ਸੁਨਾਮ : ਵਿਧਾਨ ਸਭਾ ਹਲਕਾ ਸੁਨਾਮ ਦੇ ਪਿੰਡ ਤੋਲਾਵਾਲ ਦੇ ਵਸਨੀਕ ਕਾਲਜ਼ ਵਿੱਚ ਪੜ੍ਹਦੇ ਇੱਕ ਵਿਦਿਆਰਥੀ ਨੇ ਕੋਈ ਜ਼ਹਿਰੀਲੀ ਵਸਤੂ ਨਿਗਲਕੇ ਖੁਦਕੁਸ਼ੀ ਕਰ ਲਈ ਹੈ। ਆਤਮ ਹੱਤਿਆ ਦਾ ਕਾਰਨ ਘਰ ਵਿਚਲੀ ਆਰਥਿਕ ਤੰਗੀ ਦੱਸਿਆ ਜਾ ਰਿਹਾ ਹੈ। ਮ੍ਰਿਤਕ ਨੌਜਵਾਨ ਛੋਟੇ ਕਿਸਾਨ ਦਾ ਪੁੱਤਰ ਸੀ। ਸੋਮਵਾਰ ਨੂੰ ਸੁਨਾਮ ਦੇ ਸਿਵਲ ਹਸਪਤਾਲ ਵਿਖੇ ਮ੍ਰਿਤਕ ਨੌਜਵਾਨ ਦੇ ਪੋਸਟਮਾਰਟਮ ਸਮੇਂ ਜਾਣਕਾਰੀ ਦਿੰਦਿਆ ਪੁਲਿਸ ਥਾਣਾ ਚੀਮਾਂ ਦੇ ਸਹਾਇਕ ਥਾਣੇਦਾਰ ਨੇਕ ਸਿੰਘ ਨੇ ਦੱਸਿਆ ਕਿ ਮਨਜੀਤ ਸਿੰਘ (19) ਵਾਸੀ ਪਿੰਡ ਤੋਲਾਵਾਲ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ਼ ਸੁਨਾਮ 'ਚ ਬੀ ਏ ਭਾਗ ਪਹਿਲਾ ਦਾ ਵਿਦਿਆਰਥੀ ਸੀ ਪਰੰਤੂ ਘਰ ਵਿੱਚ ਆਰਥਿਕ ਤੰਗੀ ਹੋਣ ਕਾਰਨ ਅਕਸਰ ਪ੍ਰੇਸ਼ਾਨ ਰਹਿੰਦਾ ਸੀ।ਜਿਸ ਨੂੰ ਲੈਕੇ ਉਸ ਨੇ 4 ਜੁਲਾਈ ਨੂੰ ਕੋਈ ਜ਼ਹਿਰੀਲੀ ਵਸਤੂ ਨਿਗਲ ਲਈ। ਪਤਾ ਲੱਗਣ 'ਤੇ ਪਰਿਵਾਰ ਵੱਲੋਂ ਇਲਾਜ਼ ਲਈ ਤੁਰੰਤ ਉਸ ਨੂੰ ਸੁਨਾਮ ਦੇ ਇਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਜਿੱਥੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ। ਏ ਐਸ ਆਈ ਨੇਕ ਸਿੰਘ ਨੇ ਕਿਹਾ ਕਿ ਪੁਲਿਸ ਵੱਲੋਂ ਮ੍ਰਿਤਕ ਮਨਜੀਤ ਸਿੰਘ ਦੇ ਪਿਤਾ ਗੁਰਜੰਟ ਸਿੰਘ ਦੇ ਬਿਆਨਾਂ 'ਤੇ ਬੀ ਐਨ ਐਸ ਐਸ ਦੀ ਧਾਰਾ 194 ਤਹਿਤ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ ਅਤੇ ਪੋਸਟਮਾਰਟਮ ਉਪਰੰਤ ਮ੍ਰਿਤਕ ਦੀ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਗਈ ਹੈ।