Tuesday, December 16, 2025

Malwa

ਭਾਰਤੀ ਫ਼ੌਜ ਵੱਲੋਂ ਆਪ੍ਰੇਸ਼ਨ ਸਿੰਦੂਰ ਦੌਰਾਨ ਮਿਲੇ ਸਹਿਯੋਗ ਲਈ ਜ਼ਿਲ੍ਹਾ ਪ੍ਰਸ਼ਾਸਨ ਦਾ ਸਨਮਾਨ

June 11, 2025 04:37 PM
SehajTimes

ਪਟਿਆਲਾ : ਭਾਰਤੀ ਫ਼ੌਜ ਵੱਲੋਂ ਆਪ੍ਰੇਸ਼ਨ ਸਿੰਦੂਰ ਦੌਰਾਨ ਪਟਿਆਲਾ ‌ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਸਹਿਯੋਗ ਅਤੇ ਆਪ੍ਰੇਸ਼ਨ ਨੂੰ ਸਫਲ ਬਣਾਉਣ ਲਈ ਪਾਏ ਯੋਗਦਾਨ ਲਈ ਜ਼ਿਲ੍ਹੇ ਦੇ ਸਿਵਲ ਪ੍ਰਸ਼ਾਸਨ ਦਾ ਸਨਮਾਨ ਕੀਤਾ ਗਿਆ। ਫ਼ੌਜ ਦੇ ਸੀਨੀਅਰ ਅਧਿਕਾਰੀ ਵੱਲੋਂ ਕਮਿਸ਼ਨਰ ਪਟਿਆਲਾ ਮੰਡਲ ਵਿਨੈ ਬੁਬਲਾਨੀ ਅਤੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨਾਲ ਮੁਲਾਕਾਤ ਕਰਕੇ ਭਾਰਤੀ ਫ਼ੌਜ, ਸਿਵਲ ਪ੍ਰਸ਼ਾਸਨ ਸਮੇਤ ਹੋਰ ਸੁਰੱਖਿਆ ਬਲਾਂ ਵਿਚਕਾਰ ਬਿਹਤਰ ਤਾਲਮੇਲ ’ਤੇ ਸੰਤੁਸ਼ਟੀ ਜ਼ਾਹਰ ਕਰਦਿਆਂ ਕਿਹਾ ਕਿ ਸੁਰੱਖਿਆ ਅਤੇ ਸ਼ਾਂਤੀ ਬਣਾਈ ਰੱਖਣ ਵਿੱਚ ਅਜਿਹੇ ਤਾਲਮੇਲ ਦੀ ਮਹੱਤਵਪੂਰਨ ਭੂਮਿਕਾ ਹੁੰਦੀ ਹੈ। ਇਸ ਮੌਕੇ ਉਨ੍ਹਾਂ ਜ਼ਿਲ੍ਹੇ ਦੇ ਆਮ ਨਾਗਰਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਵੱਲੋਂ ਜ਼ਰੂਰੀ ਸੇਵਾਵਾਂ ਅਤੇ ਸੁਰੱਖਿਆ ਸਹਾਇਤਾ ਪ੍ਰਦਾਨ ਕਰਨ ਵਿੱਚ ਸਾਂਝੇ ਯਤਨਾਂ ਦੀ ਮਹੱਤਤਾ 'ਤੇ ਵੀ ਜ਼ੋਰ ਦਿੱਤਾ।

ਫ਼ੌਜ ਦੇ ਅਧਿਕਾਰੀਆਂ ਨੇ ਕਿਹਾ, “ਸਾਡੇ ਆਪ੍ਰੇਸ਼ਨ ਨੂੰ ਸਫਲ ਬਣਾਉਣ ਵਿੱਚ ਸਿਵਲ ਪ੍ਰਸ਼ਾਸਨ ਦੇ ਮਹੱਤਵਪੂਰਨ ਯੋਗਦਾਨ ਨੇ ਮੁੱਖ ਭੂਮਿਕਾ ਨਿਭਾਈ ਹੈ। ਉਨ੍ਹਾਂ ਦੀ ਤੁਰੰਤ ਪ੍ਰਤੀਕਿਰਿਆ, ਖੇਤਰੀ ਗਿਆਨ, ਅਤੇ ਸਰੋਤਾਂ ਨੂੰ ਜੁਟਾਉਣ ਅਤੇ ਮੌਕ ਡਰਿਲ ਕਰਨ ਦੀ ਯੋਗਤਾ ਨੇ ਫ਼ੌਜ ਨੂੰ ਵੱਖ-ਵੱਖ ਚੁਣੌਤੀਆਂ ਨੂੰ ਦੂਰ ਕਰਨ ਵਿੱਚ ਮਦਦ ਕੀਤੀ ਹੈ। ਉਨ੍ਹਾਂ ਕਿਹਾ ਕਿ ਅਸੀਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਿਲੇ ਨਿਰੰਤਰ ਸਹਿਯੋਗ ਲਈ ਤਹਿ ਦਿਲੋਂ ਧੰਨਵਾਦੀ ਹਾਂ।”

ਇਸ ਮੌਕੇ ਡਵੀਜ਼ਨਲ ਕਮਿਸ਼ਨਰ ਵਿਨੈ ਬੁਬਲਾਨੀ ਅਤੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਵੀ ਫ਼ੌਜ ਨਾਲ ਕੰਮ ਕਰਨ ਦੇ ਆਪਣੇ ਤਜਰਬੇ ਸਾਂਝੇ ਕੀਤੇ ਅਤੇ ਭਵਿੱਖ ਵਿੱਚ ਵੀ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਭਾਰਤੀ ਫ਼ੌਜ ਨੇ ਨਾਗਰਿਕਾਂ ਦੇ ਨਾਲ-ਨਾਲ ਰਾਸ਼ਟਰੀ ਸੇਵਾ ਵਿੱਚ ਸਿਵਲ ਡਿਫੈਂਸ, ਹੋਮ ਗਾਰਡ ਅਤੇ ਪੰਜਾਬ ਪੁਲਿਸ ਦੀ ਭੂਮਿਕਾ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ਨੂੰ ਮਾਨਤਾ ਦਿੱਤੀ।

ਇਸ ਮੌਕੇ ਭਾਰਤੀ ਫ਼ੌਜ ਨੇ ਡਵੀਜ਼ਨਲ ਕਮਿਸ਼ਨਰ ਅਤੇ ਡਿਪਟੀ ਕਮਿਸ਼ਨਰ ਨੂੰ ਦਿੱਤੇ ਸਹਿਯੋਗ ਲਈ ਉਨ੍ਹਾਂ ਨੂੰ ਸਨਮਾਨਿਤ ਕੀਤਾ, ਦੋਵਾਂ ਅਧਿਕਾਰੀਆਂ ਨੇ ਸਮਾਰੋਹ ਦਾ ਹਿੱਸਾ ਬਣਨ 'ਤੇ ਮਾਣ ਪ੍ਰਗਟ ਕੀਤਾ ਅਤੇ ਫ਼ੌਜ ਵੱਲੋਂ ਕੀਤੀ ਗਈ ਸਾਰਥਕ ਪਹਿਲਕਦਮੀ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸਿਵਲ ਪ੍ਰਸ਼ਾਸਨ ਪੂਰੇ ਸਮਰਪਣ ਅਤੇ ਏਕਤਾ ਨਾਲ ਇਸੇ ਤਰ੍ਹਾਂ ਕੰਮ ਕਰਦਾ ਰਹੇਗਾ।

ਭਾਰਤੀ ਫ਼ੌਜ ਨੇ ਸਿਵਲ ਪ੍ਰਸ਼ਾਸਨ ਨੂੰ ਆਫ਼ਤ ਪ੍ਰਬੰਧਨ ਲਈ ਕੀਤੇ ਯਤਨਾਂ ਲਈ ਵੀ ਸਨਮਾਨਿਤ ਕੀਤਾ। ਸਥਾਨਕ ਫ਼ੌਜ ਦੇ ਅਧਿਕਾਰੀਆਂ ਨੇ ਕਿਹਾ ਕਿ ਫ਼ੌਜ ਲੌਜਿਸਟਿਕਸ, ਬੁਨਿਆਦੀ ਢਾਂਚਾ ਅਤੇ ਭਾਈਚਾਰਕ ਸ਼ਮੂਲੀਅਤ ਸਮੇਤ ਵੱਖ-ਵੱਖ ਪਹਿਲੂਆਂ ਵਿੱਚ ਸਿਵਲ ਪ੍ਰਸ਼ਾਸਨ ਦੀ ਭੂਮਿਕਾ ਦੀ ਸ਼ਲਾਘਾ ਕਰਦੀ ਹੈ।

Have something to say? Post your comment