ਭਗਵੰਤ ਮਾਨ ਸਰਕਾਰ ਦਾ ਵਤੀਰਾ ਤਾਨਾਸ਼ਾਹੀ
ਜੇਲ੍ਹ ਚੋਂ ਰਿਹਾਅ ਹੋਕੇ ਆਏ ਕਿਸਾਨ ਆਗੂ
ਸੁਨਾਮ : ਐਸਕੇਐਮ ਗੈਰ ਸਿਆਸੀ ਅਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਕਿਸਾਨੀ ਮੰਗਾਂ ਨੂੰ ਲੈਕੇ ਸ਼ੰਭੂ ਥਾਣੇ ਦਾ ਘਿਰਾਓ ਕਰਨ ਦੇ ਕੀਤੇ ਐਲਾਨ ਨੂੰ ਅਸਫ਼ਲ ਬਣਾਉਣ ਲਈ ਸੂਬੇ ਅੰਦਰ ਪਿਛਲੇ ਦਿਨੀਂ ਕਿਸਾਨ ਆਗੂਆਂ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਸੀ। ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਕਿਸਾਨਾਂ ਨੂੰ ਦੇਰ ਰਾਤ ਜ਼ਿਲ੍ਹਾ ਜੇਲ੍ਹ ਸੰਗਰੂਰ ਤੋਂ ਰਿਹਾਅ ਕਰ ਦਿੱਤਾ ਗਿਆ ਹੈ। ਰਿਹਾਅ ਕੀਤੇ ਕਿਸਾਨ ਆਗੂਆਂ ਦਾ ਪਿੰਡਾਂ ਵਿੱਚ ਪਹੁੰਚਣ ਮੌਕੇ ਸਨਮਾਨ ਕੀਤਾ ਗਿਆ। ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਸੂਬਾਈ ਆਗੂ ਜਸਵਿੰਦਰ ਸਿੰਘ ਲੌਂਗੋਵਾਲ, ਜਸਵੀਰ ਸਿੰਘ ਮੈਦੇਵਾਸ, ਸੰਤ ਰਾਮ ਛਾਜਲੀ, ਕੁਲਵਿੰਦਰ ਸਿੰਘ ਸੋਨੀ ਲੌਂਗੋਵਾਲ, ਹੈਪੀ ਨਮੋਲ, ਬਲਵਿੰਦਰ ਸਿੰਘ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਜਨਰਲ ਸਕੱਤਰ ਰਣ ਸਿੰਘ ਚੱਠਾ ਨੇ ਰਿਹਾਅ ਹੋਣ ਉਪਰੰਤ ਕਿਹਾ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਡੰਡੇ ਦੇ ਜ਼ੋਰ ਨਾਲ ਜਮਹੂਰੀਅਤ ਦਾ ਕਤਲ ਕਰ ਰਹੀ ਹੈ ਸਰਕਾਰਾਂ ਜਬਰੀ ਢੰਗ ਤਰੀਕੇ ਵਰਤਕੇ ਸੰਘਰਸ਼ ਨੂੰ ਦਬਾਅ ਨਹੀਂ ਸਕਦੀਆਂ। ਉਨ੍ਹਾਂ ਆਖਿਆ ਕਿ ਕਿਸਾਨੀ ਮੰਗਾਂ ਦੀ ਪੂਰਤੀ ਲਈ ਕਿਸਾਨ ਯੂਨੀਅਨਾਂ ਦੀਆਂ ਦੋਵੇਂ ਫੋਰਮਾਂ ਵੱਲੋਂ ਸ਼ੰਭੂ ਅਤੇ ਖਨੌਰੀ ਬਾਰਡਰਾਂ ਤੇ ਧਰਨੇ ਦੇਕੇ ਬੈਠੇ ਕਿਸਾਨਾਂ ਨੂੰ ਸੂਬੇ ਦੀ ਭਗਵੰਤ ਮਾਨ ਸਰਕਾਰ ਦੀ ਸ਼ਹਿ ਤੇ ਪੁਲਿਸ ਵੱਲੋਂ ਰਾਤ ਦੇ ਸਮੇਂ ਜ਼ਬਰੀ ਉਠਾਇਆ ਗਿਆ। ਬਜ਼ੁਰਗ ਕਿਸਾਨਾਂ ਅਤੇ ਬੀਬੀਆਂ ਨੂੰ ਧੱਕੇ ਮਾਰੇ ਅਤੇ ਉੱਥੇ ਖੜੀਆਂ ਟਰਾਲੀਆਂ ਸਮੇਤ ਹੋਰ ਸਾਮਾਨ ਸੂਬੇ ਦੀ ਹਾਕਮ ਧਿਰ ਦੇ ਆਗੂ ਅਤੇ ਪੁਲਿਸ ਪ੍ਰਸ਼ਾਸਨ ਚੋਰੀ ਕਰਕੇ ਲੈ ਗਏ। ਕਿਸਾਨ ਆਗੂਆਂ ਨੇ ਕਿਹਾ ਕਿ ਚੋਰੀ ਕੀਤੇ ਸਾਮਾਨ ਦੀ ਵਾਪਸੀ ਕਰਨ ਅਤੇ ਕਿਸਾਨ ਆਗੂ ਬਹਿਰਾਮਕੇ ਦੀ ਕੁੱਟਮਾਰ ਕਰਨ ਵਾਲੇ ਸ਼ੰਭੂ ਥਾਣੇ ਦੇ ਐਸ ਐਚ ਓ ਨੂੰ ਮੁਅੱਤਲ ਕਰਨ ਦੀ ਮੰਗ ਨੂੰ ਲੈਕੇ ਦੋਵੇਂ ਫੋਰਮਾਂ ਵੱਲੋਂ 6 ਮਈ ਨੂੰ ਸ਼ੰਭੂ ਥਾਣੇ ਅੱਗੇ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਸੀ ਲੇਕਿਨ ਬੌਖਲਾਹਟ ਵਿੱਚ ਆਈ ਭਗਵੰਤ ਮਾਨ ਸਰਕਾਰ ਨੇ ਕਿਸਾਨਾਂ ਨੂੰ ਪਹਿਲਾਂ ਹੀ ਘਰਾਂ ਵਿੱਚ ਛਾਪੇਮਾਰੀ ਕਰਕੇ ਗ੍ਰਿਫਤਾਰ ਕਰਕੇ ਜੇਲ੍ਹਾਂ ਵਿੱਚ ਬੰਦ ਕਰ ਦਿੱਤਾ। ਉਨ੍ਹਾਂ ਆਖਿਆ ਕਿ ਲੋਕਾਂ ਵੱਲੋਂ ਚੁਣੀਆਂ ਸਰਕਾਰਾਂ ਨੂੰ ਲੋਕ ਹੀ ਸਤਾ ਤੋਂ ਲਾਹ ਦਿੰਦੇ ਹਨ ਸ਼ਾਇਦ ਭਗਵੰਤ ਮਾਨ ਇਹ ਭੁੱਲੀਂ ਬੈਠੇ ਹਨ।