ਇਸ ਸਾਜ਼ਿਸ਼ ਦੇ ਪਿੱਛੇ ਜੋ ਵੀ ਹਨ, ਉਨ੍ਹਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲੇਗੀ, ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ,” ਮੁੱਖ ਮੰਤਰੀ ਮਾਨ ਨੇ ਕੀਤਾ ਐਲਾਨ
ਮਜੀਠਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਕਿਹਾ ਕਿ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਜ਼ਹਿਰੀਲੀ ਸ਼ਰਾਬ ਕਾਰਨ ਵਾਪਰੇ ਦੁਖਾਂਤ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਨਹੀਂ ਬਖਸ਼ਿਆ ਨਹੀਂ ਜਾਵੇਗਾ, ਭਾਵੇਂ ਉਹ ਕਿੰਨਾ ਵੀ ਅਮੀਰ ਜਾਂ ਪਹੁੰਚ ਵਾਲਾ ਕਿਉਂ ਨਾ ਹੋਵੇ।
ਜ਼ਹਿਰੀਲੀ ਸ਼ਰਾਬ ਦੁਖਾਂਤ ਦੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਸਾਂਝੀ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਮੌਤਾਂ ਸਿਰਫ਼ ਹਾਦਸਾ ਨਹੀਂ ਹੈ, ਸਗੋਂ ਕਤਲ ਹੈ, ਜੋ ਕੁਝ ਵਿਅਕਤੀਆਂ ਦੇ ਲਾਲਚ ਕਾਰਨ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਇਕ ਸਪੱਸ਼ਟ ਕਤਲ ਹੈ ਅਤੇ ਸੂਬਾ ਸਰਕਾਰ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਯਕੀਨੀ ਬਣਾਏਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜ਼ਹਿਰੀਲੀ ਸ਼ਰਾਬ ਕਾਰਨ 17 ਕੀਮਤੀ ਜਾਨਾਂ ਚਲੀਆਂ ਗਈਆਂ ਹਨ ਅਤੇ ਇਸ ਲਈ ਜ਼ਿੰਮੇਵਾਰ ਲੋਕ ਕਿਸੇ ਵੀ ਰਹਿਮ ਦੇ ਹੱਕਦਾਰ ਨਹੀਂ ਹਨ, ਕਿਉਂਕਿ ਉਨ੍ਹਾਂ ਨੇ ਇਹ ਅਪਰਾਧ ਸੋਚ-ਸਮਝ ਕੇ ਕੀਤਾ ਹੈ।
ਮੁੱਖ ਮੰਤਰੀ ਨੇ ਸਪੱਸ਼ਟ ਤੌਰ `ਤੇ ਕਿਹਾ ਕਿ ਇਹ ਅਪਰਾਧ ਸ਼ਕਤੀਸ਼ਾਲੀ ਸਿਆਸਤਦਾਨਾਂ ਦੀ ਸਿਆਸੀ ਸਰਪ੍ਰਸਤੀ ਤੋਂ ਬਿਨਾਂ ਨਹੀਂ ਕੀਤਾ ਜਾ ਸਕਦਾ ਅਤੇ ਪੁਲਿਸ ਵੱਲੋਂ ਇਸ ਪਹਿਲੂ ਦੀ ਜਾਂਚ ਕੀਤੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੁੱਖ ਮੁਲਜ਼ਮ ਸਮੇਤ 10 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਨਾਲ ਹੀ ਪੁਲਿਸ ਨੇ ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਗਠਜੋੜ ਦੇ ਸੰਪਰਕ ਸੂਤਰਾਂ ਦੀ ਵੀ ਪਛਾਣ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਮੈਂ ਇਕ ਗੱਲ ਸਪੱਸ਼ਟ ਤੌਰ `ਤੇ ਦੱਸਣਾ ਚਾਹੁੰਦਾ ਹਾਂ, ਮੇਰੀ ਸਰਕਾਰ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦੇ ਕੇ ਬੇਸਹਾਰਾ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਦ੍ਰਿੜ੍ਹ ਹੈ।”
ਮੁੱਖ ਮੰਤਰੀ ਨੇ ਕਿਹਾ ਕਿ ਇਸ ਗਠਜੋੜ ਦੇ ਸਬੰਧ ਦਿੱਲੀ ਤੱਕ ਲੱਭੇ ਗਏ ਹਨ ਅਤੇ ਇਸ ਅਪਰਾਧ ਵਿੱਚ ਸ਼ਾਮਲ ਹਰੇਕ ਵਿਅਕਤੀ ਨੂੰ ਸੂਬਾ ਸਰਕਾਰ ਵੱਲੋਂ ਸਲਾਖਾਂ ਪਿੱਛੇ ਡੱਕਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਗੱਲ ਸਾਹਮਣੇ ਆਈ ਹੈ ਕਿ ਇਸ ਗੰਭੀਰ ਦੁਖਾਂਤ ਦੇ ਦੋਸ਼ੀਆਂ ਵੱਲੋਂ 600 ਲੀਟਰ ਮਿਥੇਨੌਲ, ਆਨਲਾਈਨ ਮੰਗਵਾਇਆ ਗਿਆ ਸੀ, ਜਿਸ ਦੀ ਵਰਤੋਂ ਸ਼ਾਇਦ ਨਕਲੀ ਸ਼ਰਾਬ ਬਣਾਉਣ ਲਈ ਕੀਤੀ ਗਈ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੁਲਿਸ ਇਸ ਮਾਮਲੇ ਦੇ ਸਾਰੇ ਪਹਿਲੂਆਂ ਦੀ ਜਾਂਚ ਕਰ ਰਹੀ ਹੈ ਤਾਂ ਜੋ ਦੋਸ਼ੀਆਂ ਨੂੰ ਫੜਿਆ ਜਾ ਸਕੇ ਅਤੇ ਉਨ੍ਹਾਂ ਨੂੰ ਮਿਸਾਲੀ ਸਜ਼ਾ ਦਿੱਤੀ ਜਾ ਸਕੇ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਕਲੀ ਸ਼ਰਾਬ ਦੀ ਵਿਕਰੀ ਅਤੇ ਸਪਲਾਈ ਰੋਕਣ ਵਿੱਚ ਲਾਪਰਵਾਹੀ ਵਰਤਣ ਲਈ ਪਹਿਲਾਂ ਹੀ ਚਾਰ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ, ਜਿਨ੍ਹਾਂ ਵਿਚ ਡੀ.ਐਸ.ਪੀ., ਐਸ.ਐਚ.ਓ. ਅਤੇ ਆਬਕਾਰੀ ਵਿਭਾਗ ਦੇ ਦੋ ਅਧਿਕਾਰੀ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਭਾਵੇਂ ਇਹ ਗੱਠਜੋੜ ਬਹੁਤ ਮਜ਼ਬੂਤ ਹੈ ਅਤੇ ਪਿਛਲੀਆਂ ਸਰਕਾਰਾਂ ਵੱਲੋਂ ਖੁੱਲ੍ਹੀ ਸਰਪ੍ਰਸਤੀ ਕਾਰਨ ਇਸ ਨੇ ਆਪਣੇ ਪੈਰ ਮਜ਼ਬੂਤ ਕੀਤੇ ਹਨ ਪਰ ਇਸ ਸ਼ਰਾਬ ਮਾਫੀਆ ਨੂੰ ਸੂਬੇ ਵਿੱਚੋਂ ਖ਼ਤਮ ਕਰ ਦਿੱਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜੇ ਕੋਈ ਵੀ ਸਿਆਸਤਦਾਨ ਜਾਂ ਸਰਕਾਰੀ ਕਰਮਚਾਰੀ, ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਵਿੱਚ ਸ਼ਾਮਲ ਪਾਇਆ ਗਿਆ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਇਸ ਮਾਫ਼ੀਆ `ਤੇ ਕਾਰਵਾਈ ਕਰਨ ਲਈ ਪੰਜਾਬ ਪੁਲਿਸ ਨੂੰ ਨਿਰਦੇਸ਼ ਦੇ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਰਾਰਤੀ ਅਨਸਰਾਂ ਨੇ ਭਾਰਤ-ਪਾਕਿਸਤਾਨ ਸਰਹੱਦਾਂ `ਤੇ ਤਣਾਅ ਦੌਰਾਨ ਕਾਨੂੰਨ ਵਿਵਸਥਾ ਬਣਾਈ ਰੱਖਣ ਵਿੱਚ ਪੁਲਿਸ ਦੀ ਹੋਈ ਤਾਇਨਾਤੀ ਦਾ ਫਾਇਦਾ ਉਠਾਇਆ ਤਾਂ ਜੋ ਪੰਜਾਬੀਆਂ ਦੀਆਂ ਜਾਨਾਂ ਦੀ ਕੀਮਤ `ਤੇ ਆਪਣਾ ਲਾਲਚ ਪੂਰਾ ਕੀਤਾ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਲੋਕਾਂ ਨੂੰ ਆਪਣੇ ਪਾਪਾਂ ਦੀ ਕੀਮਤ ਚੁਕਾਉਣੀ ਪਵੇਗੀ ਅਤੇ ਸੂਬਾ ਸਰਕਾਰ ਵੱਲੋਂ ਉਨ੍ਹਾਂ ਨੂੰ ਢੁਕਵਾਂ ਸਬਕ ਸਿਖਾਇਆ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਮੰਦਭਾਗਾ ਹੈ ਕਿ ਜ਼ਹਿਰੀਲੀ ਸ਼ਰਾਬ ਨੇ ਪੀੜਤ ਪਰਿਵਾਰਾਂ ਦੇ ਇਕਲੌਤੇ ਰੋਟੀ ਕਮਾਉਣ ਵਾਲਿਆਂ ਨੂੰ ਖੋਹ ਲਿਆ ਹੈ ਅਤੇ ਲਗਪਗ 17 ਵਿਅਕਤੀਆਂ ਦੀ ਜਾਨ ਚਲੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੌਤਾਂ ਉਸੇ ਤਰ੍ਹਾਂ ਹੋਈਆਂ, ਜਿਸ ਤਰ੍ਹਾਂ ਸਾਲ 2020 ਵਿੱਚ ਤਰਨ ਤਾਰਨ ਵਿਖੇ ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਸਨ। ਉਨ੍ਹਾਂ ਕਿਹਾ ਕਿ ਦੁੱਖ ਦੀ ਇਸ ਘੜੀ ਵਿੱਚ ਸੂਬਾ ਸਰਕਾਰ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਨੂੰ ਨਿਆਂ ਦਿਵਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।
ਮੁੱਖ ਮੰਤਰੀ ਨੇ ਹਰੇਕ ਮ੍ਰਿਤਕ ਦੇ ਪਰਿਵਾਰ ਨੂੰ 10 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ ਕੀਤਾ ਅਤੇ ਕਿਹਾ ਕਿ ਸੂਬਾ ਸਰਕਾਰ ਪੀੜਤਾਂ ਦੇ ਬੱਚਿਆਂ ਦੀ ਪੜ੍ਹਾਈ ਦਾ ਸਾਰਾ ਖਰਚਾ ਚੁੱਕੇਗੀ। ਉਨ੍ਹਾਂ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਇਨ੍ਹਾਂ ਪਰਿਵਾਰਾਂ ਨੂੰ ਨੌਕਰੀਆਂ ਅਤੇ ਹੋਰ ਹਰ ਸੰਭਵ ਮਦਦ ਵੀ ਦਿੱਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਪਰਿਵਾਰਾਂ ਦੀ ਸੁਰੱਖਿਆ ਅਤੇ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।