ਸੁਨਾਮ : ਸੂਬੇ ਦੀ ਭਗਵੰਤ ਮਾਨ ਸਰਕਾਰ ਵੱਲੋਂ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਵਿੱਢੀ ਮੁਹਿੰਮ ਤਹਿਤ ਮੰਗਲਵਾਰ ਨੂੰ ਸੁਨਾਮ ਵਿਖੇ ਪੁਲਿਸ ਨੇ ਥਾਣਾ ਸ਼ਹਿਰੀ ਦੇ ਮੁਖੀ ਇੰਸਪੈਕਟਰ ਪ੍ਰਤੀਕ ਜਿੰਦਲ ਦੀ ਅਗਵਾਈ ਹੇਠ ਬੱਸ ਅੱਡੇ ਸਰਚ ਅਭਿਆਨ ਚਲਾਇਆ। ਪੁਲਿਸ ਮੁਲਾਜ਼ਮਾਂ ਨੇ ਸਵਾਰੀਆਂ ਅਤੇ ਰਾਹਗੀਰਾਂ ਤੋਂ ਪੁੱਛਗਿੱਛ ਕਰਕੇ ਤਲਾਸ਼ੀ ਵੀ ਲਈ ਗਈ। ਇਸ ਮੌਕੇ ਵਿਸ਼ੇਸ਼ ਤੌਰ ਤੇ ਪੁੱਜੇ ਐਸ ਪੀ ਨਵਰੀਤ ਸਿੰਘ ਵਿਰਕ ਨੇ ਦੱਸਿਆ ਕਿ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਵਿੱਢੀ ਮੁਹਿੰਮ ਤਹਿਤ ਪੁਲਿਸ ਪਾਰਟੀਆਂ ਨੂੰ ਹਰ ਜਗ੍ਹਾ ਦੀ ਬਾਰੀਕੀ ਨਾਲ ਚੈਕਿੰਗ ਕਰਨ ਦੇ ਆਦੇਸ਼ ਦਿੱਤੇ ਗਏ ਤਾਂ ਜੋ ਪਤਾ ਲੱਗ ਸਕੇ ਕਿ ਨਸ਼ਿਆਂ ਦੇ ਕਾਲੇ ਕਾਰੋਬਾਰ ਵਿੱਚ ਸ਼ਾਮਿਲ ਵਿਅਕਤੀ ਬੱਸਾਂ ਦੇ ਰਾਹੀਂ ਤਾਂ ਅਜਿਹਾ ਨਹੀਂ ਕਰ ਰਹੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਵੱਲੋਂ ਸਰਤਾਜ ਸਿੰਘ ਚਹਿਲ ਐਸਐਸਪੀ ਸੰਗਰੂਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵੱਖ-ਵੱਖ ਸਬ ਡਿਵੀਜ਼ਨਾਂ ਦੇ ਵਿੱਚ ਚੈਕਿੰਗ ਕੀਤੀ ਜਾ ਰਹੀ ਹੈ। ਇਸੇ ਤਰ੍ਹਾਂ ਦੀਆਂ ਚੈਕਿੰਗਾਂ ਭਵਿੱਖ ਵਿੱਚ ਵੀ ਜਾਰੀ ਰਹਿਣਗੀਆਂ ਤਾਂ ਕਿ ਕੋਈ ਵੀ ਵਿਅਕਤੀ ਗੈਰ ਸਮਾਜੀ ਕੰਮ ਨਾ ਕਰੇ। ਨਸ਼ਿਆਂ ਦੇ ਖਾਤਮੇ ਲਈ ਪੁਲਿਸ ਵੱਲੋਂ ਪੂਰੀ ਸਖਤੀ ਨਾਲ ਕਾਰਵਾਈ ਕੀਤੀ ਜਾ ਰਹੀ ਹੈ। ਥਾਣਾ ਮੁਖੀ ਇੰਸਪੈਕਟਰ ਪ੍ਰਤੀਕ ਜਿੰਦਲ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਨਾਕੇ ਲਗਾਏ ਜਾ ਰਹੇ ਹਨ ਤਾਂ ਜੋ ਮਾੜੇ ਅਨਸਰਾਂ ਦੇ ਖਿਲਾਫ ਕਾਰਵਾਈ ਕੀਤੀ ਜਾ ਸਕੇ। ਇਸ ਮੌਕੇ ਪੁਲਿਸ ਚੌਂਕੀ ਦੇ ਇੰਚਾਰਜ ਸਹਾਇਕ ਥਾਣੇਦਾਰ ਗੁਰਮੇਲ ਸਿੰਘ, ਏ ਐਸ ਆਈ ਪਰਮਜੀਤ ਸਿੰਘ ਤੋਂ ਇਲਾਵਾ ਪੀਸੀਆਰ ਟੀਮ ਦੇ ਮੈਂਬਰ ਹਾਜ਼ਰ ਸਨ।