ਸੁਨਾਮ : ਪੰਜਾਬ ਰਾਜ ਪੈਨਸ਼ਨਰ ਮਹਾਂਸੰਘ ਦੇ ਸੂਬਾ ਪੱਧਰੀ ਸੱਦੇ ਤਹਿਤ ਸੋਮਵਾਰ ਨੂੰ ਸੁਨਾਮ ਵਿਖੇ ਦੀ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਸੁਨਾਮ ਵੱਲੋਂ ਐਸ ਡੀ ਐਮ ਦਫਤਰ ਸਾਹਮਣੇ ਜ਼ੋਰਦਾਰ ਰੋਸ ਪ੍ਰਦਰਸ਼ਨ ਕਰਕੇ ਭਗਵੰਤ ਮਾਨ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਰੱਜਕੇ ਭੜਾਸ ਕੱਢੀ। ਪ੍ਰਦਰਸ਼ਨਕਾਰੀਆਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਖ਼ਿਲਾਫ਼ ਵਾਅਦਾ ਖਿਲਾਫੀ ਦੇ ਇਲਜ਼ਾਮ ਲਾਏ ਅਤੇ ਕਾਰਜਕਾਰੀ ਮੈਜਿਸਟ੍ਰੇਟ ਨੂੰ ਸਰਕਾਰ ਦੇ ਨਾਂਅ ਮੰਗ ਪੱਤਰ ਸੌਂਪਿਆ। ਇਸ ਮੌਕੇ ਬੋਲਦਿਆਂ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਰਾਮ ਸਰੂਪ ਢੈਪਈ, ਸਾਬਕਾ ਪ੍ਰਧਾਨ ਭੁਪਿੰਦਰ ਸਿੰਘ ਛਾਜਲੀ, ਜੀਤ ਸਿੰਘ ਬੰਗਾ ਅਤੇ ਪੁਲਿਸ ਮੁਲਾਜਮਾਂ ਦੀ ਜਥੇਬੰਦੀ ਦੇ ਪ੍ਰਧਾਨ ਥਾਣੇਦਾਰ ਦਰਸ਼ਨ ਸਿੰਘ ਭਰੂਰ ਨੇ ਕਿਹਾ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਨੇ ਪੈਨਸ਼ਨਰਾਂ ਦੀਆਂ ਮੰਗਾਂ ਦੇ ਹੱਲ ਲਈ ਕੋਈ ਠੋਸ ਕਦਮ ਨਹੀਂ ਚੁੱਕਿਆ ਸਗੋਂ ਮੰਗਾਂ ਤੇ ਜਥੇਬੰਦੀਆਂ ਨਾਲ ਗੱਲਬਾਤ ਕਰਨ ਲਈ ਮੀਟਿੰਗਾਂ ਦਾ ਸਮਾਂ ਦੇਕੇ ਐਨ ਮੌਕੇ ਤੇ ਮੁੱਕਰਦੇ ਰਹੇ। ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਵਾਅਦਾ ਖਿਲਾਫੀ ਦੇ ਇਲਜ਼ਾਮ ਲਾਉਂਦਿਆਂ ਕਿਹਾ ਕਿ ਲਾਰੇਬਾਜ਼ ਸਰਕਾਰ ਨੂੰ ਆਉਣ ਵਾਲੀਆਂ ਵਿਧਾਨ ਸਭਾ ਦੀਆਂ ਆਮ ਚੋਣਾਂ ਵਿੱਚ ਖਮਿਆਜ਼ਾ ਭੁਗਤਣਾ ਪਵੇਗਾ। ਬੁਲਾਰਿਆਂ ਨੇ ਮੰਗ ਕੀਤੀ ਕਿ ਪੈਨਸ਼ਨਰਾਂ ਨੂੰ ਤਨਖਾਹ ਕਮਿਸ਼ਨ ਵੱਲੋਂ ਸਿਫਾਰਸ਼ ਕੀਤੇ ਤਨਖਾਹ ਸਕੇਲਾਂ ਦੇ ਬਕਾਏ ਆਈ ਏ ਐਸ, ਆਈ ਪੀ ਐਸ, ਆਈ ਐਫ ਐਸ ਅਧਿਕਾਰੀਆਂ ਨੂੰ ਕੀਤੀਆਂ ਅਦਾਇਗੀਆਂ ਦੇ ਪੈਟਰਨ ਤੇ ਅਦਾ ਕੀਤੇ ਜਾਣ, ਮਹਿੰਗਾਈ ਭੱਤੇ ਦੀਆਂ ਰਹਿੰਦੀਆਂ ਕਿਸ਼ਤਾਂ ਦਾ ਬਕਾਇਆ ਤੁਰੰਤ ਜਾਰੀ ਕੀਤੀ ਜਾਵੇ। 1/1/16 ਤੋਂ ਪਹਿਲਾਂ ਸੇਵਾ ਮੁਕਤ ਹੋਏ ਪੈਨਸ਼ਨਰਾਂ ਦੀ ਪੈਨਸ਼ਨ ਤਨਖਾਹ ਕਮਿਸ਼ਨ ਦੀ ਸਿਫਾਰਸ਼ ਅਨੁਸਾਰ 1/1/116 ਤੋਂ ਬਣਦੇ, 125% ਮਹਿੰਗਾਈ ਭੱਤੇ ਨੂੰ ਜੋੜ ਕੇ15%ਵਾਧੇ ਅਨੁਸਾਰ 2.59 ਗੁਣਾਂਕ ਨਾਲ ਸੋਧੀ ਜਾਵੇ। ਰੋਸ ਪ੍ਰਦਰਸ਼ਨ ਮੌਕੇ ਬਲਵਿੰਦਰ ਸਿੰਘ ਜ਼ਿਲ੍ਹੇਦਾਰ, ਵਿਸ਼ਵਕਾਂਤ ਸ਼ਰਮਾ, ਥਾਣੇਦਾਰ ਓਮ ਪ੍ਰਕਾਸ਼, ਹਜੂਰਾ ਸਿੰਘ, ਅੰਗਰੇਜ਼ ਸਿੰਘ ਚੀਮਾਂ, ਸ਼ੇਰ ਸਿੰਘ ਨੀਲੋਵਾਲ, ਬ੍ਰਿਜ ਲਾਲ ਧੀਮਾਨ, ਪਵਨ ਕੁਮਾਰ ਸ਼ਰਮਾ, ਸ਼੍ਰੀ ਰਾਮ ਗਰਗ, ਆਸਾ ਸਿੰਘ ਰਾਏ, ਪ੍ਰਿਤਪਾਲ ਸਿੰਘ, ਧਰਮ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪੈਨਸ਼ਨਰਾਂ ਨੇ ਸ਼ਮੂਲੀਅਤ ਕੀਤੀ। ਅਖੀਰ ਵਿੱਚ ਐਸੋਸੀਏਸ਼ਨ ਦੇ ਪ੍ਰਧਾਨ ਰਾਮ ਸਰੂਪ ਢੈਪਈ ਨੇ ਤਿੰਨ ਜੁਲਾਈ ਨੂੰ ਸੂਬਾ ਪੱਧਰੀ ਸੱਦੇ ਤਹਿਤ ਸੁਨਾਮ ਵਿਖੇ ਕੀਤੀ ਜਾਣ ਵਾਲੀ ਰੈਲੀ ਦੀਆਂ ਤਿਆਰੀਆਂ ਦਾ ਵਿੱਚ ਜੁਟਣ ਦਾ ਸੱਦਾ ਦਿੱਤਾ।