ਅੰਮ੍ਰਿਤਸਰ : ਪੰਜਾਬ ਭਾਜਪਾ ਦੇ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਰਾਸ਼ਟਰੀ ਸ਼ਹੀਦੀ ਦਿਵਸ ਵਜੋਂ ਮਨਾਇਆ ਜਾਵੇ ਅਤੇ ਦਿੱਲੀ ਦੇ 'ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ' ਦਾ ਨਾਮ ਬਦਲ ਕੇ 'ਸ੍ਰੀ ਗੁਰੂ ਤੇਗ ਬਹਾਦਰ ਹਿੰਦ ਦੀ ਚਾਦਰ ਅੰਤਰਰਾਸ਼ਟਰੀ ਹਵਾਈ ਅੱਡਾ' ਰੱਖਿਆ ਜਾਵੇ।
ਪ੍ਰੋ. ਸਰਚਾਂਦ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇੰਦਰਾ ਗਾਂਧੀ, ਜਿਸ ਦੇ ਨਾਮ 'ਤੇ ਦਿੱਲੀ ਹਵਾਈ ਅੱਡੇ ਦਾ ਨਾਮ ਰੱਖਿਆ ਗਿਆ ਹੈ, ਨੇ ਜੂਨ 1984 ਵਿੱਚ ਸ੍ਰੀ ਦਰਬਾਰ ਸਾਹਿਬ 'ਤੇ ਫ਼ੌਜੀ 'ਹਮਲਾ' ਕੀਤਾ ਸੀ ਅਤੇ ਹਜ਼ਾਰਾਂ ਨਿਰਦੋਸ਼ ਸ਼ਰਧਾਲੂਆਂ ਨੂੰ ਆਪਣੀਆਂ ਜਾਨਾਂ ਗੁਆਉਣੀਆਂ ਪਈਆਂ। ਉਨ੍ਹਾਂ ਦੇ ਕਤਲ ਤੋਂ ਬਾਅਦ, ਕਾਂਗਰਸੀ ਆਗੂਆਂ ਨੇ ਦੇਸ਼ ਭਰ ਵਿੱਚ ਸਿੱਖਾਂ ਦਾ ਵੱਡਾ ਕਤਲੇਆਮ ਕੀਤਾ। ਅਜਿਹੇ ਸ਼ਾਸਕ ਦੇ ਨਾਮ ਦੀ ਬਜਾਏ, ਗੁਰੂ ਤੇਗ ਬਹਾਦਰ ਸਾਹਿਬ ਵਰਗੇ ਅਸਲੀ 'ਰਾਸ਼ਟਰੀ ਨਾਇਕ' ਦੇ ਨਾਮ 'ਤੇ ਹਵਾਈ ਅੱਡੇ ਦਾ ਨਾਮ ਰੱਖਣਾ ਨਿਰਪੱਖਤਾ, ਨਿਆਂ ਅਤੇ ਧਾਰਮਿਕ ਸਹਿਣਸ਼ੀਲਤਾ ਵੱਲ ਇੱਕ ਇਤਿਹਾਸਕ ਕਦਮ ਹੋਵੇਗਾ। ਉਨ੍ਹਾਂ ਕਿਹਾ ਕਿ ਭਾਰਤ ਦੇ ਲੋਕ ਗੁਰੂ ਤੇਗ ਬਹਾਦਰ ਜੀ ਦੀ ਦਾਤ ਦਾ ਮੁੱਲ ਨਹੀਂ ਚੁਕਾ ਸਕਦੇ ਹਨ। ਜਿਨ੍ਹਾਂ ਨੇ ਹਿੰਦੂ ਧਰਮ, ਮਨੁੱਖ ਦੀ ਧਾਰਮਿਕ ਆਜ਼ਾਦੀ, ਸਰਬ ਸਾਂਝੀਵਾਲਤਾਅਤੇ ਸਭਿਆਚਾਰਕ ਕਦਰਾਂ-ਕੀਮਤਾਂ ਦੀ ਰੱਖਿਆ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ। ਇਹ ਨਾ ਸਿਰਫ਼ ਸਿੱਖ ਭਾਈਚਾਰੇ ਲਈ ਸਗੋਂ ਪੂਰੇ ਭਾਰਤ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਸਮੁੱਚਾ ਸਿੱਖ ਭਾਈਚਾਰਾ ਅਤੇ ਨਾਨਕ ਨਾਮ ਲੇਵਾ ਸੰਗਤ ਇਸ ਸਾਲ 25 ਨਵੰਬਰ ਨੂੰ ਆ ਰਹੇ ਨੌਵੇਂ ਗੁਰੂ, ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਮਨਾਉਣ ਲਈ ਸ਼ਾਨਦਾਰ ਤਿਆਰੀਆਂ ਵਿੱਚ ਰੁੱਝੀ ਹੋਈ ਹੈ। ਜੇਕਰ ਅਸੀਂ ਸੱਚਮੁੱਚ ਗੁਰੂ ਤੇਗ ਬਹਾਦਰ ਜੀ ਦੀ ਮਹਾਨ ਸ਼ਹਾਦਤ ਨੂੰ ਨਮਨ ਕਰਨਾ ਚਾਹੁੰਦੇ ਹਾਂ, ਤਾਂ ਇਸ ਸਾਲ ਸ਼ਹੀਦੀ ਦਿਹਾੜੇ ਦੇ ਮੌਕੇ 'ਤੇ, ਕੇਂਦਰ ਸਰਕਾਰ ਵੱਲੋਂ ਅਜਿਹਾ ਇਤਿਹਾਸਕ ਕਦਮ ਚੁੱਕਣਾ ਗੁਰੂ ਸਾਹਿਬ ਦੀ ਸ਼ਹਾਦਤ ਅੱਗੇ ਝੁਕਾਉਣ ਦੇ ਬਰਾਬਰ ਹੋਵੇਗਾ। ਉਨ੍ਹਾਂ ਕਿਹਾ ਕਿ ਜੇਕਰ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਨਾਮ 'ਤੇ ਰੱਖਿਆ ਜਾਂਦਾ ਹੈ, ਤਾਂ ਦੁਨੀਆ ਭਰ ਤੋਂ ਭਾਰਤ ਆਉਣ ਵਾਲੇ ਯਾਤਰੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਬਾਰੇ ਜਾਣ ਸਕਣਗੇ। ਉਨ੍ਹਾਂ ਅੱਗੇ ਸੁਝਾਅ ਦਿੱਤਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਚਰਨਾਂ ਨਾਲ ਛੂਹੀਆਂ ਥਾਵਾਂ ਲਈ ਇੱਕ ਵਿਸ਼ੇਸ਼ ਵਿਕਾਸ ਯੋਜਨਾ ਤਿਆਰ ਕਰਨ ਅਤੇ ਉਨ੍ਹਾਂ ਥਾਵਾਂ ਨੂੰ ਵਿਰਾਸਤੀ ਅਤੇ ਅੰਤਰ-ਧਰਮ ਸੈਰ-ਸਪਾਟਾ ਸਥਾਨਾਂ ਵਜੋਂ ਵਿਕਸਤ ਕਰਨ ਤੋਂ ਇਲਾਵਾ, ਸਿੱਖ ਇਤਿਹਾਸ ਅਤੇ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਨੂੰ ਰਾਸ਼ਟਰੀ ਪਾਠਕ੍ਰਮ ਯਾਨੀ ਸਕੂਲ ਅਤੇ ਯੂਨੀਵਰਸਿਟੀ ਦੇ ਪਾਠਕ੍ਰਮ ਵਿੱਚ ਸ਼ਾਮਲ ਕੀਤਾ ਜਾਵੇ, ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ ਵਿੱਚ ਸੰਵਾਦ, ਲੇਖ ਮੁਕਾਬਲੇ ਅਤੇ ਕਵੀ ਦਰਬਾਰ ਆਦਿ ਰਾਹੀਂ ਗੁਰੂ ਜੀ ਦੀ ਵਿਰਾਸਤ ਨੂੰ ਨੌਜਵਾਨ ਪੀੜ੍ਹੀ ਤੱਕ ਪਹੁੰਚਾਇਆ ਜਾਵੇ, ਸ਼ਹੀਦੀ ਦੀ 350ਵੀਂ ਵਰ੍ਹੇਗੰਢ 'ਤੇ ਸਮਰਪਿਤ ਸਿੱਕੇ ਅਤੇ ਡਾਕ ਟਿਕਟ ਜਾਰੀ ਕੀਤੇ ਜਾਣ, ਰਾਸ਼ਟਰੀ ਮੀਡੀਆ ਵਿੱਚ ਸਿੱਖ ਇਤਿਹਾਸ ਅਤੇ ਸ਼ਹਾਦਤਾਂ 'ਤੇ ਵਿਸ਼ੇਸ਼ ਪ੍ਰਸਾਰਨ ਕੀਤੇ ਜਾਣ, ਅੰਤਰਰਾਸ਼ਟਰੀ ਪੱਧਰ 'ਤੇ ਪ੍ਰਚਾਰ ਨੂੰ ਯਕੀਨੀ ਬਣਾਉਣ ਤੋਂ ਇਲਾਵਾ, ਸੰਯੁਕਤ ਰਾਸ਼ਟਰ, ਯੂਨੈਸਕੋ ਆਦਿ ਵਿੱਚ ਗੁਰੂ ਤੇਗ਼ ਬਹਾਦਰ ਜੀ, ਧਰਮ ਦੀ ਆਜ਼ਾਦੀ ਅਤੇ ਵਿਸ਼ਵਵਿਆਪੀ ਭਾਈਚਾਰੇ ਅਤੇ ਸਹਿਣਸ਼ੀਲਤਾ ਦੇ ਸੰਦੇਸ਼ ਨੂੰ ਬੁਲੰਦ ਕਰਨ ਲਈ ਵਿਦੇਸ਼ ਮੰਤਰਾਲੇ ਨੂੰ ਹਦਾਇਤ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ 25 ਨਵੰਬਰ ਨੂੰ ਜਨਤਕ ਛੁੱਟੀ ਐਲਾਨਣ ਤੋਂ ਇਲਾਵਾ, ਰਾਸ਼ਟਰਪਤੀ ਜਾਂ ਪ੍ਰਧਾਨ ਮੰਤਰੀ ਦੀ ਅਗਵਾਈ ਵਿੱਚ ਦਿੱਲੀ ਵਿੱਚ ਇੱਕ ਕੇਂਦਰੀ ਸਮਾਗਮ ਕਰਵਾਉਣ ਦਾ ਵੀ ਸੁਝਾਅ ਦਿੱਤਾ ਹੈ। ਉਨ੍ਹਾਂ ਕਿਹਾ ਕਿ ਗੁਰੂ ਤੇਗ਼ ਬਹਾਦਰ ਸਾਹਿਬ ਦੀ ਸ਼ਹਾਦਤ ਨੂੰ ਬਣਦਾ ਸਤਿਕਾਰ ਦੇਣਾ ਨਾ ਸਿਰਫ਼ ਸਿੱਖ ਭਾਈਚਾਰੇ ਦੀ ਇੱਛਾ ਹੈ ਬਲਕਿ ਭਾਰਤ ਦੀ ਰਾਸ਼ਟਰੀ ਜ਼ਿੰਮੇਵਾਰੀ ਵੀ ਹੈ। ਗੁਰਦੁਆਰਿਆਂ ਵਿੱਚ ਮੱਥਾ ਟੇਕਣ ਤੋਂ ਇਲਾਵਾ, ਸਰਕਾਰਾਂ ਨੂੰ ਗੁਰੂ ਸਾਹਿਬਾਨ ਨਾਲ ਸਬੰਧਿਤ ਪ੍ਰਤੀਕਾਤਮਿਕ ਅਤੇ ਨੀਤੀਗਤ ਫ਼ੈਸਲੇ ਵੀ ਲੈਣੇ ਪੈਣਗੇ, ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਗੁਰੂ ਸਾਹਿਬਾਨ ਅਤੇ ਸ਼ਹੀਦਾਂ ਅਤੇ ਵਿਚਾਰਾਂ ਨੂੰ ਸਮਝ ਸਕਣ ਅਤੇ ਆਪਣੇ ’ਤੇ ਲਾਗੂ ਕਰ ਸਕਣ।