Wednesday, September 17, 2025

Chandigarh

ਯੁੱਧ ਨਸ਼ਿਆਂ ਵਿਰੁੱਧ’ ਬਾਰੇ ਕੈਬਨਿਟ ਸਬ-ਕਮੇਟੀ ਵੱਲੋਂ 200 ਕੌਂਸਲਰਾਂ ਦੀ ਨਿਯੁਕਤੀ ਅਤੇ ਨਿੱਜੀ ਮਨੋਰੋਗ ਡਾਕਟਰਾਂ ਨੂੰ ਇੰਪੈਨਲ ਕਰਨ ਦੀ ਮਨਜ਼ੂਰੀ

June 10, 2025 02:33 PM
SehajTimes

ਚੰਡੀਗੜ੍ਹ : 'ਯੁੱਧ ਨਸ਼ਿਆਂ ਵਿਰੁੱਧ’ ਬਾਰੇ ਕੈਬਨਿਟ ਸਬ-ਕਮੇਟੀ ਨੇ ਅੱਜ ਇਥੇ ਮੀਟਿੰਗ ਦੌਰਾਨ ਨੂੰ ਨਸ਼ੇ ਦੇ ਆਦੀ ਲੋਕਾਂ ਦੇ ਇਲਾਜ ਲਈ ਮਜ਼ਬੂਤ ਪ੍ਰਣਾਲੀ ਸਥਾਪਤ ਕਰਨ ਲਈ ਮਹੱਤਵਪੂਰਨ ਫੈਸਲੇ ਲਏ। ਇਹ ਮਹੱਤਵਪੂਰਨ ਕਦਮ ਇਸ ਲਈ ਚੁੱਕਿਆ ਗਿਆ ਹੈ ਕਿਉਂਕਿ ਚੱਲ ਰਹੀ ਮੁਹਿੰਮ ਦੀ ਸਫਲਤਾ ਨੇ ਨਸ਼ਿਆਂ ਦੀ ਸਪਲਾਈ ਲੜੀ ਨੂੰ ਤੋੜ ਦਿੱਤਾ ਹੈ, ਜਿਸ ਨਾਲ ਇਲਾਜ ਕਰਵਾਉਣ ਵਾਲੇ ਨਸ਼ਾ ਪੀੜਤਾਂ ਦੀ ਗਿਣਤੀ ਵਿੱਚ ਕਾਫ਼ੀ ਵਾਧਾ ਹੋਇਆ ਹੈ।

ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਵਿੱਚ ਕੈਬਨਿਟ ਮੰਤਰੀ ਅਮਨ ਅਰੋੜਾ, ਡਾ. ਬਲਬੀਰ ਸਿੰਘ, ਤਰੁਣਪ੍ਰੀਤ ਸਿੰਘ ਸੋਂਧ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਪ੍ਰਮੁੱਖ ਸਕੱਤਰ ਵਿੱਤ ਕ੍ਰਿਸ਼ਨ ਕੁਮਾਰ, ਪ੍ਰਮੁੱਖ ਸਕੱਤਰ ਸਿਹਤ ਕੁਮਾਰ ਰਾਹੁਲ, ਡੀਜੀਪੀ ਪੰਜਾਬ ਗੌਰਵ ਯਾਦਵ ਅਤੇ ਸਕੱਤਰ ਖਰਚਾ ਵੀ.ਐਨ. ਜ਼ਾਦੇ ਸ਼ਾਮਲ ਸਨ। ਮੀਟਿੰਗ ਵਿੱਚ ਸੂਬੇ ਦੇ ਸਿਹਤ ਸੰਭਾਲ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਕੇ ਨਸ਼ਾ ਛੁਡਾਊ ਸੇਵਾਵਾਂ ਦੀ ਵੱਧ ਰਹੀ ਮੰਗ ਨੂੰ ਪੂਰਾ ਕਰਨ ਬਾਰੇ ਚਰਚਾ ਕੀਤੀ ਗਈ।

ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਅਤੇ ਹਸਪਤਾਲਾਂ ਵਿੱਚ ਇਲਾਜ ਕਰਵਾਉਣ ਵਾਲੇ ਨਸ਼ਾ ਪੀੜਤਾਂ ਦੀ ਗਿਣਤੀ ਵਿੱਚ ਕਈ ਗੁਣਾ ਵਾਧੇ ਦੇ ਮੱਦੇਨਜ਼ਰ, ਸਬ-ਕਮੇਟੀ ਨੇ ਸਮਰੱਥਾ ਅਤੇ ਡਾਕਟਰੀ ਸਹਾਇਤਾ ਵਧਾਉਣ ਲਈ ਤੇਜ਼ ਕਦਮ ਚੁੱਕੇ ਹਨ। ਮੀਟਿੰਗ ਵਿੱਚ ਲਏ ਗਏ ਫੈਸਲਿਆਂ ਵਿੱਚ ਛੇ ਮਹੀਨਿਆਂ ਲਈ ਅਸਥਾਈ ਆਧਾਰ 'ਤੇ 200 ਮਨੋਵਿਗਿਆਨੀਆਂ ਦੀ ਤੁਰੰਤ ਭਰਤੀ ਸ਼ਾਮਲ ਹੈ ਅਤੇ ਸਿਹਤ ਵਿਭਾਗ ਨੂੰ ਇਸ ਦੌਰਾਨ ਸਥਾਈ ਭਰਤੀ ਨੂੰ ਯਕੀਨੀ ਬਣਾਉਣ ਦਾ ਕੰਮ ਸੌਂਪਿਆ ਗਿਆ ਹੈ। ਇਸ ਤੋਂ ਇਲਾਵਾ, ਲੋੜ ਅਨੁਸਾਰ ਵੱਖ-ਵੱਖ ਜ਼ਿਲ੍ਹਿਆਂ ਵਿੱਚ ਨਿੱਜੀ ਮਨੋਰੋਗ ਡਾਕਟਰਾਂ ਨੂੰ ਇੰਪੈਨਲ ਕੀਤਾ ਜਾਵੇਗਾ, ਜਿਨ੍ਹਾਂ ਨੂੰ ਨਸ਼ਾ ਛੱਡਣ ਦੀ ਕੋਸ਼ਿਸ਼ ਕਰਨ ਵਾਲੇ ਵਿਅਕਤੀਆਂ ਨੂੰ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਲਈ ਪ੍ਰਤੀ ਦਿਨ ਦੋ ਘੰਟੇ ਲਈ 3000 ਰੁਪਏ, 1500 ਰੁਪਏ ਪ੍ਰਤੀ ਘੰਟਾ ਦੀ ਦਰ ਨਾਲ ਭੁਗਤਾਨ ਕੀਤਾ ਜਾਵੇਗਾ। ਸਬ-ਕਮੇਟੀ ਨੇ ਸਿਹਤ ਵਿਭਾਗ ਨੂੰ ਸਾਰੇ ਲੋੜੀਂਦੇ ਸਿਹਤ ਸੰਭਾਲ ਸਟਾਫ ਦੀ ਭਰਤੀ ਲਈ ਇੱਕ ਹਫ਼ਤੇ ਦੇ ਅੰਦਰ ਇੱਕ ਵਿਆਪਕ ਪ੍ਰਸਤਾਵ ਪੇਸ਼ ਕਰਨ ਦੇ ਨਿਰਦੇਸ਼ ਵੀ ਦਿੱਤੇ ਹਨ।

ਮੀਟਿੰਗ ਤੋਂ ਬਾਅਦ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਨਸ਼ਾ ਪੀੜਤਾਂ ਦੇ ਇਲਾਜ ਲਈ ਬੁਨਿਆਦੀ ਢਾਂਚੇ ਦੇ ਵਿਸਥਾਰ ਦਾ ਵੇਰਵਾ ਦਿੱਤਾ। ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਅਤੇ ਨਸ਼ਾ ਛੁਡਾਊ ਕੇਂਦਰਾਂ ਵਿੱਚ 1000 ਬਿਸਤਰਿਆਂ ਦਾ ਵਾਧਾ ਕੀਤਾ ਗਿਆ ਹੈ। ਇਸ ਤੋਂ ਇਲਾਵਾ, ਜੇਕਰ ਸਰਕਾਰੀ ਕੇਂਦਰਾਂ ਦੀ ਸਮਰੱਥਾ ਪੂਰੀ ਤਰ੍ਹਾਂ ਵਰਤੀ ਜਾਂਦੀ ਹੈ, ਤਾਂ ਨਿੱਜੀ ਨਰਸਿੰਗ ਸੰਸਥਾਵਾਂ ਅਤੇ ਨਸ਼ਾ ਛੁਡਾਊ ਕੇਂਦਰਾਂ ਦੀਆਂ ਸੇਵਾਵਾਂ ਨੂੰ 1000 ਵਾਧੂ ਬਿਸਤਰਿਆਂ ਲਈ ਵਰਤਿਆ ਜਾਵੇਗਾ, ਜਿਸਦੀ ਲਾਗਤ ਸਰਕਾਰ ਸਹਿਣ ਕਰੇਗੀ।

ਵਿੱਤ ਮੰਤਰੀ ਨੇ 1 ਮਾਰਚ ਤੋਂ 8 ਜੂਨ ਤੱਕ 'ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਦੀ ਤਸਕਰੀ ਵਿਰੁੱਧ ਕੀਤੀ ਗਈ ਸਖ਼ਤ ਕਾਰਵਾਈ ਬਾਰੇ ਵੀ ਜਾਣਕਾਰੀ ਦਿੱਤੀ। ਹੁਣ ਤੱਕ, ਐਨਡੀਪੀਐਸ ਅਧੀਨ 9580 ਮਾਮਲੇ ਦਰਜ ਕੀਤੇ ਗਏ ਹਨ ਅਤੇ 16348 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ 118 ਵਿਅਕਤੀਆਂ ਦੀਆਂ ਜਾਇਦਾਦਾਂ ਢਾਹ ਦਿੱਤੀਆਂ ਗਈਆਂ ਹਨ। ਇਸ ਸਮੇਂ ਦੌਰਾਨ, ਵੱਡੀ ਮਾਤਰਾ ਵਿੱਚ ਨਾਜਾਇਜ਼ ਨਸ਼ਾ ਪਦਾਰਥ ਬਰਾਮਦ ਕੀਤੇ ਗਏ ਹਨ, ਜਿਨ੍ਹਾਂ ਵਿੱਚ 622 ਕਿਲੋਗ੍ਰਾਮ ਹੈਰੋਇਨ, 14976 ਕਿਲੋਗ੍ਰਾਮ ਭੁੱਕੀ, 252 ਕਿਲੋਗ੍ਰਾਮ ਅਫੀਮ, 264 ਕਿਲੋਗ੍ਰਾਮ ਗਾਂਜਾ ਅਤੇ 26,49,847 ਨਸ਼ੀਲੀਆਂ ਗੋਲੀਆਂ ਸ਼ਾਮਲ ਹਨ।

ਵਿੱਤ ਮੰਤਰੀ ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ 'ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਇੱਕ ਜਨ ਅੰਦੋਲਨ ਵਿੱਚ ਬਦਲ ਗਈ ਹੈ, ਜਿਸ ਵਿੱਚ ਨਾਗਰਿਕ ਲਗਾਤਾਰ ਨਸ਼ਾ ਤਸਕਰਾਂ ਵਿਰੁੱਧ ਜਾਣਕਾਰੀ ਪ੍ਰਦਾਨ ਕਰ ਰਹੇ ਹਨ, ਅਤੇ ਨਸ਼ਾ ਪੀੜਤ ਸਰਗਰਮੀ ਨਾਲ ਇਲਾਜ ਲਈ ਅੱਗੇ ਆ ਰਹੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇਹ ਮੁਹਿੰਮ ਯਕੀਨੀ ਬਣਾਏਗੀ ਕਿ ਸੂਬਾ ਪੂਰੀ ਤਰ੍ਹਾਂ ਨਸ਼ਾ ਮੁਕਤ ਹੋ ਜਾਵੇ।

ਮੁਹਿੰਮ ਬਾਰੇ ਵਿਰੋਧੀ ਪਾਰਟੀਆਂ ਵੱਲੋਂ ਪ੍ਰਗਟਾਏ ਗਏ ਸ਼ੰਕਿਆਂ ਬਾਰੇ ਮੀਡੀਆ ਦੇ ਸਵਾਲਾਂ ਦੇ ਜਵਾਬ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਦੌਰਾਨ ਪੰਜਾਬ ਵਿੱਚ ਨਸ਼ਿਆਂ ਨੇ ਜੜ੍ਹ ਫੜੀ ਅਤੇ ਨੌਜਵਾਨਾਂ ਨੂੰ ਆਪਣੀ ਨਿਸ਼ਾਨਾ ਬਣਾਇਆ। ਉਨ੍ਹਾਂ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਇਸ ਮਹੱਤਵਪੂਰਨ ਮੁਹਿੰਮ ਦਾ ਸਮਰਥਨ ਕਰਨ, ਨਾ ਕਿ ਸੌੜੀ ਰਾਜਨੀਤੀ ਤਹਿਤ ਜਨਤਕ ਭਲਾਈ ਨੂੰ ਨਜ਼ਰਅੰਦਾਜ਼ ਕਰਦਿਆਂ ਗੁਮਰਾਹਕੁੰਨ ਬਿਆਨ ਦਿੰਦਿਆਂ ਨਸ਼ਿਆਂ ਨੂੰ ਉਤਸ਼ਾਹਿਤ ਕਰਨ।

ਵਿੱਤ ਮੰਤਰੀ ਨੇ ਦੱਸਿਆ ਕਿ ਕੈਬਨਿਟ ਸਬ-ਕਮੇਟੀ ਦੀ ਮੀਟਿੰਗ, ਜੋ ਕਿ ਲਗਭਗ ਡੇਢ ਘੰਟੇ ਤੱਕ ਚੱਲੀ, ਵੱਲੋਂ 'ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੌਰਾਨ ਹੁਣ ਤੱਕ ਕੀਤੀਆਂ ਗਈਆਂ ਕਾਰਵਾਈਆਂ ਦੀ ਸਮੀਖਿਆ ਕੀਤੀ ਅਤੇ ਭਵਿੱਖ ਲਈ ਲੋੜੀਂਦੀਆਂ ਰਣਨੀਤੀਆਂ ਤਿਆਰ ਕੀਤੀਆਂ ਗਈਆਂ।

Have something to say? Post your comment

 

More in Chandigarh

ਸਰਹੱਦੀ ਜਿਲ੍ਹਿਆਂ ਦੀ ਜ਼ਮੀਨ ਨੂੰ ਸਿਲਟ ਮੁਕਤ ਕਰਨ ਲਈ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕੇਂਦਰ ਨੂੰ ਆਰ.ਕੇ.ਵੀ.ਵਾਈ ਯੋਜਨਾ ਤਹਿਤ 151 ਕਰੋੜ ਜਾਰੀ ਕਰਨ ਦੀ ਅਪੀਲ

ਪੰਜਾਬ ਸਰਕਾਰ ਦੇ ਯਤਨਾਂ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੀਹ 'ਤੇ ਪੈਣ ਲੱਗੀ ਜ਼ਿੰਦਗੀ

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮਨੁੱਖੀ ਸਿਹਤ ਤੇ ਜਾਨਵਰਾਂ ਦੀ ਤੰਦਰੁਸਤੀ ਲਈ ਪ੍ਰਸ਼ਾਸਨ ਨੂੰ ਸਖ਼ਤ ਹਦਾਇਤ

ਲਾਲਜੀਤ ਸਿੰਘ ਭੁੱਲਰ ਵੱਲੋਂ ਕੈਦੀਆਂ ਨੂੰ ਹੁਨਰ ਸਿਖਲਾਈ ਦੇਣ ਲਈ 11 ਜੇਲ੍ਹਾਂ ਵਿੱਚ ਆਈਟੀਆਈਜ਼ ਦਾ ਉਦਘਾਟਨ

'ਯੁੱਧ ਨਸ਼ਿਆਂ ਵਿਰੁੱਧ’ ਦੇ 199ਵੇਂ ਦਿਨ ਪੰਜਾਬ ਪੁਲਿਸ ਵੱਲੋਂ 359 ਥਾਵਾਂ 'ਤੇ ਛਾਪੇਮਾਰੀ; 86 ਨਸ਼ਾ ਤਸਕਰ ਕਾਬੂ

ਹੈਪੀ ਫੋਰਜਿੰਗਜ਼ ਲਿਮਟਿਡ ਪੰਜਾਬ ਵਿੱਚ 1000 ਕਰੋੜ ਰੁਪਏ ਦਾ ਨਿਵੇਸ਼ ਕਰੇਗੀ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਮੁੱਖ ਸਕੱਤਰ ਵੱਲੋਂ ਡਿਪਟੀ ਕਮਿਸ਼ਨਰਾਂ ਅਤੇ ਨਗਰ ਨਿਗਮ ਕਮਿਸ਼ਨਰਾਂ ਨੂੰ ਅਗਾਮੀ ਜਨਗਣਨਾ ਲਈ ਸੁਚਾਰੂ ਤਿਆਰੀਆਂ ਯਕੀਨੀ ਬਣਾਉਣ ਦੇ ਨਿਰਦੇਸ਼

ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਸੋਸ਼ਲ ਆਡਿਟ, ਹੜ੍ਹਾਂ ਦੇ ਪ੍ਰਭਾਵ, ਪੋਸ਼ਣ ਯੋਜਨਾਵਾਂ ਅਤੇ ਖੇਤੀਬਾੜੀ ਸਮੱਗਰੀ ਦੀ ਸਪਲਾਈ ਬਾਰੇ ਵਿਸਥਾਰਿਤ ਚਰਚਾ

ਪੰਜਾਬ ਪੁਲਿਸ ਵੱਲੋਂ 5ਜੀ ਟੈਲੀਕਾਮ ਸਬੰਧੀ ਚੋਰੀਆਂ 'ਤੇ ਸਖ਼ਤ ਕਾਰਵਾਈ; 61 ਗ੍ਰਿਫ਼ਤਾਰ, 95 ਐਫਆਈਆਰਜ਼ ਦਰਜ

ਹੜ੍ਹਾਂ ਦੀ ਸਥਿਤੀ ਵਿੱਚ ਸੁਧਾਰ ਦੇ ਨਾਲ ਪੰਜਾਬ ਵਿੱਚ ਜਨ-ਜੀਵਨ ਮੁੜ ਲੀਹ 'ਤੇ ਪਰਤਿਆ : ਹਰਦੀਪ ਸਿੰਘ ਮੁੰਡੀਆਂ