Tuesday, September 16, 2025

Chandigarh

ਆਪ੍ਰੇਸ਼ਨ ਸਿੰਦੂਰ ਦੌਰਾਨ ਪਾਕਿਸਤਾਨ-ਆਈਐਸਆਈ ਨੂੰ ਸੰਵੇਦਨਸ਼ੀਲ ਜਾਣਕਾਰੀ ਲੀਕ ਕਰਨ ਦੇ ਦੋਸ਼ ਹੇਠ ਤਰਨ ਤਾਰਨ ਨਿਵਾਸੀ ਨੂੰ ਕੀਤਾ ਗ੍ਰਿਫ਼ਤਾਰ

June 03, 2025 06:54 PM
SehajTimes

ਦੋਸ਼ੀ ਨੂੰ ਪਾਕਿਸਤਾਨੀ ਸੰਚਾਲਕਾਂ ਤੋਂ ਮਿਲਦੇ ਸਨ ਪੈਸੇ; ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਜਾਰੀ: ਐਸਐਸਪੀ ਤਰਨ ਤਾਰਨ ਅਭਿਮਨਿਊ ਰਾਣਾ

ਤਰਨਤਾਰਨ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਜਾਸੂਸੀ ਵਿਰੋਧੀ ਕਾਰਵਾਈ ਕਰਦਿਆਂ, ਕਾਊਂਟਰ ਇੰਟੈਲੀਜੈਂਸ ਪੰਜਾਬ ਨੇ ਤਰਨਤਾਰਨ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਪਾਕਿਸਤਾਨ ਦੀ ਆਈਐਸਆਈ ਨਾਲ ਸਬੰਧਤ ਵਿਅਕਤੀ ਜੋ ਆਪ੍ਰੇਸ਼ਨ ਸਿੰਦੂਰ ਦੌਰਾਨ ਫੌਜ ਦੀਆਂ ਗਤੀਵਿਧੀਆਂ ਸਬੰਧੀ ਸੰਵੇਦਨਸ਼ੀਲ ਜਾਣਕਾਰੀ ਸਾਂਝੀ ਕਰ ਰਿਹਾ ਸੀ, ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਗਗਨਦੀਪ ਸਿੰਘ ਉਰਫ਼ ਗਗਨ ਵਾਸੀ ਮੁਹੱਲਾ ਰੋਡੂਪੁਰ, ਤਰਨਤਾਰਨ ਵਜੋਂ ਹੋਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਗਗਨਦੀਪ ਸਿੰਘ ਪਿਛਲੇ ਪੰਜ ਸਾਲਾਂ ਤੋਂ ਪਾਕਿਸਤਾਨ ਅਧਾਰਿਤ ਖਾਲਿਸਤਾਨੀ ਸਮਰਥਕ ਗੋਪਾਲ ਸਿੰਘ ਚਾਵਲਾ ਜਿਸ ਨੇ ਉਸ ਨੂੰ ਪਾਕਿਸਤਾਨੀ ਇੰਟੈਲੀਜੈਂਸ ਆਪਰੇਟਿਵਜ਼ (ਪੀਆਈਓਜ਼) ਨਾਲ ਮਿਲਾਇਆ ਸੀ, ਦੇ ਸਿੱਧੇ ਸੰਪਰਕ ਵਿੱਚ ਸੀ। ਉਨ੍ਹਾਂ ਦੱਸਿਆ ਕਿ ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ 'ਆਪ੍ਰੇਸ਼ਨ ਸਿੰਦੂਰ' ਦੌਰਾਨ ਫੌਜ ਦੀ ਤਾਇਨਾਤੀ, ਰਣਨੀਤਕ ਸਥਾਨਾਂ ਅਤੇ ਫੌਜ ਦੀਆਂ ਗਤੀਵਿਧੀਆਂ ਸਮੇਤ ਸੰਵੇਦਨਸ਼ੀਲ ਜਾਣਕਾਰੀ ਸਾਂਝੀ ਕਰ ਰਿਹਾ ਸੀ, ਜੋ ਰਾਸ਼ਟਰੀ ਸੁਰੱਖਿਆ ਲਈ ਗੰਭੀਰ ਖ਼ਤਰਾ ਬਣ ਸਕਦਾ ਸੀ।

ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਨੇ ਮੁਲਜ਼ਮ ਗਗਨਦੀਪ ਦੇ ਕਬਜ਼ੇ ਵਿੱਚੋਂ ਦੋ ਮੋਬਾਈਲ ਬਰਾਮਦ ਕੀਤੇ ਹਨ, ਜਿਨ੍ਹਾਂ ਵਿੱਚ ਸੰਵੇਦਨਸ਼ੀਲ ਖੁਫੀਆ ਜਾਣਕਾਰੀ ਪਾਈ ਗਈ ਹੈ ਜੋ ਉਸ ਨੇ ਪੀਆਈਓਜ਼ ਨਾਲ ਸਾਂਝੀ ਕੀਤੀ ਸੀ। ਇਸ ਦੇ ਨਾਲ ਹੀ 20 ਤੋਂ ਵੱਧ ਆਈਐਸਆਈ ਸੰਪਰਕਾਂ ਦੇ ਵੇਰਵੇ ਵੀ ਮਿਲੇ ਹਨ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਾਰਤੀ ਚੈਨਲਾਂ ਰਾਹੀਂ ਪੀਆਈਓਜ਼ ਤੋਂ ਭੁਗਤਾਨ ਵੀ ਪ੍ਰਾਪਤ ਹੋਏ ਹਨ।

ਡੀਜੀਪੀ ਨੇ ਕਿਹਾ ਕਿ ਹੋਰ ਸਬੰਧਾਂ ਦਾ ਪਤਾ ਲਗਾਉਣ ਅਤੇ ਇਸ ਜਾਸੂਸੀ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਵਿੱਤੀ ਅਤੇ ਤਕਨੀਕੀ ਜਾਂਚ ਕੀਤੀ ਜਾ ਰਹੀ ਹੈ।

ਇਸ ਆਪਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ, ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਤਰਨ ਤਾਰਨ ਅਭਿਮਨਿਊ ਰਾਣਾ ਨੇ ਦੱਸਿਆ ਕਿ ਸੀਆਈ ਪੰਜਾਬ ਤੋਂ ਮਿਲੀ ਖੁਫੀਆ ਜਾਣਕਾਰੀ 'ਤੇ ਕਾਰਵਾਈ ਕਰਦਿਆਂ, ਐਸਪੀ ਸਿਟੀ ਡਾ. ਰਿਪੁਤਪਨ ਸਿੰਘ ਸੰਧੂ ਅਤੇ ਡੀਐਸਪੀ (ਡੀ) ਗੁਰਿੰਦਰਪਾਲ ਸਿੰਘ ਨਾਗਰਾ ਦੀ ਅਗਵਾਈ ਵਾਲੀ ਟੀਮ ਨੇ ਤਰਨ ਤਾਰਨ ਦੇ ਮੁਰਾਦਪੁਰਾ ਨੇੜਿਓਂ ਦੋਸ਼ੀ ਗਗਨਦੀਪ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਉਸ ਦੇ ਮੋਬਾਈਲ ਡਿਵਾਈਸ ਜ਼ਬਤ ਕਰ ਲਏ।

ਐਸਐਸਪੀ ਨੇ ਕਿਹਾ, "ਪੁੱਛਗਿੱਛ ਦੌਰਾਨ, ਦੋਸ਼ੀ ਨੇ ਦੱਸਿਆ ਕਿ ਉਸ ਨੂੰ ਆਈਐਸਆਈ ਸੰਚਾਲਕਾਂ ਨੇ ਰੇਲਵੇ ਸਟੇਸ਼ਨਾਂ ਅਤੇ ਅੰਮ੍ਰਿਤਸਰ ਸ਼ਹਿਰ ਸਮੇਤ ਸਰਹੱਦੀ ਖੇਤਰ ਵਿੱਚ ਫੌਜ ਦੀ ਤਾਇਨਾਤੀ ਬਾਰੇ ਸੰਵੇਦਨਸ਼ੀਲ ਜਾਣਕਾਰੀ ਇਕੱਠੀ ਕਰਨ ਦਾ ਕੰਮ ਸੌਂਪਿਆ ਸੀ। ਉਸ ਨੂੰ ਜਾਸੂਸੀ ਗਤੀਵਿਧੀਆਂ ਲਈ ਵਿੱਤੀ ਲਾਭ ਵੀ ਮਿਲ ਰਿਹਾ ਸੀ।" ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ।

ਇਸ ਸਬੰਧੀ ਐਫਆਈਆਰ ਨੰਬਰ 137, ਮਿਤੀ 3 ਜੂਨ, 2025 ਨੂੰ ਥਾਣਾ ਸਿਟੀ ਤਰਨਤਾਰਨ ਵਿਖੇ ਆਫਿਸ਼ੀਅਲ ਸੀਕਰੇਟਸ ਐਕਟ ਦੀ ਧਾਰਾ 3, 4, 5 ਅਤੇ 21 ਅਤੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 152 ਤਹਿਤ ਦਰਜ ਕੀਤੀ ਗਈ ਹੈ।

Have something to say? Post your comment

 

More in Chandigarh

ਲਾਲਜੀਤ ਸਿੰਘ ਭੁੱਲਰ ਵੱਲੋਂ ਕੈਦੀਆਂ ਨੂੰ ਹੁਨਰ ਸਿਖਲਾਈ ਦੇਣ ਲਈ 11 ਜੇਲ੍ਹਾਂ ਵਿੱਚ ਆਈਟੀਆਈਜ਼ ਦਾ ਉਦਘਾਟਨ

'ਯੁੱਧ ਨਸ਼ਿਆਂ ਵਿਰੁੱਧ’ ਦੇ 199ਵੇਂ ਦਿਨ ਪੰਜਾਬ ਪੁਲਿਸ ਵੱਲੋਂ 359 ਥਾਵਾਂ 'ਤੇ ਛਾਪੇਮਾਰੀ; 86 ਨਸ਼ਾ ਤਸਕਰ ਕਾਬੂ

ਹੈਪੀ ਫੋਰਜਿੰਗਜ਼ ਲਿਮਟਿਡ ਪੰਜਾਬ ਵਿੱਚ 1000 ਕਰੋੜ ਰੁਪਏ ਦਾ ਨਿਵੇਸ਼ ਕਰੇਗੀ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਹੈਪੀ ਫੋਰਜਿੰਗਜ਼ ਲਿਮਟਿਡ ਪੰਜਾਬ ਵਿੱਚ 1000 ਕਰੋੜ ਰੁਪਏ ਦਾ ਨਿਵੇਸ਼ ਕਰੇਗੀ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਮੁੱਖ ਸਕੱਤਰ ਵੱਲੋਂ ਡਿਪਟੀ ਕਮਿਸ਼ਨਰਾਂ ਅਤੇ ਨਗਰ ਨਿਗਮ ਕਮਿਸ਼ਨਰਾਂ ਨੂੰ ਅਗਾਮੀ ਜਨਗਣਨਾ ਲਈ ਸੁਚਾਰੂ ਤਿਆਰੀਆਂ ਯਕੀਨੀ ਬਣਾਉਣ ਦੇ ਨਿਰਦੇਸ਼

ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਸੋਸ਼ਲ ਆਡਿਟ, ਹੜ੍ਹਾਂ ਦੇ ਪ੍ਰਭਾਵ, ਪੋਸ਼ਣ ਯੋਜਨਾਵਾਂ ਅਤੇ ਖੇਤੀਬਾੜੀ ਸਮੱਗਰੀ ਦੀ ਸਪਲਾਈ ਬਾਰੇ ਵਿਸਥਾਰਿਤ ਚਰਚਾ

ਪੰਜਾਬ ਪੁਲਿਸ ਵੱਲੋਂ 5ਜੀ ਟੈਲੀਕਾਮ ਸਬੰਧੀ ਚੋਰੀਆਂ 'ਤੇ ਸਖ਼ਤ ਕਾਰਵਾਈ; 61 ਗ੍ਰਿਫ਼ਤਾਰ, 95 ਐਫਆਈਆਰਜ਼ ਦਰਜ

ਹੜ੍ਹਾਂ ਦੀ ਸਥਿਤੀ ਵਿੱਚ ਸੁਧਾਰ ਦੇ ਨਾਲ ਪੰਜਾਬ ਵਿੱਚ ਜਨ-ਜੀਵਨ ਮੁੜ ਲੀਹ 'ਤੇ ਪਰਤਿਆ : ਹਰਦੀਪ ਸਿੰਘ ਮੁੰਡੀਆਂ

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਲੋਕਾਂ ਦੀ ਤੰਦਰੁਸਤ ਸਿਹਤ ਅਤੇ ਵਾਤਾਵਰਣ ਸੁਰੱਖਿਆ ਪ੍ਰਤੀ ਵਚਨਬੱਧ

ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ਸਰਕਾਰ ਨੇ ਜ਼ਮੀਨੀ ਪੱਧਰ ਉਤੇ ਕੋਸ਼ਿਸ਼ਾਂ ਤੇਜ਼ ਕੀਤੀਆਂ