ਸੁਨਾਮ : ਪ੍ਰਸ਼ਾਸਨਿਕ ਸੁਧਾਰਾਂ ਦੇ ਮੱਦੇਨਜ਼ਰ ਸੂਬੇ ਦੀ ਭਗਵੰਤ ਮਾਨ ਸਰਕਾਰ ਵੱਲੋਂ ਜਾਰੀ ਕੀਤੇ ਦਿਸ਼ਾ ਨਿਰਦੇਸ਼ਾਂ ਤਹਿਤ ਮੰਗਲਵਾਰ ਨੂੰ ਸੁਨਾਮ ਦੇ ਐਸ.ਡੀ.ਐਮ ਪ੍ਰਮੋਦ ਸਿੰਗਲਾ ਨੇ ਤਹਿਸੀਲ ਦਫਤਰ ਦੀ ਅਚਨਚੇਤ ਚੈਕਿੰਗ ਕੀਤੀ ਅਤੇ ਕੀਤੀਆਂ ਜਾ ਰਹੀਆਂ ਰਜਿਸਟਰੀਆਂ ਦੇ ਕੰਮ ਦਾ ਜਾਇਜ਼ਾ ਲਿ। ਐਸ.ਡੀ.ਐਮ. ਪ੍ਰਮੋਦ ਸਿੰਗਲਾ ਨੇ ਦੱਸਿਆ ਕਿ ਤਹਿਸੀਲ ਵਿੱਚ ਰਜਿਸਟਰੀਆਂ ਕਰਨ ਦਾ ਕੰਮ ਸੁਚਾਰੂ ਢੰਗ ਨਾਲ ਚੱਲ ਰਿਹਾ ਹੈ , ਕਿਸੇ ਕਿਸਮ ਦਾ ਕੋਈ ਵੀ ਕੰਮ ਬਕਾਇਆ ਨਹੀਂ ਹੈ। ਉਨ੍ਹਾਂ ਕਿਹਾ ਕਿ ਤਹਿਸੀਲ ਦਫਤਰਾਂ ਵਿਖੇ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾ ਰਹੀ। ਉਨ੍ਹਾਂ ਕਿਹਾ ਕਿ ਤਹਿਸੀਲ ਦਫਤਰਾਂ ਵਿਖੇ ਲੋਕਾਂ ਨੂੰ ਲੋੜੀਂਦੀਆਂ ਸਾਰੀਆਂ ਸਹੂਲਤਾਂ ਮੁਹਈਆ ਕਰਵਾਈਆਂ ਜਾ ਰਹੀਆਂ ਹਨ ਜੇਕਰ ਫਿਰ ਵੀ ਕਿਸੇ ਨੂੰ ਕੋਈ ਦਿੱਕਤ ਆਉਂਦੀ ਹੈ ਤਾਂ ਉਹ ਦਫਤਰੀ ਸਮੇਂ ਦੌਰਾਨ ਉਨ੍ਹਾਂ ਨਾਲ ਰਾਬਤਾ ਕਰਕੇ ਆਪਣੀਆਂ ਮੁਸ਼ਕਿਲਾਂ ਦੱਸ ਸਕਦੇ ਹਨ। ਲੋਕਾਂ ਦੀਆਂ ਮੁਸ਼ਕਿਲਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ ਅਤੇ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਕਿਸੇ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਉਨ੍ਹਾਂ ਨੇ ਦਫ਼ਤਰ ਵਿੱਚ ਆਪਣੇ ਕੰਮਾਂ ਲਈ ਪੁੱਜੇ ਲੋਕਾਂ ਨਾਲ ਗੱਲਬਾਤ ਕੀਤੀ ਤੇ ਲੋਕਾਂ ਨੇ ਕੀਤੇ ਜਾ ਰਹੇ ਕੰਮਾਂ ਸਬੰਧੀ ਤਸੱਲੀ ਦਾ ਪ੍ਰਗਟਾਵਾ ਕੀਤਾ।