ਖੇਡਾਂ ਵਿੱਚ ਪੰਜਾਬੀ ਯੂਨੀਵਰਸਿਟੀ ਦੀ ਸ਼ਾਨਦਾਰ ਵਿਰਾਸਤ ਨੂੰ ਬਹਾਲ ਰੱਖਣ ਲਈ ਕੀਤੇ ਜਾਣਗੇ ਹਰ ਸੰਭਵ ਯਤਨ: ਡਾ. ਜਗਦੀਪ ਸਿੰਘ
ਪਟਿਆਲਾ : ਪੰਜਾਬੀ ਯੂਨੀਵਰਸਿਟੀ ਵਿਖੇ ਅੱਜ ਖੇਡ ਡਾਇਰੈਕਟੋਰੇਟ ਦੀ 'ਸਪੋਰਟਸ ਕਮੇਟੀ' ਦਾ ਜਨਰਲ ਇਜਲਾਸ ਕਰਵਾਇਆ ਗਿਆ ਜਿਸ ਵਿੱਚ ਖੇਡਾਂ ਦੇ ਖੇਤਰ ਨਾਲ਼ ਜੁੜੇ ਵੱਖ-ਵੱਖ ਮਾਮਲਿਆਂ ਬਾਰੇ ਵਿਚਾਰ-ਚਰਚਾ ਕੀਤੀ ਗਈ।
ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਖੇਡਾਂ ਦੇ ਖੇਤਰ ਵਿੱਚ ਪੰਜਾਬੀ ਯੂਨੀਵਰਸਿਟੀ ਦੀ ਸ਼ਾਨਦਾਰ ਵਿਰਾਸਤ ਨੂੰ ਬਹਾਲ ਰੱਖੇ ਜਾਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਦੀਆਂ ਵਿੱਤੀ ਸੀਮਾਵਾਂ ਦੇ ਬਾਵਜੂਦ ਪੜਾਅਵਾਰ ਤਰੀਕੇ ਨਾਲ਼ ਅੱਗੇ ਵਧਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਛੋਟੇ-ਛੋਟੇ ਕਦਮਾਂ ਦੇ ਰੂਪ ਵਿੱਚ ਕੀਤੀਆਂ ਜਾਣ ਵਾਲ਼ੀਆਂ ਪਹਿਲਕਦਮੀਆਂ ਤੋਂ ਸ਼ੁਰੂਆਤ ਕੀਤੀ ਜਾ ਸਕਦੀ ਹੈ। ਬਾਅਦ ਵਿੱਚ ਜਿਵੇਂ ਜਿਵੇਂ ਯੂਨਵਿਰਸਿਟੀ ਦੀ ਹਾਲਤ ਬਿਹਤਰ ਹੁੰਦੀ ਜਾਵੇਗੀ ਤਾਂ ਇਸ ਖੇਤਰ ਦੀ ਬਿਹਤਰੀ ਲਈ ਹੋਰ ਵਧੇਰੇ ਕਦਮ ਉਠਾਏ ਸਕਦੇ ਹਨ। ਉਨ੍ਹਾਂ ਕਿਹਾ ਕਿ ਸਾਨੂੰ ਸਭ ਨੂੰ ਮਿਲ ਕੇ ਇਹ ਕੋਸਿ਼ਸ਼ ਕਰਨੀ ਚਾਹੀਦੀ ਹੈ ਕਿ ਪੰਜਾਬੀ ਯੂਨੀਵਰਸਿਟੀ ਮੁੜ ਮਾਕਾ ਟਰਾਫ਼ੀ ਜਿੱਤਣਾ ਯਕੀਨੀ ਬਣਾ ਸਕੇ। ਉਨ੍ਹਾਂ ਇਸ ਮੌਕੇ ਖੇਡਾਂ ਸਮੇਤ ਵੱਖ-ਵੱਖ ਖੇਤਰਾਂ ਵਿੱਚ ਨਵੇਂ ਵਿੱਤੀ ਸਰੋਤ ਜੁਟਾਉਣ ਹਿਤ ਆਪੋ ਆਪਣੇ ਪੱਧਰ ਉੱਤੇ ਪਹਿਲਕਦਮੀਆਂ ਕਰਨ ਬਾਰੇ ਵੀ ਸੁਝਾਇਆ। ਉਨ੍ਹਾਂ ਕਿਹਾ ਕਿ ਕਾਰਪੋਰੇਟ ਸੈਕਟਰ ਤੋਂ ਸੀ.ਐੱਸ.ਆਰ. ਗਰਾਂਟ ਸਹੂਲਤ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਸਾਨੂੰ ਸਾਰਿਆਂ ਨੂੰ ਮਿਲ ਕੇ ਕੰਮ ਕਰਨਾ ਚਾਹੀਦਾ ਹੈ।
ਖੇਡ ਵਿਭਾਗ ਦੇ ਡਾਇਰੈਕਟਰ ਡਾ. ਗੁਰਦੀਪ ਕੌਰ ਰੰਧਾਵਾ ਨੇ ਦੱਸਿਆ ਕਿ ਇਜਲਾਸ ਦੌਰਾਨ ਯੂਨੀਵਰਸਿਟੀ ਅਧੀਨ ਆਉਂਦੇ ਵੱਖ-ਵੱਖ ਕਾਲਜਾਂ ਤੋਂ ਪੁੱਜੇ ਪ੍ਰਿੰਸੀਪਲ, ਅਧਿਆਪਕ, ਕੋਚ ਸਾਹਿਬਾਨ ਵੱਲੋਂ ਆਪੋ ਆਪਣੇ ਸੁਝਾਅ ਪੇਸ਼ ਕੀਤੇ ਗਏ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਇਨ੍ਹਾਂ ਸੁਝਾਵਾਂ ਉੱਤੇ ਗੌਰ ਕੀਤਾ ਜਾਵੇਗਾ ਤਾਂ ਕਿ ਖੇਡ ਖੇਤਰ ਵਿੱਚ ਹੋਰ ਵਧੇਰੇ ਪ੍ਰਾਪਤੀਆਂ ਕੀਤੀਆਂ ਜਾ ਸਕਣ।
ਡੀਨ ਅਕਾਦਮਿਕ ਮਾਮਲੇ ਪ੍ਰੋ. ਨਰਿੰਦਰ ਕੌਰ ਮੁਲਤਾਨੀ ਵੱਲੋਂ ਸਵਾਗਤੀ ਸ਼ਬਦ ਬੋਲੇ ਗਏ ਅਤੇ ਰਜਿਸਟਰਾਰ ਪ੍ਰੋ. ਸੰਜੀਵ ਪੁਰੀ ਵੱਲੋਂ ਧੰਨਵਾਦੀ ਭਾਸ਼ਣ ਦਿੱਤਾ ਗਿਆ।
ਸਪੋਰਟਸ ਕਮੇਟੀ ਦੇ ਕਨਵੀਨਰ ਡਾ. ਬਰਿੰਦਰ ਕੌਰ, ਪ੍ਰਿੰਸੀਪਲ, ਮਾਤਾ ਸੁੰਦਰੀ ਕਾਲਜ ਮਾਨਸਾ ਵੱਲੋਂ ਰਸਮੀ ਰੂਪ ਵਿੱਚ ਧੰਨਵਾਦੀ ਸ਼ਬਦ ਬੋਲੇ ਗਏ। ਇਸ ਮੌਕੇ ਡੀਨ ਕਾਲਜ ਵਿਕਾਸ ਕੌਂਸਲ ਡਾ. ਬਲਰਾਜ ਸੈਣੀ, ਡੀਨ ਵਿਦਿਆਰਥੀ ਭਲਾਈ ਡਾ. ਮੋਨਿਕਾ ਚਾਵਲਾ ਆਦਿ ਵੀ ਹਾਜ਼ਰ ਰਹੇ।