ਐਸ.ਏ.ਐਸ.ਨਗਰ : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਨੂੰ ਹਰਿਆ-ਭਰਿਆ ਅਤੇ ਸਿਹਤਮੰਦ ਸੂਬਾ ਬਣਾਉਣ ਦੀ ਵਚਨਬੱਧਤਾ ਦੇ ਤਹਿਤ ਡੇਰਾਬੱਸੀ ਦੇ ਵਿਧਾਇਕ ਸ: ਕੁਲਜੀਤ ਸਿੰਘ ਰੰਧਾਵਾ ਨੇ ਜ਼ੀਰਕਪੁਰ ਦੇ ਪਿੰਡ ਗਾਜੀਪੁਰ ਵਿਖੇ ਪਹੁੰਚ ਕੇ ਪੰਜਾਬ ਵਣ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੁਆਰਾ ਗ੍ਰੀਨ ਪਲਾਂਟੇਸ਼ਨ ਸੁਸਾਇਟੀ ਦੇ ਸਹਿਯੋਗ ਨਾਲ ਜ਼ਿਲ੍ਹੇ ਵਿੱਚ 3.50 ਲੱਖ ਬੂਟੇ ਲਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ।
ਰੰਧਾਵਾ ਵੱਲੋ ਅੱਜ ਜ਼ੀਰਕਪੁਰ ਦੇ ਪਿੰਡ ਗਾਜੀਪੁਰ ਵਿਖੇ ਜੰਗਲਾਤ ਅਫਸਰਾਂ ਦੀ ਟੀਮ ਡੀ.ਐਫ.ਓ. ਮੋਹਾਲੀ ਕੰਵਰਦੀਪ ਸਿੰਘ ਅਤੇ ਐਨ.ਜੀ.ਓ. ਨੁਮਾਇੰਦੇ ਭਾਰਦਵਾਜ ਦੇ ਸਹਿਯੋਗ ਨਾਲ ਬੂਟੇ ਲਾਉਂਦੇ ਸਮੇਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਰੁੱਖ ਲਗਾਉਣਾ ਸਮਾਜ ਲਈ ਅਤਿ ਜਰੂਰੀ ਹੈ ਤਾਂ ਜੋ ਵਾਤਾਵਰਣ ਨੂੰ ਸਾਫ ਸੁਥਰਾ ਅਤੇ ਸ਼ੁੱਧ ਬਣਾਇਆ ਜਾ ਸਕੇ। ਰੁੱਖਾਂ ਦੀ ਸਾਡੇ ਜੀਵਨ ਵਿੱਚ ਬਹੁਤ ਮਹੱਤਤਾ ਹੈ। ਉਨ੍ਹਾਂ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਆਉਣ ਵਾਲੇ ਸਮੇਂ ਵਿੱਚ ਆਕਸੀਜਨ, ਪਾਣੀ ਨੂੰ ਬਚਾਉਣ ਅਤੇ ਵਾਤਾਵਰਨ ਨੂੰ ਸਾਫ ਰੱਖਣ ਲਈ ਬੂਟੇ ਲਗਾਉਣੇ ਜਰੂਰੀ ਹਨ।
ਇਸ ਮੌਕੇ ਉਨ੍ਹਾਂ ਨੇ ਜ਼ੀਰਕਪੁਰ ਦੇ ਵਾਸੀਆਂ ਨੂੰ ਕਿਹਾ ਕਿ ਸ਼ਹਿਰ ਪੱਥਰਾਂ ਦਾ ਸ਼ਹਿਰ ਬਣ ਕੇ ਰਹਿ ਗਿਆ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਰੁੱਖ ਲਗਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਬਰਸਾਤੀ ਮੌਸਮ ਵਿੱਚ ਵੱਧ ਤੋਂ ਵੱਧ ਬੂਟੇ ਲਗਾਏ ਜਾਣ। ਇਸ ਮੌਸਮ ਵਿੱਚ ਲਗਾਏ ਗਏ ਬੂਟੇ ਜਲਦੀ ਹਰੇ ਹੁੰਦੇ ਹਨ ਅਤੇ ਸੁੱਕਦੇ ਨਹੀਂ।
ਵਿਧਾਇਕ ਰੰਧਾਵਾ ਨੇ ਨੌਜਵਾਨ ਪੀੜੀ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਵੱਧ ਤੋਂ ਵੱਧ ਰੁੱਖ ਲਗਾਉਣ। ਉਨ੍ਹਾਂ ਕਿਹਾ ਕਿ ਉਹ ਪਿਛਲੇ ਤਿੰਨ ਸਾਲਾਂ ਤੋਂ ਬੂਟੇ ਲਗਾ ਰਹੇ ਹਨ। ਇਸ ਪਹਿਲਕਦਮੀ ਦਾ ਉਦੇਸ਼ ਵਾਤਾਵਰਣ ਦੀ ਸਥਿਰਤਾ ਵਿੱਚ ਯੋਗਦਾਨ ਪਾਉਣਾ ਅਤੇ ਹਰਿਆਲੀ ਨੂੰ ਉਤਸ਼ਾਹਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹ ਦਰੱਖਤ ਨਾ ਸਿਰਫ਼ ਕਿਸੇ ਵੀ ਖੇਤਰ ਦੇ ਸੁਹਜਾਤਮਕ ਮੁੱਲ ਨੂੰ ਵਧਾਉਂਦੇ ਹਨ ਬਲਕਿ ਹਵਾ ਦੀ ਗੁਣਵੱਤਾ ਨੂੰ ਸੁਧਾਰਨ ਅਤੇ ਜੈਵਿਕ ਵਿਭਿੰਨਤਾ ਨੂੰ ਹੁਲਾਰਾ ਦੇਣ ਵਿੱਚ ਵੀ ਸਹਾਈ ਹੁੰਦੇ ਹਨ।
ਹਲਕਾ ਵਿਧਾਇਕ ਨੇ ਜਲਵਾਯੂ ਪਰਿਵਰਤਨ ਨਾਲ ਨਜਿੱਠਣ ਅਤੇ ਵਾਤਾਵਰਣ ਦੇ ਸੰਤੁਲਨ ਨੂੰ ਬਣਾਈ ਰੱਖਣ ਲਈ ਰੁੱਖ ਲਗਾਉਣ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਉਪਰਾਲਿਆਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਅਤੇ ਹਰਿਆ-ਭਰਿਆ ਅਤੇ ਸਿਹਤਮੰਦ ਪੰਜਾਬ ਬਣਾਉਣ ਵਿੱਚ ਯੋਗਦਾਨ ਪਾਉਣ। ਇਸ ਮੌਕੇ ਪੈਪਸੂ ਡਾਇਰੈਕਟਰ ਗੁਰਪ੍ਰੀਤ ਸਿੰਘ ਵਿਰਕ, ਐਮ ਸੀ ਜਸਵਿੰਦਰ ਸਿੰਘ, ਹਰਦੀਪ ਸਿੰਘ ਗਾਜੀਪੁਰ ਸਮੇਤ ਸਕੂਲੀ ਬੱਚੇ ਹਾਜ਼ਰ ਹੋਏ।