ਅਕਾਲੀ ਦਲ ਪੰਜਾਬ ਅਤੇ ਸਿੱਖਾਂ ਦੇ ਮਸਲੇ ਹੱਲ ਕਰਵਾਉਣ ਲਈ ਵਿੱਢੇਗਾ ਲਾਮਬੰਦੀ
ਸੁਨਾਮ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਦੋ ਟੁੱਕ ਕਰਦਿਆਂ ਆਖਿਆ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉਚਤਾ ਨੂੰ ਢਾਹ ਲਾਉਣ ਵਾਲਿਆਂ ਨਾਲ ਕਿਸੇ ਵੀ ਕੀਮਤ ਤੇ ਸਮਝੌਤਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਆਖਿਆ ਕਿ ਸੁਖਬੀਰ ਸਿੰਘ ਬਾਦਲ ਨੇ ਦੋ ਦਸੰਬਰ ਨੂੰ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਹੋਏ ਆਦੇਸ਼ਾਂ ਦੀ ਇੰਨਬਿੰਨ ਪਾਲਣਾ ਨਹੀਂ ਕੀਤੀ। ਮੰਗਲਵਾਰ ਨੂੰ ਸੁਨਾਮ ਵਿਖੇ ਸਾਬਕਾ ਕੌਂਸਲਰ ਕਾਂਤਾ ਪੱਪਾ ਦੇ ਘਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਅਨੁਸਾਰ ਪੰਜ ਮੈਂਬਰੀ ਕਮੇਟੀ ਵੱਲੋਂ ਪਾਰਟੀ ਦੀ ਭਰਤੀ ਪ੍ਰਕਿਰਿਆ ਮੁਕੰਮਲ ਹੋ ਚੁੱਕੀ ਹੈ, ਸਰਕਲ ਅਤੇ ਜ਼ਿਲ੍ਹਾ ਡੈਲੀਗੇਟਾਂ ਦੀ ਚੋਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਚੋਣ ਕੀਤੀ ਜਾਵੇਗੀ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਅਕਾਲੀ ਪੰਜਾਬ ਅਤੇ ਸਿੱਖਾਂ ਦੇ ਮਸਲੇ ਹੱਲ ਕਰਵਾਉਣ ਲਈ ਪੰਜਾਬ ਅਤੇ ਲਾਮਬੰਦੀ ਸ਼ੁਰੂ ਕਰੇਗਾ, ਉਪਰੰਤ ਕੇਂਦਰ ਅਤੇ ਸੂਬਾ ਸਰਕਾਰ ਨਾਲ ਰਾਬਤਾ ਕਾਇਮ ਕਰਕੇ ਮਸਲੇ ਹੱਲ ਕਰਵਾਏਗਾ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਮੌਜੂਦਾ ਹਾਊਸ ਦੀ ਮਿਆਦ ਪੂਰੀ ਹੋਣ ਜਾਣ ਕਾਰਨ ਅਧਿਕਾਰ ਗੁਆ ਚੁੱਕਾ ਹੈ ਬਾਵਜੂਦ ਇਸਦੇ ਸਿੱਖ ਕੌਮ ਦੇ ਫੈਸਲੇ ਕੀਤੇ ਜਾ ਰਹੇ ਹਨ। ਸੀਨੀਅਰ ਅਕਾਲੀ ਆਗੂ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਇਸੇ ਕਾਰਨ ਸਿੱਖ ਕੌਮ ਦੇ ਮਹਾਨ ਤਖਤਾਂ ਵਿੱਚ ਟਕਰਾਅ ਪੈਦਾ ਹੋ ਰਿਹਾ ਹੈ। ਤਖ਼ਤਾਂ ਦੇ ਜਥੇਦਾਰ ਸੁਖਬੀਰ ਸਿੰਘ ਬਾਦਲ ਅਤੇ ਉਨ੍ਹਾਂ ਦੀ ਜੁੰਡਲੀ ਦੇ ਕਹੇ ਅਨੁਸਾਰ ਸਿੱਖ ਕੌਮ ਨੂੰ ਨਾ ਪ੍ਰਵਾਨਿਤ ਫੈਸਲੇ ਕਰ ਰਹੇ ਹਨ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਚੋਣ ਤੋਂ ਬਾਅਦ ਅਕਾਲੀ ਦਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਕਰਵਾਉਣ ਲਈ ਕੇਂਦਰ ਸਰਕਾਰ ਤੇ ਦਬਾਅ ਪਾਏਗਾ। ਉਨ੍ਹਾਂ ਭਗਵੰਤ ਮਾਨ ਸਰਕਾਰ ਵੱਲੋਂ ਧਾਰਮਿਕ ਗ੍ਰੰਥਾਂ ਦੀਆਂ ਬੇਅਦਬੀਆਂ ਰੋਕਣ ਲਈ ਲਿਆਂਦੇ ਬਿਲ ਤੇ ਪ੍ਰਤੀਕਿਰਿਆ ਪ੍ਰਗਟ ਕਰਦਿਆਂ ਕਿਹਾ ਕਿ ਅਜਿਹੇ ਬਿਲ ਪਿਛਲੀਆਂ ਸਰਕਾਰਾਂ ਵੀ ਲੈਕੇ ਆਈਆਂ ਸਨ ਲੇਕਿਨ ਮਨਜ਼ੂਰ ਨਹੀਂ ਹੋਏ। ਇਸ ਮੌਕੇ ਅਮਨਬੀਰ ਸਿੰਘ ਚੈਰੀ, ਗੁਰਚਰਨ ਸਿੰਘ ਧਾਲੀਵਾਲ, ਸਾਬਕਾ ਕੌਂਸਲਰ ਰਮੇਸ਼ ਕੁਮਾਰ ਪੱਪਾ, ਕੌਂਸਲਰ ਮੌਂਟੀ ਮਧਾਨ, ਬਾਵਾ ਸਿੰਘ ਢਾਬੇ ਵਾਲਾ, ਪ੍ਰਿਤਪਾਲ ਸਿੰਘ ਕਾਲਾ ਕੋਕੋ ਮਾਜਰੀ, ਬਲਜਿੰਦਰ ਸਿੰਘ ਕਾਕਾ ਠੇਕੇਦਾਰ ਸਮੇਤ ਹੋਰ ਆਗੂ ਹਾਜ਼ਰ ਸਨ।