ਮੋਹਾਲੀ : ਭਾਜਪਾ ਦੇ ਸੀਨੀਅਰ ਆਗੂ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ਪੰਜਾਬ ਦੀ ‘ਆਪ’ ਸਰਕਾਰ ’ਤੇ ‘ਗ਼ਲਤ ਸੋਚ ਅਤੇ ਗਲਤ ਢੰਗ ਨਾਲ ਲਾਗੂ ਕੀਤੀ ਗਈ’ ਲੈਂਡ-ਪੂਲਿੰਗ ਨੀਤੀ ’ਤੇ ਨਿਸ਼ਾਨਾ ਸਾਂਧਦਿਆਂ ਕਿਹਾ ਕਿ ਇਹ ਸੂਬੇ ਦੇ ਕਿਸਾਨਾਂ ਤੋਂ ਹਜ਼ਾਰਾਂ ਏਕੜ ਖੇਤੀਬਾੜੀ ਜ਼ਮੀਨ ਹੜੱਪਣ ਲਈ ਲਾਗੂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਕਿਸਾਨਾਂ ਤੋਂ ਜ਼ਮੀਨ ਹੜੱਪ ਕੇ ਲੈਂਡ ਅਤੇ ਰੀਅਲ ਅਸਟੇਟ ਮਾਫੀਆ ਨੂੰ ਸੌਂਪ ਕੇ ਅੰਨਦਾਤਾ ਨੂੰ ਬਰਬਾਦ ਕਰਨ ’ਤੇ ਤੁਲੀ ਹੋਈ ਹੈ।
ਇਸ ਮੌਕੇ ਸ: ਛੀਨਾ ਨੇ ਕਿਸਾਨਾਂ ਦੇ ਹਿੱਤਾਂ ਲਈ ਵਿਰੋਧ ਪ੍ਰਦਰਸ਼ਨ ਅਤੇ ਕਾਨੂੰਨੀ ਵਿਕਲਪਾਂ ਰਾਹੀਂ ਲੜਨ ਦਾ ਐਲਾਨ ਕਰਦਿਆਂ ਕਿਹਾ ਕਿ ਇਕੱਲੇ ਅੰਮ੍ਰਿਤਸਰ ਜ਼ਿਲ੍ਹੇ ’ਚ ਹੀ ਲੈਂਡ-ਪੂਲਿੰਗ ਦੇ ਨਾਮ ’ਤੇ ਸਰਕਾਰ ਵੱਲੋਂ 4400 ਏਕੜ ਤੋਂ ਵਧੇਰੇ ਜ਼ਮੀਨ ਹੜੱਪੀ ਜਾ ਰਹੀ ਹੈ। ਉਨ੍ਹਾਂ ਸਰਕਾਰ ਦੇ ਤਾਨਾਸ਼ਾਹੀ ਰਵੱਈਏ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਸਾਡੀ ਪਾਰਟੀ ਕਿਸਾਨਾਂ ਦੇ ਹਿੱਤਾਂ ਸਬੰਧੀ ਲੜਨ ਲਈ ਵਚਨਬੱਧ ਹੈ”। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਭਰ ’ਚ 75000 ਏਕੜ ਤੋਂ ਵਧੇਰੇ ਜ਼ਮੀਨ ਹੜੱਪੀ ਜਾ ਰਹੀ ਹੈ।
ਸ: ਛੀਨਾ ਨੇ ਕਿਹਾ ਕਿ ਇਹ ਨੀਤੀ ਦਿੱਲੀ ਤੋਂ ਅਰਵਿੰਦ ਕੇਜਰੀਵਾਲ ਦੇ ਆਦੇਸ਼ਾਂ ’ਤੇ ਦੁਵੱਲ੍ਹੇ ਢੰਗ ਨਾਲ ਲਾਗੂ ਕੀਤੀ ਜਾ ਰਹੀ ਹੈ ਅਤੇ ਸਰਕਾਰ ਜ਼ਮੀਨ ਅਤੇ ਰੀਅਲ ‘ਅਸਟੇਟ ਸ਼ਾਰਕਾਂ’ ਦੇ ਹੱਥਾਂ ’ਚ ਖੇਡ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦਾ ਅੰਨਦਾਤਾ ਹੈ ਅਤੇ ਕਿਸਾਨਾਂ ਲਈ ਜ਼ਮੀਨ ਉਨ੍ਹਾਂ ਦੀ ਜਿੰਦ-ਜਾਨ ਹੁੰਦੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਹਾਈਕਮਾਂਡ ਨੂੰ ਸੂਬਾ ਸਰਕਾਰ ਦੀਆਂ ਕਿਸਾਨ ਅਤੇ ਲੋਕ ਵਿਰੋਧੀ ਨੀਤੀਆਂ ਸਬੰਧੀ ਜਾਣੂ ਕਰਵਾਇਆ ਜਾ ਰਿਹਾ ਹੈ ਅਤੇ ਰਾਜ ਭਰ ’ਚ ਇਸ ਪਾਲਿਸੀ ਦਾ ਪੁਰਜ਼ੋਰ ਵਿਰੋਧ ਕੀਤਾ ਜਾਵੇਗਾ।
ਸ: ਛੀਨਾ ਨੇ ਕਿਹਾ ਕਿ ਇਹ ਨੀਤੀ ਜਾਇਜ਼ ਨਹੀਂ ਹੈ, ਕਿਉਂਕਿ ਇਸ ਸਬੰਧੀ ਕਿਸਾਨਾਂ ਨੂੰ ਵਿਸ਼ਵਾਸ ’ਚ ਨਹੀਂ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਅੰਨਦਾਤਾ ਨੂੰ ਕੁਝ ਵੀ ਨਗਦ ਭੁਗਤਾਨ ਨਹੀਂ ਕੀਤਾ ਜਾ ਰਿਹਾ ਹੈ ਅਤੇ ਕਿਸਾਨਾਂ ਨੂੰ ਉਨ੍ਹਾਂ ਦੀਆਂ ਜ਼ਮੀਨਾਂ ਲਈ ਪਲਾਟ ਦਿੱਤੇ ਜਾਣਗੇ ਜੋ ਕਿ ਕਿਸੇ ਵੀ ਹੱਦ ਤੱਕ ਸਵੀਕਾਰਯੋਗ ਨਹੀਂ ਹੈ”। ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਵਿਕਾਸ ਨਾਲ ਕੋਈ ਲੈਣਾ-ਦੇਣਾ ਨਹੀਂ ਹੈ, ਸਗੋਂ ਇਹ ਭੋਲੇਭਾਲੇ ਕਿਸਾਨਾਂ ਨੂੰ ਲੁੱਟਣ ਅਤੇ ਬਰਬਾਦ ਕਰਨ ਦੀ ਯੋਜਨਾ ਹੈ।