਿਟ ਸੁਨਾਮ ਦੇ ਪ੍ਰਧਾਨ ਪਵਨ ਗੁੱਜਰਾਂ ਨੂੰ ਜੀ.ਐਸ.ਟੀ. ਕਮੇਟੀ ਦਾ ਜ਼ਿਲ੍ਹਾ ਸਲਾਹਕਾਰ ਨਿਯੁਕਤ ਕੀਤਾ ਗਿਆ। ਮੀਟਿੰਗ ਦੌਰਾਨ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਐਕਸਾਈਜ਼ ਐਂਡ ਟੈਕਸੇਸ਼ਨ ਵਿਭਾਗ ਦੇ ਚੇਅਰਮੈਨ ਅਨਿਲ ਠਾਕੁਰ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ।
ਇਸ ਮੀਟਿੰਗ ਦੌਰਾਨ ਪੰਜਾਬ ਸਰਕਾਰ ਵੱਲੋਂ 2018 ਵਿੱਚ ਲਗਾਏ ਗਏ ਡਿਵੈਲਪਮੈਂਟ ਟੈਕਸ, ਜੇਕਰ ਕੋਈ ਵੀ ਵਪਾਰੀ ਬੈਂਕ ਵਿੱਚ 5 ਕਰੋੜ ਰੁਪਏ ਦੀ ਲਿਮਟ ਬਣਵਾਉਂਦਾ ਹੈ ਤਾਂ ਪੰਜਾਬ ਸਰਕਾਰ ਵੱਲੋਂ 0.25% ਸਟੈਂਪ ਡਿਊਟੀ ਨੂੰ ਵਾਪਸ ਲੈਣ ਸਬੰਧੀ 60 ਸਾਲ ਦੇ ਵਪਾਰੀ ਨੂੰ ਪੈਨਸ਼ਨ ਲਗਾਉਣ ਸਬੰਧੀ ਮੁੱਦਿਆਂ ਤੇ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਕਿਸੇ ਵੀ ਵਪਾਰੀ ਦੀ ਦੁਕਾਨ ਵਿੱਚ ਅੱਗ ਲੱਗਣ ਨਾਲ ਹੋਣ ਵਾਲੇ ਨੁਕਸਾਨ ਦਾ ਮੁਆਵਜ਼ਾ ਵੀ ਸਰਕਾਰ ਵੱਲੋਂ ਤੁਰੰਤ ਦਿੱਤਾ ਜਾਵੇ। ਐਕਸਾਈਜ਼ ਐਂਡ ਟੈਕਸੇਸ਼ਨ ਵਿਭਾਗ ਵੱਲੋਂ ਹਰ ਮਹੀਨੇ ਹਰ ਈ.ਟੀ.ਓ ਵੱਲੋਂ ਇੱਕ ਸ਼ਹਿਰ ਵਿੱਚ ਚਾਰ ਰੇਡ ਕਰਨ ਦਾ ਫੁਰਮਾਨ ਜਾਰੀ ਕੀਤਾ ਗਿਆ ਸੀ ਉਸਨੂੰ ਐਕਸਾਈਜ਼ ਐਂਡ ਟੈਕਸੇਸ਼ਨ ਵਿਭਾਗ ਦੇ ਚੇਅਰਮੈਨ ਨੇ ਦੱਸਿਆ ਕਿ ਇਸ ਫੁਰਮਾਨ ਨੂੰ ਵਾਪਸ ਲੈ ਲਿਆ ਗਿਆ ਹੈ। ਇਸ ਮੌਕੇ ਨਵ-ਨਿਯੁਕਤ ਜੀ.ਐਸ.ਟੀ. ਕਮੇਟੀ ਦੇ ਜ਼ਿਲ੍ਹਾ ਸਲਾਹਕਾਰ ਪਵਨ ਗੁੱਜਰਾਂ ਨੇ ਆਪਣੀ ਨਿਯੁਕਤੀ ਲਈ ਕੈਬਨਿਟ ਮੰਤਰੀ ਅਮਨ ਅਰੋੜਾ, ਵਪਾਰ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਅਰੁਣ ਜਿੰਦਲ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਅਤੇ ਆਖਿਆ ਕਿ ਉਹ ਵਪਾਰੀ ਵਰਗ ਦੀਆਂ ਸਮੱਸਿਆਵਾਂ ਦਾ ਹੱਲ ਕਰਵਾਉਣ ਲਈ ਹਮੇਸ਼ਾ ਤੱਤਪਰ ਰਹਿਣਗੇ ਅਤੇ ਸਮੂਹ ਵਪਾਰੀ ਵਰਗ ਨੂੰ ਨਾਲ ਲੈ ਕੇ ਚੱਲਣਗੇ। ਇਸ ਮੌਕੇ ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਪ੍ਰਿੰਸ, ਚੇਅਰਮੈਨ ਰਾਜ਼ੇਸ਼ ਕੁਮਾਰ ਥਰੇਜਾ, ਸਕੱਤਰ ਚੰਦਰ ਪ੍ਰਕਾਸ਼, ਮੀਤ ਪ੍ਰਧਾਨ ਉਜਵਲ ਜੈਨ ਆਦਿ ਨੇ ਪਵਨ ਗੁੱਜਰਾਂ ਨੂੰ ਨਿਯੁਕਤੀ ਲਈ ਵਧਾਈ ਦਿੱਤੀ।