ਸੁਨਾਮ : ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਨੇ ਭਾਰਤ ਅਤੇ ਪਾਕਿਸਤਾਨ ਵਿਚਾਲੇ ਵਧ ਰਹੇ ਤਣਾਅ ਤੇ ਗੰਭੀਰ ਚਿੰਤਾ ਜ਼ਾਹਿਰ ਕਰਦਿਆਂ ਜੰਗਬੰਦੀ ਦੀ ਅਪੀਲ ਕੀਤੀ ਹੈ। ਉਨ੍ਹਾਂ ਆਖਿਆ ਕਿ ਦੋਵੇਂ ਮੁਲਕਾਂ ਦਰਮਿਆਨ ਚੱਲ ਰਹੀ ਖਿੱਚੋਤਾਣ ਵਿੱਚ ਆਰਥਿਕਤਾ ਤੋਂ ਇਲਾਵਾ ਮਨੁੱਖਤਾ ਦਾ ਘਾਣ ਹੋ ਰਿਹਾ ਹੈ। ਸਨਿੱਚਰਵਾਰ ਨੂੰ ਸੁਨਾਮ ਵਿਖੇ ਗੁਰਦੁਆਰਾ ਸੱਚਖੰਡ ਸਾਹਿਬ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਬਲਾਕ ਪ੍ਰਧਾਨ ਬਿੰਦਰ ਪਾਲ ਛਾਜਲੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਆਗੂਆਂ ਬਿੰਦਰਪਾਲ ਛਾਜਲੀ, ਦਰਬਾਰਾ ਸਿੰਘ, ਪ੍ਰਗਟ ਸਿੰਘ, ਬਹਾਲ ਸਿੰਘ, ਆਤਮਾ ਸਿੰਘ, ਰਣਜੀਤ ਸਿੰਘ, ਅਮਰਜੀਤ ਸਿੰਘ, ਹਰਮਿੰਦਰ ਸਿੰਘ ਮੰਡੇਰ, ਮਿਸ਼ਰੀ ਸਿੰਘ, ਹਰਜੀਤ ਸਿੰਘ ਭੋਲਾ ਅਤੇ ਹਰਬੰਸ ਸਿੰਘ ਨੇ ਕਿਹਾ ਕਿ ਭਾਰਤ ਪਾਕਿਸਤਾਨ ਵਿਚਾਲੇ ਵਧ ਰਹੇ ਤਣਾਅ ਕਾਰਨ ਸਰਹੱਦੀ ਸੂਬੇ ਪੰਜਾਬ ਦਾ ਵਧੇਰੇ ਨੁਕਸਾਨ ਹੋਣ ਦਾ ਡਰ ਬਣਿਆ ਹੋਇਆ ਹੈ। ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰਾਂ ਦੀਆਂ ਮਾਰੂ ਨੀਤੀਆਂ ਕਾਰਨ ਪਹਿਲਾਂ ਹੀ ਮੰਦਹਾਲੀ ਦਾ ਸ਼ਿਕਾਰ ਹੋ ਰਿਹਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਪਾਕਿਸਤਾਨ ਦੇ ਪਾਲੇ ਅੱਤਵਾਦੀਆਂ ਨੇ ਕਸ਼ਮੀਰ ਵਿੱਚ ਸੈਲਾਨੀਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਸੀ ਜਿਸ ਕਾਰਨ ਭਾਰਤੀ ਸੈਨਾ ਨੂੰ ਸਖ਼ਤ ਕਦਮ ਚੁੱਕਣੇ ਪਏ। ਉਨ੍ਹਾਂ ਆਖਿਆ ਕਿ ਲੜਾਈ ਵਿੱਚ ਜਿੱਥੇ ਆਰਥਿਕ ਮਾਰ ਝੱਲਣੀ ਪੈਂਦੀ ਹੈ ਉੱਥੇ ਮਨੁੱਖਤਾ ਦਾ ਘਾਣ ਵੀ ਹੁੰਦਾ ਹੈ। ਕਿਸਾਨ ਆਗੂ ਬਿੰਦਰਪਾਲ ਛਾਜਲੀ ਨੇ ਕਿਹਾ ਕਿ ਕਿਸਾਨੀ ਮੰਗਾਂ ਦੀ ਪੂਰਤੀ ਲਈ 13 ਨੂੰ ਡਿਪਟੀ ਕਮਿਸ਼ਨਰ ਸੰਗਰੂਰ ਨੂੰ ਮੰਗ ਪੱਤਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਮੰਗ ਪੱਤਰ ਵਿੱਚ ਕਿਸਾਨੀ ਮੰਗਾਂ ਤੋਂ ਇਲਾਵਾ ਭਾਰਤ ਪਾਕਿਸਤਾਨ ਵਿਚਾਲੇ ਵਧ ਰਹੇ ਤਣਾਅ ਨੂੰ ਖ਼ਤਮ ਕਰਨ ਲਈ ਜੰਗਬੰਦੀ ਦੀ ਅਪੀਲ ਵੀ ਕੀਤੀ ਜਾਵੇਗੀ।