ਪਹਿਲਗਾਮ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ ਵਧਦਾ ਜਾ ਰਿਹਾ ਹੈ ਅਤੇ ਇਸ ਵਿਚਾਲੇ ਭਾਰਤ ਵੱਲੋਂ ਜੰਗ ਦੀ ਤਿਆਰੀ ਕੀਤੀ ਜਾ ਰਹੀ ਹੈ। ਦੇਸ਼ ਦੇ 244 ਜ਼ਿਲ੍ਹਿਆਂ ਵਿੱਚ ਸਿਵਲ ਡਿਫੈਂਸ ਮੌਕ ਡ੍ਰਿਲ ਕੱਲ੍ਹ ਯਾਨੀ ਬੁੱਧਵਾਰ ਨੂੰ ਆਯੋਜਿਤ ਕੀਤੀ ਜਾਵੇਗੀ। ਪੰਜਾਬ ਵਿੱਚ ਕੁੱਲ 20 ਥਾਂ ਸੂਚੀਬੱਧ ਕੀਤੇ ਗਏ ਹਨ, ਜਿਨ੍ਹਾਂ ਵਿੱਚ ਮੌਕ ਡ੍ਰਿਲ ਕੀਤੇ ਜਾਣਗੇ। ਇਸ ਸਬੰਧੀ ਕੇਂਦਰ ਸਰਕਾਰ ਵੱਲੋਂ ਦਿੱਲੀ ਵਿੱਚ ਹੋਈ ਮੀਟਿੰਗ ਤੋਂ ਬਾਅਦ ਸੂਚੀ ਜਾਰੀ ਕੀਤੀ ਗਈ ਹੈ।
ਉਹਨਾਂ ਕਿਹਾ ਕਿ ਕੱਲ ਜਾਂ ਉਸ ਤੋਂ ਬਾਅਦ ਜਦੋਂ ਵੀ ਅਜਿਹਾ ਸਾਇਰਨ ਵਜੇ ਤਾਂ ਆਮ ਜਨਤਾ ਕੋਲੋਂ ਇਹ ਆਸ ਰੱਖੀ ਜਾਂਦੀ ਹੈ ਕਿ ਉਹ ਇਹ ਆਵਾਜ਼ ਸੁਣਦੇ ਸਾਰ ਉੱਚੀਆਂ ਇਮਾਰਤਾਂ ਵਿੱਚੋਂ ਨਿਕਲ ਕੇ ਕਿਸੇ ਜਮੀਨ ਜਾਂ ਜਮੀਨ ਦੋਜ ਟਿਕਾਣੇ ਉੱਤੇ ਪਹੁੰਚ ਜਾਣ, ਜੇਕਰ ਉਹਨਾਂ ਕੋਲ ਉੱਥੇ ਕੋਈ ਛੱਤ ਨਹੀਂ ਹੈ ਤਾਂ ਉਹ ਦਰਖਤ ਦੇ ਹੇਠਾਂ ਬੈਠ ਜਾਣ । ਜੋ ਲੋਕ ਇਮਾਰਤਾਂ ਦੇ ਵਿੱਚ ਰਹਿ ਰਹੇ ਹੋਣਗੇ ਉਹ ਖਿੜਕੀਆਂ ਅਤੇ ਖਾਸ ਕਰਕੇ ਸ਼ੀਸ਼ੇ ਤੋਂ ਦੂਰ ਹੋ ਜਾਣ।
ਇਸ ਮੌਕ ਡਰਿੱਲ ਵਿੱਚ, ਪੁਲਿਸ, ਐਸਡੀਆਰਐਫ ਅਤੇ ਹੋਰ ਬਚਾਅ ਟੀਮਾਂ ਨੂੰ ਜੰਗ ਦੌਰਾਨ ਬਚਣ ਲਈ ਸਿਖਲਾਈ ਦਿੱਤੀ ਜਾਵੇਗੀ ਅਤੇ ਮੌਕ ਡਰਿੱਲ ਦੌਰਾਨ ਹਵਾਈ ਹਮਲੇ ਦੀ ਚੇਤਾਵਨੀ ਦੇਣ ਵਾਲੇ ਸਾਇਰਨ ਵਜਾਏ ਜਾਣਗੇ। ਪਹਿਲਗਾਮ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਾਲੇ ਚੱਲ ਰਹੇ ਤਣਾਅ ਦੌਰਾਨ ਕੇਂਦਰ ਸਰਕਾਰ ਵੱਲੋਂ ਇਹ ਪਹਿਲੀ ਵਾਰ ਅਜਿਹਾ ਕੀਤਾ ਜਾ ਰਿਹਾ ਹੈ।
ਜਾਣਕਾਰੀ ਅਨੁਸਾਰ ਇਹ ਮੌਕ ਡਰਿੱਲ ਅੰਮ੍ਰਿਤਸਰ, ਬਠਿੰਡਾ, ਫਿਰੋਜ਼ਪੁਰ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਲੁਧਿਆਣਾ, ਪਟਿਆਲਾ, ਪਠਾਨਕੋਟ, ਬਰਨਾਲਾ, ਭਾਖੜਾ-ਨੰਗਲ, ਕੋਟਕਪੂਰਾ, ਬਟਾਲਾ, ਮੋਹਾਲੀ (ਐਸ.ਏ.ਐਸ. ਨਗਰ), ਅਬੋਹਰ, ਫਰੀਦਕੋਟ, ਰੋਪੜ ਅਤੇ ਸੰਗਰੂਰ ਵਿੱਚ ਕਰਵਾਈ ਜਾਵੇਗੀ। ਇਸ ਮੌਕ ਡ੍ਰਿਲ ਦੌਰਾਨ, ਬਲੈਕਆਊਟ ਲਗਾਇਆ ਜਾਵੇਗਾ ਅਤੇ ਹਮਲੇ ਦੀ ਚੇਤਾਵਨੀ ਦੇਣ ਵਾਲੇ ਸਾਇਰਨ ਵਜਾਏ ਜਾਣਗੇ।