ਸੁਨਾਮ : ਪਾਵਰਕਾਮ ਐਂਡ ਟਰਾਂਸਕੋ ਪੈਨਸ਼ਨਰ ਯੂਨੀਅਨ ਸੁਨਾਮ ਦੀ ਹੋਈ ਜਨਰਲ ਕੌਂਸਲ ਮੀਟਿੰਗ ਵਿੱਚ ਹਾਜ਼ਰ ਬੁਲਾਰਿਆਂ ਪ੍ਰਧਾਨ ਸੁਰਿੰਦਰ ਸਿੰਘ ਸੁਨਾਮ, ਜਗਦੇਵ ਸਿੰਘ ਬਾਹੀਆ, ਪ੍ਰਿਤਪਾਲ ਸਿੰਘ ਮਹਿਰੋਕ ਅਤੇ ਤੇਜਿੰਦਰ ਸਿੰਘ ਨੇ ਸਰਕਾਰ ਅਤੇ ਪਾਵਰਕਾਮ ਦੀ ਮੈਨੇਜਮੈਂਟ ਤੋਂ ਮੰਗ ਕੀਤੀ ਹੈ ਕਿ ਬਿਜਲੀ ਮੁਲਾਜ਼ਮਾਂ ਨੂੰ ਬਕਾਇਆ ਰਾਸ਼ੀ ਦੀ ਅਦਾਇਗੀ ਯਕਮੁਸ਼ਤ ਕੀਤੀ ਜਾਵੇ। ਸੋਮਵਾਰ ਨੂੰ ਸੁਨਾਮ ਵਿਖੇ ਪੈਨਸ਼ਨਰ ਐਸੋਸ਼ੀਏਸ਼ਨ ਦੇ ਦਫ਼ਤਰ ਵਿੱਚ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਪੈਨਸ਼ਨਰ ਆਗੂਆਂ ਸੁਰਿੰਦਰ ਸਿੰਘ ਸੁਨਾਮ, ਜਗਦੇਵ ਸਿੰਘ ਬਾਹੀਆ ਅਤੇ ਤੇਜਿੰਦਰ ਸਿੰਘ ਨੇ ਕਿਹਾ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਅਤੇ ਪਾਵਰਕਾਮ ਦੀ ਮੈਨੇਜਮੈਂਟ ਬਿਜਲੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਪੂਰਾ ਕਰਨ ਲਈ ਟਾਲਮਟੋਲ ਕਰ ਰਹੀ ਹੈ। ਉਨ੍ਹਾਂ ਆਖਿਆ ਕਿ ਵਾਅਦਿਆਂ ਤੋਂ ਮੁੱਕਰਦੀ ਨਜ਼ਰ ਆ ਰਹੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਇਸ ਦਾ ਖਮਿਆਜ਼ਾ ਭੁਗਤਣਾ ਪਵੇਗਾ। ਮੀਟਿੰਗ ਵਿੱਚ ਸ਼ਾਮਿਲ ਮੈਂਬਰਾਂ ਨੇ ਜਥੇਬੰਦੀ ਦੇ ਵਿਛੋੜਾ ਦੇ ਗਏ ਸਾਥੀਆਂ ਨੂੰ ਮੋਨ ਰੱਖਕੇ ਸ਼ਰਧਾਂਜਲੀ ਭੇਟ ਕੀਤੀ। ਪੈਨਸ਼ਨਰਜ਼ ਆਗੂ ਪ੍ਰਿਤਪਾਲ ਸਿੰਘਮਹਿਰੋਕ , ਸੀਨੀਅਰ ਮੀਤ ਪ੍ਰਧਾਨ ਤੇਜਿੰਦਰ ਸਿੰਘ, ਕੇ ਪੀ ਸਿੰਘ, ਹਰੀ ਸਿੰਘ, ਬਲਵਿੰਦਰ ਕੁਮਾਰ, ਹਰਮੇਲ ਸਿੰਘ ਮਹਿਰੋਕ, ਕੁਲਦੀਪ ਰਾਮ ਸ਼ਰਮਾ ਅਤੇ ਬਨਾਰਸੀ ਦਾਸ ਨੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ 2015 ਤੋਂ ਪਹਿਲਾਂ ਸੇਵਾਮੁਕਤ ਹੋਏ ਮੁਲਾਜਮਾਂ ਦੀ ਪੈਨਸ਼ਨ 2.59 ਦੇ ਫਾਰਮੂਲੇ ਨਾਲ ਸੋਧ ਕਰਕੇ ਬਕਾਇਆ ਇੱਕ ਕਿਸ਼ਤ ਵਿੱਚ ਜਲਦੀ ਦਿਤਾ ਜਾਵੇ। ਉਨ੍ਹਾਂ ਆਖਿਆ ਕਿ ਜੇਕਰ ਸੂਬੇ ਦੀ ਸਰਕਾਰ ਅਤੇ ਪਾਵਰਕੌਮ ਦੀ ਮੈਨੇਜਮੈਂਟ ਬਿਜਲੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਦਾ ਹੱਲ ਨਹੀਂ ਕਰਦੀ ਅਗਲੇ ਸ਼ੰਘਰਸ਼ ਲਈ 14 ਜੁਲਾਈ ਨੂੰ ਸਟੇਟ ਵਰਕਿੰਗ ਕਮੇਟੀ ਵਿੱਚ ਵਿਚਾਰ ਕੀਤਾ ਜਾਵੇਗਾ ਅਤੇ ਮੰਗਾਂ ਦੀ ਪੂਰਤੀ ਲਈ ਸੰਘਰਸ਼ ਕਰਨ ਦਾ ਸੱਦਾ ਦਿੱਤਾ ਜਾਵੇਗਾ।