ਪਟਿਆਲਾ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਨੇ ਉਸਾਰੀ ਕਿਰਤੀਆਂ ਲਈ ਚੱਲ ਰਹੀਆਂ ਭਲਾਈ ਸਕੀਮਾਂ ਤਹਿਤ ਕੁੱਲ 77 ਲਾਭਪਾਤਰੀਆਂ ਲਈ ਇਕ ਕਰੋੜ 29 ਲੱਖ 25 ਹਜਾਰ ਰੁਪਏ ਦੀ ਰਕਮ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਆਨਲਾਈਨ ਜਮ੍ਹਾਂ ਕਰਵਾਉਣ ਲਈ ਬੋਰਡ ਨੂੰ ਸਿਫਾਰਿਸ਼ ਕੀਤੀ ਹੈ । ਉਹਨਾ ਕਿਹਾ ਕਿ ਪੰਜਾਬ ਸਰਕਾਰ ਮਜ਼ਦੂਰਾਂ ਅਤੇ ਉਹਨਾਂ ਦੇ ਪਰਿਵਾਰਾਂ ਨੂੰ ਵਿੱਤੀ ਰਾਹਤ ਦੇਣ ਲਈ ਵਚਨਬੱਧ ਹੈ ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਨਾਲ ਸਬੰਧਤ ਵੱਖ ਵੱਖ ਭਲਾਈ ਸਕੀਮਾਂ ਦਾ ਲਾਭ ਲੈਣ ਲਈ ਉਸਾਰੀ ਕਿਰਤੀਆਂ ਨੂੰ ਬੋਰਡ ਅਧੀਨ ਲਾਭਪਾਤਰੀ ਵਜੋਂ ਰਜਿਸਟਰਡ ਹੋਣਾ ਬਹੁਤ ਜਰੂਰੀ ਹੈ ਅਤੇ ਰਜਿਸਟਡ ਉਸਾਰੀ ਕਿਰਤੀ ਹੀ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਲੈ ਸਕਦੇ ਹਨ । ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਕੰਮ ਕਰਨ ਵਾਲੇ ਵਰਕਰਾਂ ਅਤੇ ਉਹਨਾਂ ਦੇ ਪਰਿਵਾਰਾਂ ਨੂੰ ਵਿੱਤੀ ਅਤੇ ਸਮਾਜਿਕ ਰਾਹਤ ਪ੍ਰਦਾਨ ਕਰਨਾ ਹੈ ਤਾਂ ਜੋ ਉਹਨਾਂ ਦਾ ਜੀਵਨ ਆਰਥਿਕ ਤੌਰ ਤੇ ਮਜ਼ਬੂਤ ਬਣ ਸਕੇ ।
ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਉਸਾਰੀ ਕਿਰਤੀਆਂ ਨਾਲ ਸਬੰਧਤ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੇ ਪੰਹੁਚਾਉਣ ਨੂੰ ਯਕੀਨੀ ਬਨਾਉਣ ਤਾਂ ਜੋ ਕੋਈ ਵੀ ਕਿਰਤੀ ਲਾਭ ਲੈਣ ਤੋਂ ਵਾਂਝਾ ਨਾ ਰਹਿ ਸਕੇ ।
ਇਸ ਮੌਕੇ ਸਹਾਇਕ ਲੇਬਰ ਕਮਿਸ਼ਨਰ ਜਸਬੀਰ ਸਿੰਘ ਖਰੌੜ ਨੇ ਜਾਣਕਾਰੀ ਦਿੱਤੀ ਕਿ ਇਹ ਰਕਮ ਵੱਖ-ਵੱਖ ਯੋਜਨਾਵਾਂ ਜਿਵੇਂ ਕਿ ਸ਼ਗਨ ਸਕੀਮ , ਐਕਸ-ਗ੍ਰੇਸ਼ੀਆ ਸਕੀਮ ਅਤੇ ਬਾਲੜੀ ਸਕੀਮ ਆਦਿ ਤਹਿਤ ਜਾਰੀ ਕੀਤੀ ਗਈ ਹੈ । ਇਸ ਨਾਲ ਵਰਕਰਾਂ ਅਤੇ ਉਹਨਾਂ ਦੇ ਪਰਿਵਾਰਾਂ ਨੂੰ ਆਰਥਿਕ ਤੌਰ ‘ ਤੇ ਮਜ਼ਬੂਤੀ ਮਿਲੇਗੀ ਅਤੇ ਉਹਨਾਂ ਦੀ ਜੀਵਨ ਗੁਣਵੱਤਾ ਵਿੱਚ ਸੁਧਾਰ ਆਵੇਗਾ ।