Wednesday, December 17, 2025

Malwa

ਲੋਕ ਅਕਾਲ ਤਖ਼ਤ ਦੀ ਸਰਪ੍ਰਸਤੀ ਹੇਠ ਚਾਹੁੰਦੇ ਨੇ ਮਜ਼ਬੂਤ ​​ਅਕਾਲੀ ਦਲ : ਪਰਮਿੰਦਰ ਢੀਂਡਸਾ 

May 15, 2025 05:54 PM
ਦਰਸ਼ਨ ਸਿੰਘ ਚੌਹਾਨ
ਕਿਹਾ ਪਾਣੀਆਂ ਦੇ ਮੁੱਦੇ 'ਤੇ ਪੰਜਾਬੀਆਂ ਨੂੰ ਧੋਖਾ ਦੇ ਰਹੀ 'ਆਪ' ਸਰਕਾਰ  
 
ਸੁਨਾਮ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਕੀਤੀ ਗਈ ਭਰਤੀ ਕਮੇਟੀ ਨੂੰ ਉਮੀਦ ਤੋਂ ਵੱਧ ਸਮਰਥਨ ਮਿਲ ਰਿਹਾ ਹੈ। ਇਸ ਤੋਂ ਇਹ ਸਪੱਸ਼ਟ ਹੋ ਗਿਆ ਹੈ ਕਿ ਪੰਜਾਬ ਦੇ ਲੋਕ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਅਕਾਲੀ ਦਲ ਨੂੰ ਮਜ਼ਬੂਤ ਦੇਖਣਾ ਚਾਹੁੰਦੇ ਹਨ। ਪੰਜਾਬੀ ਜਾਣਦੇ ਹਨ ਕਿ ਸਿਰਫ਼ ਅਕਾਲੀ ਦਲ ਹੀ ਪੰਜਾਬ ਦੇ ਹਿੱਤਾਂ ਦੀ ਰਾਖੀ ਕਰ ਸਕਦਾ ਹੈ। ਉਨ੍ਹਾਂ ਆਖਿਆ ਕਿ ਸਿੱਖ ਕਦਰਾਂ-ਕੀਮਤਾਂ ਅਤੇ ਪਰੰਪਰਾਵਾਂ ਨੂੰ ਨਜ਼ਰ ਅੰਦਾਜ਼ ਕਰਕੇ ਇੱਕ ਪਰਿਵਾਰ ਨੇ ਅਕਾਲੀ ਦਲ ਨੂੰ ਕਮਜ਼ੋਰ ਕਰ ਦਿੱਤਾ ਹੈ। ਵੀਰਵਾਰ ਨੂੰ ਸੁਨਾਮ ਵਿਖੇ ਫ਼ਿਲਮੀ ਅਦਾਕਾਰ ਕਰਤਾਰ ਚੀਮਾਂ ਦੇ ਪਿਤਾ ਦੀ ਮੌਤ 'ਤੇ ਦੁੱਖ ਪ੍ਰਗਟ ਕਰਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਪਾਕਿਸਤਾਨ ਨਾਲ ਜੰਗਬੰਦੀ ਪੰਜਾਬ ਦੇ ਹਿੱਤਾਂ ਵਿੱਚ ਹੈ। ਪੰਜਾਬ ਨੂੰ ਬਹੁਤ ਵੱਡਾ ਨੁਕਸਾਨ ਹੋ ਰਿਹਾ ਸੀ ਪਰੰਤੂ ਦੇਸ਼ ਦੇ ਸਾਹਮਣੇ ਜੰਗਬੰਦੀ ਦੇ ਪਹਿਲੂਆਂ 'ਤੇ ਸਪੱਸ਼ਟਤਾ ਰੱਖਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਬਦਲਾਅ ਸਿਰਫ਼ ਝੂਠੇ ਪ੍ਰਚਾਰ 'ਤੇ ਹੀ ਟਿਕਿਆ ਹੋਇਆ ਹੈ। ਸੂਬੇ ਅੰਦਰ ਸਿਹਤ ਅਤੇ ਸਿੱਖਿਆ ਪ੍ਰਬੰਧਾਂ ਦੀ ਹਾਲਤ ਤਰਸਯੋਗ ਬਣ ਗਈ ਹੈ। ਯੂਨੀਵਰਸਿਟੀਆਂ ਨੂੰ ਬਰਬਾਦੀ ਦੇ ਕੰਢੇ ਤੇ ਖੜਾ ਕਰਕੇ ਸਕੂਲ ਬਣਾਏ ਜਾ ਰਹੇ ਹਨ ਅਤੇ ਹਸਪਤਾਲਾਂ ਨੂੰ ਖਾਲੀ ਕਰਕੇ ਡਿਸਪੈਂਸਰੀਆਂ ਬਣਾਈਆਂ ਜਾ ਰਹੀਆਂ ਹਨ ਇਹ ਬਹੁਤ ਮੰਦਭਾਗਾ ਵਰਤਾਰਾ ਹੈ। ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਇੱਕ ਪਾਸੇ ਪੰਜਾਬ ਸਰਕਾਰ ਦਾਅਵਾ ਕਰ ਰਹੀ ਹੈ ਕਿ ਉਹ ਹਰਿਆਣਾ ਨੂੰ ਇੱਕ ਬੂੰਦ ਵੀ ਪਾਣੀ ਨਹੀਂ ਦੇਵੇਗੀ ਅਤੇ ਦੂਜੇ ਪਾਸੇ ਫੌਜ ਦੇ ਨਾਮ 'ਤੇ ਰਾਜਸਥਾਨ ਨੂੰ ਪਾਣੀ ਦਿੱਤਾ ਜਾ ਰਿਹਾ ਹੈ। ਕਿਸੇ ਸੌਦੇ ਦੇ ਹਿੱਸੇ ਵਜੋਂ ਪੰਜਾਬ ਅਤੇ ਪੰਜਾਬੀਆਂ ਨਾਲ ਧੋਖਾ ਕੀਤਾ ਜਾ ਰਿਹਾ ਹੈ। ਸੂਬੇ ਦੀ ਜਨਤਾ ਭਗਵੰਤ ਮਾਨ ਸਰਕਾਰ ਤੋਂ ਇਸਦਾ ਹਿਸਾਬ ਮੰਗੇਗੀ। ਇਸ ਮੌਕੇ ਚਮਕੌਰ ਸਿੰਘ ਮੋਰਾਂਵਾਲੀ, ਸਾਬਕਾ ਕੌਂਸਲਰ ਯਾਦਵਿੰਦਰ ਸਿੰਘ ਨਿਰਮਾਣ ਅਤੇ ਦਰਸ਼ਨ ਸਿੰਘ ਮੋਰਾਂਵਾਲੀ ਆਦਿ ਹਾਜ਼ਰ ਸਨ। 

Have something to say? Post your comment