ਸੁਨਾਮ : ਸ਼ਹੀਦ ਊਧਮ ਸਿੰਘ ਕੰਬੋਜ਼ ਯਾਦਗਾਰੀ ਕਮੇਟੀ ਮੇਨ ਦੇ ਪ੍ਰਧਾਨ ਮਨਦੀਪ ਸਿੰਘ ਜੋਸ਼ਨ, ਸਰਪ੍ਰਸਤ ਕੇਹਰ ਸਿੰਘ ਜੋਸ਼ਨ, ਪ੍ਰਿਤਪਾਲ ਸਿੰਘ ਥਿੰਦ, ਬਾਵਾ ਹਾਂਡਾ, ਗੁਰਮੇਲ ਸਿੰਘ ਅਬਦਾਲ ਅਤੇ ਭੁਪਿੰਦਰ ਸਿੰਘ ਸੰਧੇ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਤੋਂ ਮੰਗ ਕੀਤੀ ਹੈ ਕਿ ਵਿਧਾਨ ਸਭਾ ਹਲਕਾ ਜਲਾਲਾਬਾਦ ਦੇ ਵਿਧਾਇਕ ਜਗਦੀਪ ਸਿੰਘ ਗੋਲਡੀ ਕੰਬੋਜ਼ ਨੂੰ ਮੰਤਰੀ ਮੰਡਲ ਵਿਚ ਸ਼ਾਮਿਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕੰਬੋਜ ਭਾਈਚਾਰਾ ਪੰਜਾਬ ਦੇ ਲਗਭਗ ਹਰ ਜ਼ਿਲ੍ਹੇ ਵਿੱਚ ਵੱਡੀ ਗਿਣਤੀ ਵਿੱਚ ਵੱਸਿਆ ਹੋਇਆ ਹੈ ਪਰ ਬੜੇ ਦੁੱਖ ਦੀ ਗੱਲ ਹੈ ਕਿ ਪੰਜਾਬ ਕੈਬਨਿਟ ਵਿੱਚ ਪੰਜਾਬ ਦੇ ਕੰਬੋਜ ਭਾਈਚਾਰੇ ਦਾ ਇੱਕ ਵੀ ਪ੍ਰਤੀਨਿੱਧ ਨਹੀਂ ਹੈ। ਉਪਰੋਕਤ ਆਗੂਆਂ ਨੇ ਕਿਹਾ ਕਿ ਪੰਜਾਬ ਕੈਬਨਿਟ ਵਿੱਚ ਕੰਬੋਜ ਭਾਈਚਾਰੇ ਦਾ ਇੱਕ ਵੀ ਪ੍ਰਤੀਨਿੱਧ ਨਾ ਹੋਣ ਕਾਰਨ ਪੰਜਾਬ ਦੇ ਕੰਬੋਜ ਭਾਈਚਾਰੇ ਨੂੰ ਆਪਣੀਆਂ ਮੰਗਾਂ ਅਤੇ ਮਸਲਿਆਂ ਦੇ ਹੱਲ ਲਈ ਅਨੇਕਾਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਤੋਂ ਜ਼ੋਰਦਾਰ ਮੰਗ ਕਰਦਿਆਂ ਕਿਹਾ ਕਿ ਜੇਕਰ ਜਲਾਲਾਬਾਦ ਦੇ ਵਿਧਾਇਕ ਗੋਲਡੀ ਕੰਬੋਜ ਨੂੰ ਪੰਜਾਬ ਦਾ ਕੈਬਨਿਟ ਮੰਤਰੀ ਬਣਾ ਦਿੱਤਾ ਜਾਂਦਾ ਹੈ ਤਾਂ ਇਸ ਨਾਲ ਪੰਜਾਬ ਕੈਬਨਿਟ ਵਿੱਚ ਪੰਜਾਬ ਦੇ ਕੰਬੋਜ ਭਾਈਚਾਰੇ ਨੂੰ ਵੀ ਉਚਿਤ ਪ੍ਰਤੀਨਿੱਧਤਾ ਮਿਲ ਜਾਵੇਗੀ ਜਿਸ ਨਾਲ ਪੰਜਾਬ ਦੇ ਕੰਬੋਜ ਭਾਈਚਾਰੇ ਦੇ ਲੋਕਾਂ ਨੂੰ ਆਪਣੀਆਂ ਮੰਗਾਂ ਅਤੇ ਮੁਸ਼ਿਕਲਾਂ ਨੂੰ ਹੱਲ ਕਰਵਾਉਣਾ ਬਹੁਤ ਆਸਾਨ ਹੋ ਜਾਵੇਗਾ।