ਸੁਨਾਮ : ਪੰਜਾਬ ਵਿਧਾਨ ਸਭਾ ਦੀਆਂ ਆਮ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂਆਂ ਨੇ ਸਰਗਰਮੀ ਸ਼ੁਰੂ ਕਰ ਦਿੱਤੀ ਹੈ। ਸੁਨਾਮ ਵਿਧਾਨ ਸਭਾ ਹਲਕੇ ਦੇ ਪਿੰਡ ਗੱਗੜਪੁਰ ਵਿਖੇ ਸੀਨੀਅਰ ਕਾਂਗਰਸੀ ਆਗੂ ਅਤੇ ਜ਼ਿਲ੍ਹਾ ਯੋਜਨਾ ਬੋਰਡ ਸੰਗਰੂਰ ਦੇ ਸਾਬਕਾ ਚੇਅਰਮੈਨ ਰਾਜਿੰਦਰ ਸਿੰਘ ਰਾਜਾ ਬੀਰਕਲਾਂ ਦੀ ਅਗਵਾਈ ਹੇਠ ਦਰਜਨਾਂ ਨੌਜ਼ਵਾਨ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਏ। ਇਸ ਮੌਕੇ ਬੋਲਦਿਆਂ ਰਾਜਾ ਬੀਰਕਲਾਂ ਨੇ ਆਖਿਆ ਕਿ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਏ ਨੌਜਵਾਨਾਂ ਨੂੰ ਪਾਰਟੀ ਵਿੱਚ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਅੰਦਰ ਮੌਜੂਦਾ ਸਮੇਂ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਵਿਗੜ ਚੁੱਕੀ ਹੈ। ਦਿਨ ਦਿਹਾੜੇ ਵਪਾਰੀਆਂ ਦੇ ਕਤਲ ਕੀਤੇ ਜਾ ਰਹੇ ਹਨ ਬਾਵਜੂਦ ਇਸਦੇ ਸੂਬੇ ਦੀ ਭਗਵੰਤ ਮਾਨ ਸਰਕਾਰ ਝੂਠੀ ਬਿਆਨਬਾਜ਼ੀ ਕਰਕੇ ਜਨਤਾ ਨੂੰ ਗੁੰਮਰਾਹ ਕਰ ਰਹੀ ਹੈ। ਨਿਰਦੋਸ਼ਾਂ ਦੇ ਕਾਤਲ ਸ਼ਰੇਆਮ ਜ਼ਿੰਮੇਵਾਰੀਆਂ ਲੈ ਰਹੇ ਹਨ। ਉਨ੍ਹਾਂ ਆਖਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵਿੱਢੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦਾ ਸੱਚ ਸਾਹਮਣੇ ਲਿਆਉਣ ਵਾਲੇ ਪੱਤਰਕਾਰਾਂ ਤੇ ਜਾਨਲੇਵਾ ਹਮਲੇ ਹੋ ਰਹੇ ਹਨ। ਕਾਂਗਰਸੀ ਆਗੂ ਰਾਜਿੰਦਰ ਸਿੰਘ ਰਾਜਾ ਬੀਰਕਲਾਂ ਨੇ ਕਿਹਾ ਕਿ ਪੰਜਾਬ ਸੂਬਾ ਕਾਂਗਰਸ ਪਾਰਟੀ ਦੀ ਸਰਕਾਰ ਦੇ ਹੱਥਾਂ ਵਿੱਚ ਹੀ ਸੁਰੱਖਿਅਤ ਹੈ ਮੌਜੂਦਾ ਸਰਕਾਰ ਹਰ ਫਰੰਟ ਤੇ ਫੇਲ੍ਹ ਹੋ ਚੁੱਕੀ ਹੈ। ਇਸ ਮੌਕੇ ਗੁਰਜੰਟ ਸ਼ਰਮਾ, ਯਾਦਵਿੰਦਰ ਸਿੰਘ, ਵਰਿੰਦਰ ਸਿੰਘ, ਜੀਵਨ, ਜੱਸੀ, ਹਰਦੀਪ ਸਿੰਘ, ਕਾਲਾ ਪੰਡਿਤ, ਹਰਿੰਦਰ ਸਿੰਘ ਨਹਿਲ, ਲਛਮਣ ਸਿੰਘ, ਤਾਰਾ ਸਿੰਘ, ਲੱਖੀ ਸਿੰਘ, ਸੁਖਬੀਰ ਸਿੰਘ ਕਾਹਲੋਂ, ਬਲਵੀਰ ਮਹਿਰਾ, ਸੁੱਖੀ, ਹਰੇ ਰਾਮ, ਯਾਦੀ, ਬੂਟਾ ਸਮੇਤ ਹੋਰ ਮੈਂਬਰ ਹਾਜ਼ਰ ਸਨ।