ਚੰਡੀਗੜ੍ਹ : ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਜਲੰਧਰ ਯੂਨਿਟ ਨੇ ਲਾਰੈਂਸ ਗੈਂਗ ਵੱਲੋਂ ਰਚੀ ਗਈ ਟਾਰਗੇਟ ਕਿਲਿੰਗ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ ਅਤੇ ਗੈਂਗ ਦੇ ਬਦਨਾਮ ਗੈਂਗਸਟਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਸਦੀ ਪਛਾਣ ਫਗਵਾੜਾ ਦੇ ਰਹਿਣ ਵਾਲੇ ਹਿਮਾਂਸ਼ੂ ਸੂਦ ਵਜੋਂ ਹੋਈ ਹੈ। ਉਹ ਕਪੂਰਥਲਾ ਦੇ ਨਾਲ-ਨਾਲ ਮੱਧ ਪ੍ਰਦੇਸ਼ ਵਿੱਚ ਵੀ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਿਹਾ ਸੀ। ਪੁਲਿਸ ਉਸ ਤੋਂ ਜਾਣਕਾਰੀ ਹਾਸਲ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਦੁਬਈ, ਯੂਏਈ ਵਿੱਚ ਬੈਠੇ ਨਮਿਤ ਸ਼ਰਮਾ ਦੇ ਇਸ਼ਾਰੇ ‘ਤੇ ਕੰਮ ਕਰ ਰਿਹਾ ਸੀ। ਨਮਿਤ ਸ਼ਰਮਾ ਬਦਨਾਮ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਬਹੁਤ ਕਰੀਬੀ ਸਾਥੀ ਹੈ। ਫਿਲਹਾਲ ਮੁਲਜ਼ਮ ਤੋਂ ਉਸ ਦੇ ਸਬੰਧਾਂ ਬਾਰੇ ਪੁੱਛਗਿੱਛ ਕੀਤੀ ਜਾ ਰਹੀ ਹੈ।
ਪੁਲੀਸ ਨੇ ਮੁਲਜ਼ਮ ਦੇ ਕਬਜ਼ੇ ਵਿੱਚੋਂ ਦੋ ਪਿਸਤੌਲ ਬਰਾਮਦ ਕੀਤੇ ਹਨ, ਜਿਨ੍ਹਾਂ ਵਿੱਚ ਇੱਕ .30 ਬੋਰ ਦਾ PX-3 ਪਿਸਤੌਲ (4 ਜਿੰਦਾ ਕਾਰਤੂਸਾਂ ਸਮੇਤ) ਅਤੇ ਇੱਕ .32 ਬੋਰ ਦਾ ਪਿਸਤੌਲ (3 ਜਿੰਦਾ ਕਾਰਤੂਸਾਂ ਸਮੇਤ) ਸ਼ਾਮਲ ਹੈ। ਡੀਜੀਪੀ ਨੇ ਕਿਹਾ ਕਿ ਮੁਲਜ਼ਮ ਦੇ ਖ਼ਿਲਾਫ਼ ਐਸਐਸਓਸੀ ਪੁਲਿਸ ਸਟੇਸ਼ਨ ਅੰਮ੍ਰਿਤਸਰ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ।