ਭਾਕਿਯੂ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਤੇ ਹੋਰ ਆਗੂ
ਸੁਨਾਮ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਸੁਨਾਮ ਦੇ ਵੱਡੇ ਪਿੰਡ ਛਾਜਲੀ ਵਿਖੇ ਜਥੇਬੰਦੀ ਦੇ ਅਹੁਦੇਦਾਰਾਂ ਦੀ ਚੋਣ ਕਰਨ ਲਈ ਕੀਤੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ, ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਅਤੇ ਸੁਖਪਾਲ ਸਿੰਘ ਮਾਣਕ ਨੇ ਕਿਹਾ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਕੇਂਦਰ ਵਿਚਲੀ ਨਰਿੰਦਰ ਮੋਦੀ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਨੂੰ ਲਾਗੂ ਕਰਕੇ ਕਿਸਾਨੀ ਨੂੰ ਖ਼ਤਮ ਕਰਨ ਦੇ ਰਾਹ ਤੁਰੀ ਹੋਈ ਹੈ। ਉਨ੍ਹਾਂ ਆਖਿਆ ਕਿ ਜਥੇਬੰਦੀ ਲਗਾਤਾਰ ਕਿਸਾਨਾਂ ਅਤੇ ਮਜ਼ਦੂਰਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਦੀ ਆ ਰਹੀ ਹੈ ਅਤੇ ਭਵਿੱਖ ਵਿੱਚ ਵੀ ਜਾਰੀ ਰਹਿਣਗੀਆਂ। ਕਿਸਾਨ ਆਗੂਆਂ ਨੇ ਕਿਹਾ ਕਿ ਕਾਰਪੋਰੇਟ ਘਰਾਣਿਆਂ ਵੱਲੋਂ ਕਿਸਾਨਾਂ ਦੀਆਂ ਜ਼ਮੀਨਾਂ ਤੇ ਕਬਜ਼ੇ ਕਰਨ ਲਈ ਕੀਤੇ ਜਾਣ ਵਾਲੇ ਧੱਕੇ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਜਥੇਬੰਦੀ ਦੇ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਨੇ ਦੱਸਿਆ ਕਿ ਬਲਾਕ ਦੇ 35 ਪਿੰਡਾਂ ਵਿੱਚੋਂ 15 ਪਿੰਡਾਂ ਦੀ ਜਥੇਬੰਦਕ ਚੋਣ ਮੁਕੰਮਲ ਹੋ ਚੁੱਕੀ ਹੈ ਬਾਕੀ ਪਿੰਡਾਂ ਦੀਆਂ ਚੋਣਾਂ ਵੀ ਜਲਦੀ ਕੀਤੀਆਂ ਜਾਣਗੀਆਂ। ਬੀਕੇਯੂ ਉਗਰਾਹਾਂ ਦੇ ਬਲਾਕ ਪ੍ਰੈਸ ਸਕੱਤਰ ਸੁਖਪਾਲ ਸਿੰਘ ਮਾਣਕ ਨੇ ਦੱਸਿਆ ਕਿ ਛਾਜਲੀ ਇਕਾਈ ਬੀ ਦਾ ਪ੍ਰਧਾਨ ਗੁਰਸੇਵਕ ਸਿੰਘ, ਮੀਤ ਪ੍ਰਧਾਨ ਨਾਜ਼ਰ ਸਿੰਘ, ਸੀਨੀਅਰ ਮੀਤ ਪ੍ਰਧਾਨ ਮੇਜ਼ਰ ਸਿੰਘ, ਖਜਾਨਚੀ ਸ਼ਮਸ਼ੇਰ ਸਿੰਘ, ਸੈਕਟਰੀ ਕੁਲਵਿੰਦਰ ਸਿੰਘ, ਪ੍ਰਚਾਰ ਸਕੱਤਰ ਅੰਤਰ ਸਿੰਘ, ਸੰਗਠਨ ਸਕੱਤਰ ਸੁਰਜਨ ਸਿੰਘ, ਸਲਾਹਕਾਰ ਭੁਪਿੰਦਰ ਸਿੰਘ ਨੂੰ ਬਣਾਇਆ ਗਿਆ ਹੈ। ਇਸੇ ਤਰ੍ਹਾਂ ਇਕਾਈ ਸੀ ਛਾਜਲੀ ਦਾ ਪ੍ਰਧਾਨ ਮਿੱਠੂ ਸਿੰਘ, ਸੀਨੀਅਰ ਮੀਤ ਪ੍ਰਧਾਨ ਜੋਗਿੰਦਰ ਸਿੰਘ, ਮੀਤ ਪ੍ਰਧਾਨ ਅਮਰੀਕ ਸਿੰਘ, ਖਜਾਨਚੀ ਅਵਤਾਰ ਸਿੰਘ, ਬਿੰਦਰ ਸਿੰਘ ਪ੍ਰਚਾਰ ਸਕੱਤਰ, ਅਮਰੀਕ ਸਿੰਘ ਸੰਗਠਨ ਸਕੱਤਰ, ਜਸਵੰਤ ਗੋਲਡੀ ਮੁੱਖ ਸਲਾਹਕਾਰ ਅਤੇ ਗੁਲਾਬ ਸਿੰਘ, ਭੋਲਾ ਸਿੰਘ ਨੂੰ ਬਣਾਇਆ ਗਿਆ ਹੈ। ਕਿਸਾਨ ਆਗੂ ਸੁਖਪਾਲ ਸਿੰਘ ਮਾਣਕ ਨੇ ਕਿਹਾ ਕਿ ਕਿਸਾਨਾਂ ਨੂੰ ਅਗਲੇ ਸੰਘਰਸ਼ ਲਈ ਤਿਆਰ ਰਹਿਣ ਦੀ ਤਾਕੀਦ ਕੀਤੀ ਗਈ ਹੈ।