ਸੁਨਾਮ : ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਮਹੀਨਾਵਾਰ ਜ਼ਿਲ੍ਹਾ ਪੱਧਰੀ ਮੀਟਿੰਗ 10 ਜੁਲਾਈ ਨੂੰ ਗੁਰਦੁਆਰਾ ਨਾਨਕਿਆਣਾ ਸਾਹਿਬ ਸੰਗਰੂਰ ਵਿਖੇ ਸੱਦੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਜ਼ਿਲ੍ਹਾ ਜਨਰਲ ਸਕੱਤਰ ਰਣ ਸਿੰਘ ਚੱਠਾ ਨੇ ਦੱਸਿਆ ਕਿ ਉਕਤ ਮੀਟਿੰਗ ਵਿੱਚ ਜ਼ਿਲ੍ਹਾ, ਬਲਾਕ ਤੇ ਪਿੰਡ ਇਕਾਈਆਂ ਦੇ ਆਗੂ ਸ਼ਾਮਿਲ ਹੋਣਗੇ। ਮੀਟਿੰਗ ਦੌਰਾਨ ਕੇਂਦਰ ਸਰਕਾਰ ਵੱਲੋਂ ਐਮਐਸਪੀ ਗਰੰਟੀ ਕਾਨੂੰਨ ਸਮੇਤ ਮੰਨੀਆਂ ਹੋਰ ਮੰਗਾਂ ਨੂੰ ਲਾਗੂ ਕਰਵਾਉਣ ਪੰਜਾਬ ਦੇ ਸੰਘਰਸ਼ੀ ਤੇ ਆਮ ਲੋਕਾਂ ਦੀ ਜੁਬਾਨ ਬੰਦ ਕਰਨ ਲਈ ਦਿਨੋ ਦਿਨ ਵੱਧ ਰਹੇ ਸਰਕਾਰੀ ਜਬਰ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਜਮੀਨ ਹਥਿਆਉਣ ਲਈ ਲਿਆਂਦੀ ਗਈ ਲੈਂਡ ਪੂਲਿੰਗ ਪਾਲਿਸੀ ਭਾਰਤ ਤੇ ਅਮਰੀਕਾ ਵਿਚਾਲੇ ਹੋਣ ਵਾਲੇ ਟ੍ਰੇਡ ਸਮਝੌਤੇ ਸਮੇਤ ਵੱਖ-ਵੱਖ ਮੁੱਦਿਆਂ ਨੂੰ ਲੈਕੇ ਵਿਚਾਰ ਚਰਚਾ ਕੀਤੀ ਜਾਵੇਗੀ। ਰਣ ਸਿੰਘ ਚੱਠਾ ਨੇ ਦੱਸਿਆ ਕਿ ਇਸ ਮੀਟਿੰਗ ਦੌਰਾਨ ਐਸਕੇਐਮ ਗੈਰ ਸਿਆਸੀ ਵੱਲੋਂ ਉਲੀਕੇ ਆਗਾਮੀ ਪ੍ਰੋਗਰਾਮਾਂ ਨੂੰ ਸਫਲ ਬਣਾਉਣ ਲਈ ਪਿੰਡ ਪੱਧਰ ਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਆਗੂਆਂ ਦੀਆਂ ਡਿਊਟੀਆਂ ਲਗਾਈਆਂ ਜਾਣਗੀਆਂ ਤਾਂ ਜੋ ਇਨਾਂ ਪ੍ਰੋਗਰਾਮਾਂ ਵਿੱਚ ਵੱਧ ਤੋਂ ਵੱਧ ਇਕੱਠ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੇ ਦਿੱਲੀ ਵਾਲੇ ਅਕਾਵਾਂ ਦੇ ਇਸ਼ਾਰਿਆਂ ਤੇ ਪੰਜਾਬ ਨੂੰ ਪੁਲਿਸ ਰਾਜ ਬਣਾਕੇ ਹੱਕਾਂ ਲਈ ਲੜਨ ਵਾਲੇ ਲੋਕਾਂ ਤੇ ਕੀਤੀਆਂ ਜਾ ਰਹੀਆਂ ਜਾਲਮਾਨਾ ਕਾਰਵਾਈਆਂ ਦਾ ਮੂੰਹ ਤੋੜ ਜਵਾਬ ਦਿੱਤਾ ਜਾ ਸਕੇ। ਕਿਸਾਨ ਆਗੂ ਰਣ ਸਿੰਘ ਚੱਠਾ ਨੇ ਆਖਿਆ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਵੀ ਕੇਂਦਰ ਵਿਚਲੀ ਨਰਿੰਦਰ ਮੋਦੀ ਸਰਕਾਰ ਦੇ ਇਸ਼ਾਰਿਆਂ ਤੇ ਕਿਸਾਨੀ ਨੂੰ ਖ਼ਤਮ ਕਰਨ ਤੇ ਉਤਾਰੂ ਹੋ ਰਹੀ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਹੱਕ ਮੰਗਦੇ ਲੋਕਾਂ ਤੇ ਤਸ਼ੱਦਦ ਕਰਕੇ ਧਰਨੇ ਮੁਜ਼ਾਹਰੇ ਕਰ ਰਹੇ ਕਿਸਾਨਾਂ ਮਜਦੂਰਾਂ ਨੂੰ ਪੁਲਿਸ ਦੇ ਜ਼ੋਰ ਤੇ ਰੋਕ ਰਹੀ ਹੈ। ਅਜਿਹੇ ਵਰਤਾਰੇ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।