Sunday, November 02, 2025

Chandigarh

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਸੂਬੇ ਲਈ ਪ੍ਰਗਤੀਸ਼ੀਲ ਲੈਂਡ ਪੂਲਿੰਗ ਨੀਤੀ ਲਿਆਉਣ ਲਈ ਸਹਿਮਤੀ

June 02, 2025 07:13 PM
SehajTimes

ਕਿਸਾਨਾਂ ਦੇ ਹਿੱਤ ਸੁਰੱਖਿਅਤ ਕਰਨ ਦੇ ਨਾਲ-ਨਾਲ ਯੋਜਨਾਬੱਧ ਵਿਕਾਸ ਨੂੰ ਹੋਰ ਗਤੀ ਦੇਣ ਦੇ ਮੰਤਵ ਨਾਲ ਚੁੱਕਿਆ ਕਦਮ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਯੋਜਨਾਬੱਧ ਤੇ ਚਿਰ ਸਥਾਈ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਸੂਬੇ ਵਿੱਚ ਨਵੀਂ ਤੇ ਪ੍ਰਗਤੀਸ਼ੀਲ ਲੈਂਡ ਪੂਲਿੰਗ ਨੀਤੀ ਲਿਆਉਣ ਨੂੰ ਪ੍ਰਵਾਨਗੀ ਦੇ ਦਿੱਤੀ।

ਇਸ ਸਬੰਧੀ ਫੈਸਲਾ ਅੱਜ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੇ ਸਰਕਾਰੀ ਨਿਵਾਸ ਸਥਾਨ `ਤੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ।

ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਅੱਜ ਇੱਥੇ ਦੱਸਿਆ ਕਿ ਨਵੀਂ ਨੀਤੀ ਦਾ ਮੰਤਵ ਜ਼ਮੀਨ ਮਾਲਕਾਂ, ਪ੍ਰੋਮੋਟਰਾਂ ਅਤੇ ਕੰਪਨੀਆਂ ਨੂੰ ਵਿਕਾਸ ਪ੍ਰਕਿਰਿਆ ਵਿੱਚ ਭਾਈਵਾਲਾਂ ਵਜੋਂ ਸ਼ਾਮਲ ਕਰਨਾ ਅਤੇ ਜ਼ਮੀਨ ਮਾਲਕਾਂ ਦੀ ਲੈਂਡ ਪੂਲਿੰਗ ਵਿੱਚ ਦਿਲਚਸਪੀ ਵਧਾਉਣਾ ਹੈ। ਇਸ ਸੋਧੀ ਸਕੀਮ ਨੂੰ ਜ਼ਮੀਨ ਮਾਲਕਾਂ ਨੂੰ ਵਧੇਰੇ ਬਦਲ ਮੁਹੱਈਆ ਕਰ ਕੇ ਛੋਟੇ ਅਤੇ ਹਾਸ਼ੀਏ ਉੱਤੇ ਧੱਕੇ ਕਿਸਾਨਾਂ ਨੂੰ ਲਾਭ ਪਹੁੰਚਾਉਣ ਲਈ ਤਰਕਸੰਗਤ ਬਣਾਇਆ ਗਿਆ ਹੈ, ਜਿਸ ਨਾਲ ਸੂਬੇ ਵਿੱਚ ਗਰੁੱਪ ਹਾਊਸਿੰਗ ਅਤੇ ਯੋਜਨਾਬੱਧ ਵਿਕਾਸ ਨੂੰ ਹੋਰ ਹੁਲਾਰਾ ਮਿਲੇਗਾ ਤਾਂ ਜੋ ਆਖ਼ਰਕਾਰ ਆਮ ਆਦਮੀ ਨੂੰ ਲਾਭ ਪਹੁੰਚ ਸਕੇ। ਇਸ ਨੀਤੀ ਨੂੰ ਸਮੁੱਚੀ ਪ੍ਰਕਿਰਿਆ ਵਿੱਚ ਹਰੇਕ ਭਾਈਵਾਲ ਨੂੰ ਜੋੜ ਦੇ ਸਰਬਪੱਖੀ ਵਿਕਾਸ ਯਕੀਨੀ ਬਣਾਉਣ ਲਈ ਘੜਿਆ ਗਿਆ ਹੈ।

ਇਹ ਨਵੀਂ ਨੀਤੀ ਸੂਬੇ ਵਿੱਚ ਵੱਡੀ ਤਬਦੀਲੀ ਦਾ ਸਬੱਬ ਬਣੇਗੀ ਕਿਉਂਕਿ ਇਹ ਕਿਸਾਨਾਂ ਨੂੰ ਵੱਡੇ ਲਾਭ ਪ੍ਰਦਾਨ ਕਰੇਗੀ। ਕਿਸਾਨਾਂ ਦਾ ਹੋਰ ਸ਼ੋਸ਼ਣ ਨਹੀਂ ਹੋਵੇਗਾ ਅਤੇ ਇਸ ਨੀਤੀ ਤਹਿਤ ਕਿਸਾਨਾਂ ਨੂੰ ਸਿੱਧੇ ਤੌਰ `ਤੇ ਕਰੋੜਾਂ ਰੁਪਏ ਦਾ ਲਾਭ ਹੋਵੇਗਾ। ਕੋਈ ਵੀ ਨਿੱਜੀ ਡਿਵੈਲਪਰ ਜਾਂ ਭੂ-ਮਾਫੀਆ ਕਿਸਾਨਾਂ ਦਾ ਸ਼ੋਸ਼ਣ ਨਹੀਂ ਕਰ ਸਕਦਾ ਕਿਉਂਕਿ ਨੀਤੀ ਇਹ ਯਕੀਨੀ ਬਣਾਉਂਦੀ ਹੈ ਕਿ ਕਿਸਾਨਾਂ ਨੂੰ ਪ੍ਰਾਈਵੇਟ ਡਿਵੈਲਪਰਾਂ ਦੁਆਰਾ ਕੀਤੇ ਜਾਣ ਵਾਲੇ ਸ਼ੋਸ਼ਣ ਤੋਂ ਸੁਰੱਖਿਅਤ ਰੱਖਿਆ ਜਾਵੇ।

ਇਸ ਨੀਤੀ ਤਹਿਤ ਪੂਰਾ ਅਧਿਕਾਰ ਕਿਸਾਨ ਕੋਲ ਹੈ ਅਤੇ ਇਹ 100 ਫੀਸਦੀ ਕਿਸਾਨ ਦਾ ਫੈਸਲਾ ਹੋਵੇਗਾ ਕਿ ਸਰਕਾਰ ਨੂੰ ਜ਼ਮੀਨ ਦੇਣੀ ਹੈ ਜਾਂ ਨਹੀਂ। ਕਿਸਾਨ ਜਾਂ ਤਾਂ ਆਪਣੀ ਜ਼ਮੀਨ ਰੱਖ ਸਕਦੇ ਹਨ ਅਤੇ ਖੇਤੀ ਜਾਰੀ ਰੱਖ ਸਕਦੇ ਹਨ ਜਾਂ ਇਸ ਨੂੰ ਵੇਚਣ ਦੀ ਚੋਣ ਕਰ ਸਕਦੇ ਹਨ। ਪਹਿਲਾਂ ਵਾਂਗ ਜ਼ਬਰਦਸਤੀ ਕੋਈ ਜ਼ਮੀਨ ਐਕੁਆਇਰ ਨਹੀਂ ਹੋਵੇਗੀ।

ਕਿਸਾਨ ਦੀ ਲਿਖਤੀ ਸਹਿਮਤੀ (ਐਨ.ਓ.ਸੀ.) ਤੋਂ ਬਿਨਾਂ ਕੋਈ ਕਾਰਵਾਈ ਨਹੀਂ ਹੋਵੇਗੀ ਅਤੇ ਜ਼ਮੀਨ ਸਿੱਧੇ ਤੌਰ `ਤੇ ਸਰਕਾਰ ਨੂੰ ਦਿੱਤੀ ਜਾਵੇਗੀ, ਪ੍ਰਾਈਵੇਟ ਡਿਵੈਲਪਰਾਂ ਨੂੰ ਨਹੀਂ। ਸਰਕਾਰ ਜ਼ਮੀਨ ਦਾ ਪੂਰੀ ਤਰ੍ਹਾਂ ਵਿਕਾਸ ਕਰੇਗੀ ਅਤੇ ਕਿਸਾਨਾਂ ਨੂੰ ਪਲਾਟ ਵਾਪਸ ਕਰੇਗੀ ਅਤੇ ਇਨ੍ਹਾਂ ਪਲਾਟਾਂ ਵਿੱਚ ਸੜਕਾਂ, ਬਿਜਲੀ ਅਤੇ ਪਾਣੀ ਦੇ ਕੁਨੈਕਸ਼ਨ, ਸੀਵਰੇਜ ਪਾਈਪ, ਸਟਰੀਟ ਲਾਈਟਾਂ ਅਤੇ ਪਾਰਕ ਵਰਗੀਆਂ ਸਾਰੀਆਂ ਸਹੂਲਤਾਂ ਸ਼ਾਮਲ ਹੋਣਗੀਆਂ।

ਇਨ੍ਹਾਂ ਪਲਾਟਾਂ ਦੀ ਕੀਮਤ ਮਾਰਕੀਟ ਭਾਅ ਤੋਂ ਚਾਰ ਗੁਣਾ ਵੱਧ ਹੋਵੇਗੀ। ਹਰੇਕ ਕਿਸਾਨ ਨੂੰ ਸਰਕਾਰ ਤੋਂ ਇਕ ਲਿਖਤੀ ਦਸਤਾਵੇਜ਼ ਪ੍ਰਾਪਤ ਹੋਵੇਗਾ ਅਤੇ ਇਸ ਪੱਤਰ ਵਿੱਚ ਕਿਸਾਨ ਦੇ ਪੂਰੇ ਹੱਕ ਦਾ ਸਪੱਸ਼ਟ ਤੌਰ `ਤੇ ਜ਼ਿਕਰ ਹੋਵੇਗਾ। ਕਿਸਾਨ 500 ਵਰਗ ਗਜ਼ ਦੇ ਦੋ ਪਲਾਟ ਪ੍ਰਾਪਤ ਕਰਨ ਦੀ ਚੋਣ ਕਰ ਸਕਦੇ ਹਨ ਅਤੇ ਕਿਸਾਨਾਂ ਨੂੰ ਉਹ ਪਲਾਟ ਰੱਖਣ ਜਾਂ ਵੇਚਣ ਦੀ ਪੂਰੀ ਆਜ਼ਾਦੀ ਹੋਵੇਗੀ। ਲਾਭ ਸਿਰਫ਼ ਇਕ ਏਕੜ ਤੱਕ ਸੀਮਿਤ ਨਹੀਂ ਹੈ ਅਤੇ ਕਿਸਾਨ ਜਿੰਨੀ ਜ਼ਿਆਦਾ ਦਾ ਯੋਗਦਾਨ ਪਾਉਂਦਾ ਹੈ, ਉਨਾ ਹੀ ਜ਼ਿਆਦਾ ਮੁਨਾਫ਼ਾ ਹੋਵੇਗਾ।

ਇਸ ਤੋਂ ਇਲਾਵਾ ਭਾਈਵਾਲੀ ਰਾਹੀਂ ਵਾਧੂ ਲਾਭ ਹੋਣਗੇ ਕਿਉਂਕਿ ਜੇ ਕੋਈ ਕਿਸਾਨ ਨੌਂ ਏਕੜ ਦਾ ਯੋਗਦਾਨ ਪਾਉਂਦਾ ਹੈ ਤਾਂ ਉਸ ਨੂੰ ਤਿੰਨ ਏਕੜ ਵਿਕਸਤ ਗਰੁੱਪ ਹਾਊਸਿੰਗ ਜ਼ਮੀਨ ਮਿਲੇਗੀ। ਜੇ ਕਈ ਕਿਸਾਨ ਸਰਕਾਰ ਲਈ 50 ਏਕੜ ਜ਼ਮੀਨ ਇਕੱਠੀ ਕਰਦੇ ਹਨ ਤਾਂ ਉਨ੍ਹਾਂ ਨੂੰ ਬਦਲੇ ਵਿੱਚ 30 ਏਕੜ ਪੂਰੀ ਤਰ੍ਹਾਂ ਵਿਕਸਤ ਜ਼ਮੀਨ ਮਿਲੇਗੀ। ਇਹ ਨੀਤੀ ਭੂਮੀ ਮਾਫ਼ੀਆ ਰਾਜ ਦੇ ਅੰਤ ਅਤੇ ਗੈਰ-ਕਾਨੂੰਨੀ ਕਲੋਨੀਆਂ `ਤੇ ਪੂਰੀ ਤਰ੍ਹਾਂ ਪਾਬੰਦੀ ਲਾਉਣ ਦੀ ਵਿਵਸਥਾ ਕਰਦੀ ਹੈ।


ਕਲੋਨੀਆਂ ਨੂੰ ਜਾਰੀ ਲਾਇਸੰਸਾਂ ਦੇ ਅੰਸ਼ਕ ਸਮਰਪਣ ਅਤੇ ਅੰਸ਼ਕ ਰੱਦ ਕਰਨ ਨੂੰ ਪ੍ਰਵਾਨਗੀ

ਮੰਤਰੀ ਮੰਡਲ ਨੇ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਐਕਟ (ਪਾਪਰਾ), 1995 ਦੇ ਤਹਿਤ ਕਲੋਨੀਆਂ ਨੂੰ ਜਾਰੀ ਕੀਤੇ ਗਏ ਲਾਇਸੈਂਸਾਂ ਦੇ ਅੰਸ਼ਕ ਸਮਰਪਣ ਅਤੇ ਅੰਸ਼ਕ ਰੱਦ ਕਰਨ ਦੀ ਮਨਜ਼ੂਰੀ ਦੇ ਦਿੱਤਦੀ ਹੈ। ਇਸ ਦੇ ਨਾਲ ਹੀ ਵਜ਼ਾਰਤ ਨੇ ਉਦਯੋਗਿਕ ਪਾਰਕ ਪ੍ਰੋਜੈਕਟਾਂ ਨੂੰ ਜਾਰੀ ਕੀਤੀਆਂ ਗਈਆਂ ਪ੍ਰਵਾਨਗੀਆਂ ਦੇ ਅੰਸ਼ਕ ਰੱਦ ਕਰਨ ਨੂੰ ਵੀ ਆਪਣੀ ਸਹਿਮਤੀ ਦੇ ਦਿੱਤੀ ਹੈ।
ਇਸ ਬਾਰੇ ਇਕ ਨੀਤੀ 10 ਮਾਰਚ, 2025 ਨੂੰ ਨੋਟੀਫਾਈ ਕੀਤੀ ਗਈ ਸੀ ਜੋ ਪਾਪਰਾ ਐਕਟ ਅਧੀਨ ਕਲੋਨੀਆਂ ਵਿਕਸਤ ਕਰਨ ਲਈ ਲਾਇਸੈਂਸਾਂ ਦੇ ਸਮਰਪਣ ਅਤੇ ਉਦਯੋਗਿਕ ਪਾਰਕਾਂ ਲਈ ਪ੍ਰਵਾਨਗੀਆਂ ਨਾਲ ਸਬੰਧਤ ਹੈ। ਇਹ ਫੈਸਲਾ ਕੁਝ ਸ਼ਰਤਾਂ ਅਧੀਨ ਲਾਇਸੰਸਸ਼ੁਦਾ ਖੇਤਰਾਂ ਦੇ ਅੰਸ਼ਕ ਸਮਰਪਣ ਦੇ ਨਾਲ-ਨਾਲ ਅਜਿਹੇ ਪ੍ਰਾਜੈਕਟਾਂ ਲਈ ਲਾਇਸੈਂਸਾਂ ਨੂੰ ਅੰਸ਼ਕ ਮੁਅੱਤਲ ਜਾਂ ਰੱਦ ਕਰਨ ਦੀ ਆਗਿਆ ਦੇਵੇਗਾ।

ਪਲਾਟਾਂ ਦੀ ਯਕਮੁਸ਼ਤ ਅਦਾਇਗੀ ਕਰਨ ਵਾਲੇ ਅਲਾਟੀਆਂ ਲਈ ਰਿਆਇਤਾਂ ਨੂੰ ਪ੍ਰਵਾਨਗੀ


ਰਿਹਾਇਸ਼ੀ, ਵਪਾਰਕ ਅਤੇ ਹੋਰ ਜਾਇਦਾਦਾਂ ਦੇ ਪਲਾਟਾਂ ਦੇ ਅਲਾਟੀਆਂ ਅਤੇ ਬੋਲੀਕਾਰਾਂ ਨੂੰ ਕੁੱਲ ਰਕਮ ਦੀ 75 ਫੀਸਦੀ ਰਕਮ ਦੀ ਯਕਮੁਸ਼ਤ ਅਦਾਇਗੀ ਕਰਨ ਲਈ ਉਤਸ਼ਾਹਿਤ ਕਰਨ ਵਾਸਤੇ ਮੰਤਰੀ ਮੰਡਲ ਨੇ ਅਲਾਟੀਆਂ ਨੂੰ ਕਈ ਰਿਆਇਤਾਂ ਦੇਣ ਦੀ ਪ੍ਰਵਾਨਗੀ ਦੇ ਦਿੱਤੀ। ਅਲਾਟੀਆਂ ਨੂੰ ਯਕਮੁਸ਼ਤ ਅਦਾਇਗੀ ਦੇ ਬਦਲੇ ਪਲਾਟ/ਸਾਈਟ ਦੀ ਕੀਮਤ 'ਤੇ 15 ਫੀਸਦੀ ਛੋਟ ਦਿੱਤੀ ਜਾਵੇਗੀ। ਇਸ ਫੈਸਲੇ ਨਾਲ ਸੂਬਾ ਸਰਕਾਰ ਨੂੰ ਇਕੋ ਵੇਲੇ ਆਮਦਨ ਇਕੱਠੀ ਹੋਵੇਗੀ ਅਤੇ ਅਜਿਹੇ ਮਾਮਲਿਆਂ ਵਿੱਚ ਡਿਫਾਲਟਰਾਂ ਦੀ ਸੂਚੀ ਵੀ ਘਟੇਗੀ।

ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਈ.ਡੀ.ਸੀ., ਸੀ.ਐਲ.ਯੂ. ਵਿੱਚ ਵਾਧੇ ਨੂੰ ਪ੍ਰਵਾਨਗੀ

ਮਾਲੀਆ ਪੈਦਾ ਕਰਕੇ ਸੂਬੇ ਦੇ ਵਿਆਪਕ ਵਿਕਾਸ ਨੂੰ ਯਕੀਨੀ ਬਣਾਉਣ ਦੇ ਮਨੋਰਥ ਨਾਲ ਮੰਤਰੀ ਮੰਡਲ ਨੇ ਰੀਅਲ ਅਸਟੇਟ ਪ੍ਰੋਮੋਟਰਾਂ ’ਤੇ ਲਾਗੂ ਹੁੰਦੀਆਂ ਬਾਹਰੀ ਵਿਕਾਸ ਦਰਾਂ (ਈ.ਡੀ.ਸੀ.), ਜ਼ਮੀਨ ਵਰਤੋਂ ਬਾਰੇ ਤਬਦੀਲੀ (ਸੀ.ਐਲ.ਯੂ.) ਦੀਆਂ ਦਰਾਂ, ਲਾਇਸੈਂਸ ਫੀਸ (ਐਲ.ਐਫ.) ਅਤੇ ਹੋਰ ਦਰਾਂ ਨੂੰ ਵਧਾਉਣ ਨੂੰ ਵੀ ਪ੍ਰਵਾਨਗੀ ਦੇ ਦਿੱਤੀ।
ਇਨ੍ਹਾਂ ਪ੍ਰਮੋਟਰਾਂ ਨੂੰ ਪਾਪਰਾ ਅਧੀਨ ਕਲੋਨੀਆਂ ਦੇ ਨਾਲ-ਨਾਲ ਪੰਜਾਬ ਸਰਕਾਰ ਦੀ ਮੈਗਾ ਪ੍ਰੋਜੈਕਟ ਨੀਤੀ ਅਧੀਨ ਮੈਗਾ ਪ੍ਰੋਜੈਕਟਾਂ ਲਈ ਬਾਹਰੀ ਵਿਕਾਸ ਚਾਰਜ (ਈ.ਡੀ.ਸੀ) ਜਮ੍ਹਾਂ ਕਰਨ ਦੀ ਲੋੜ ਹੁੰਦੀ ਹੈ। ਇਨ੍ਹਾਂ ਦਰਾਂ ਵਿੱਚ ਤਬਦੀਲੀ ਕਰਨ ਲਈ ਆਖਰੀ ਵਾਰ 06 ਮਈ, 2016 ਨੂੰ ਨੋਟੀਫਾਈ ਕੀਤਾ ਗਿਆ ਸੀ ਜਿਸ ਵਿੱਚ ਇਹ ਧਾਰਾ ਵੀ ਜੋੜੀ ਗਈ ਸੀ ਕਿ ਇਕ ਅਪ੍ਰੈਲ ਤੋਂ ਹਰ ਸਾਲ 10 ਫੀਸਦੀ ਦੀ ਦਰ ਨਾਲ ਇਨ੍ਹਾਂ ਦਰਾਂ ਵਿੱਚ ਵਾਧਾ ਹੋਵੇਗਾ।
ਹਾਲਾਂਕਿ, ਕੁਝ ਸਾਲਾਂ ਲਈ ਸਰਕਾਰ ਨੇ ਇਸ ਵਾਧੇ ਨੂੰ ਮੁਆਫ ਕਰ ਦਿੱਤਾ ਸੀ। ਇਨ੍ਹਾਂ ਦਰਾਂ ਵਿੱਚ ਇਕ ਅਪ੍ਰੈਲ, 2020 ਤੋਂ ਵਾਧਾ ਕੀਤਾ ਗਿਆ ਸੀ ਅਤੇ ਸਾਲ 2016 ਤੋਂ ਲਗਭਗ 77 ਫੀਸਦੀ ਦਾ ਵਾਧਾ ਹੋਇਆ ਹੈ। ਇਸ ਫੈਸਲੇ ਨਾਲ ਸੀ.ਐਲ.ਯੂ. ਦਰਾਂ, ਈ.ਡੀ.ਸੀ. ਦਰਾਂ ਅਤੇ ਲਾਇਸੰਸ ਫੀਸ ਵਿੱਚ ਇਕ ਅਪ੍ਰੈਲ, 2026 ਤੋਂ ਹਰੇਕ ਸਾਲ 10 ਫੀਸਦੀ ਦਾ ਵਾਧਾ ਹੋਵੇਗਾ।

Have something to say? Post your comment

 

More in Chandigarh

ਹਰਚੰਦ ਸਿੰਘ ਬਰਸਟ ਨੇ ਆਮ ਆਦਮੀ ਪਾਰਟੀ ਦੇ ਵਲੰਟਿਅਰਾਂ ਨੂੰ ਹਲਕਾ ਤਰਨਤਾਰਨ ਵਿਖੇ ਘਰ - ਘਰ ਜਾ ਕੇ ਪ੍ਰਚਾਰ ਕਰਨ ਲਈ ਕੀਤਾ ਪ੍ਰੇਰਿਤ

ਪੰਜਾਬ ਸਰਕਾਰ ਨੇ ਜਲ ਜੀਵ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ "ਰੋਹੂ" ਨੂੰ ਰਾਜ ਮੱਛੀ ਐਲਾਨਿਆ

'ਯੁੱਧ ਨਸ਼ਿਆਂ ਵਿਰੁੱਧ’ ਦੇ 244ਵੇਂ ਦਿਨ ਪੰਜਾਬ ਪੁਲਿਸ ਵੱਲੋਂ 3.3 ਕਿਲੋ ਹੈਰੋਇਨ ਅਤੇ 5 ਕਿਲੋ ਅਫੀਮ ਸਮੇਤ 77 ਨਸ਼ਾ ਤਸਕਰ ਕਾਬੂ

ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਵਧੀਕ ਡਾਇਰੈਕਟਰ ਹਰਜੀਤ ਗਰੇਵਾਲ ਅਤੇ ਡਿਪਟੀ ਡਾਇਰੈਕਟਰ ਹਰਦੀਪ ਸਿੰਘ ਨੂੰ ਸੇਵਾਮੁਕਤੀ ‘ਤੇ ਨਿੱਘੀ ਵਿਦਾਇਗੀ

ਐਸ.ਸੀ. ਕਮਿਸ਼ਨ ਜਨਵਰੀ 2026 ਤੋਂ ਵਰਚੂਅਲ ਕੋਰਟ ਕਰੇਗੀ ਸਥਾਪਤ: ਜਸਵੀਰ ਸਿੰਘ ਗੜ੍ਹੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 15 ਮੁਲਾਜ਼ਮ ਜਥੇਬੰਦੀਆਂ ਨਾਲ ਮੁਲਾਕਾਤ

ਪੰਜਾਬ ਸਰਕਾਰ ਜੰਗੀ ਯਾਦਗਾਰਾਂ ਦੀ ਸਾਂਭ-ਸੰਭਾਲ ਲਈ ਵਚਨਬੱਧ

ਮੁੱਖ ਮੰਤਰੀ ਫਲਾਇੰਗ ਸਕੁਐਡ ਦੀ ਲਿੰਕ ਸੜਕਾਂ ਦੇ ਨਵੀਨੀਕਰਨ ਉੱਤੇ ਤਿੱਖੀ ਨਜ਼ਰ: ਗੁਰਮੀਤ ਸਿੰਘ ਖੁੱਡੀਆਂ

ਆਂਗਣਵਾੜੀ ਕੇਂਦਰ ਦਾ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਸ਼੍ਰੀ ਵਿਜੇ ਦੱਤ ਨੇ ਕੀਤਾ ਅਚਾਨਕ ਨਿਰੀਖਣ

'ਯੁੱਧ ਨਸ਼ਿਆਂ ਵਿਰੁੱਧ’ ਦੇ 243ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.3 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਡਰੱਗ ਮਨੀ ਸਮੇਤ 76 ਨਸ਼ਾ ਤਸਕਰ ਕਾਬੂ