ਸੁਨਾਮ : ਭਾਜਪਾ ਦੀ ਸੂਬਾ ਸਕੱਤਰ ਦਾਮਨ ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਕੇਂਦਰ ਦੇ ਵਿਕਾਸ ਪ੍ਰੋਜੈਕਟਾਂ ਦੀ ਸਹੀ ਢੰਗ ਨਾਲ ਦੇਖਭਾਲ ਕਰਨ ਤੋਂ ਅਸਮਰੱਥ ਹੈ। ਸੁਨਾਮ ਦਾ ਰੇਲਵੇ ਅੰਡਰ ਬਰਿੱਜ ਇਸਦੀ ਸਪਸ਼ਟ ਉਦਾਹਰਣ ਪੇਸ਼ ਕਰ ਰਿਹਾ ਹੈ। ਰੇਲਵੇ ਵਿਭਾਗ ਨੇ ਇਸਨੂੰ ਬਣਾਇਆ ਅਤੇ 75 ਲੱਖ ਰੁਪਏ ਦੀ ਲਾਗਤ ਨਾਲ ਇੱਕ ਸ਼ੈੱਡ ਵੀ ਪਾਇਆ ਲੇਕਿਨ ਸੂਬੇ ਦੀ ਸਰਕਾਰ ਉਕਤ ਅੰਡਰ ਬ੍ਰਿਜ ਤੋਂ ਪਾਣੀ ਦੀ ਨਿਕਾਸੀ ਦਾ ਢੁਕਵਾਂ ਪ੍ਰਬੰਧ ਵੀ ਨਹੀਂ ਕਰ ਸਕੀ। ਪੂਰਾ ਇਲਾਕਾ ਭਾਰੀ ਸਮੱਸਿਆਵਾਂ ਦਾ ਸਾਹਮਣਾ ਕਰ ਰਿਹਾ ਹੈ। ਇੱਥੇ ਕਈ ਦਿਨਾਂ ਤੋਂ ਮੀਂਹ ਦਾ ਪਾਣੀ ਖੜ੍ਹਾ ਰਹਿੰਦਾ ਹੈ। ਗੰਦਾ ਪਾਣੀ ਜਿੱਥੇ ਰਾਹਗੀਰਾਂ ਲਈ ਪ੍ਰੇਸ਼ਾਨੀ ਬਣਿਆ ਹੋਇਆ ਉੱਥੇ ਗੰਭੀਰ ਬਿਮਾਰੀਆਂ ਨੂੰ ਸੱਦਾ ਦੇ ਰਿਹਾ ਹੈ। ਦਾਮਨ ਬਾਜਵਾ ਨੇ ਕਿਹਾ ਕਿ ਸਿਰਫ਼ ਦਾਅਵਿਆਂ ਨਾਲ ਲੋਕਾਂ ਨੂੰ ਰਾਹਤ ਨਹੀਂ ਮਿਲੇਗੀ। ਸਿਹਰਾ ਲੈਣ ਦੀ ਰਾਜਨੀਤੀ ਛੱਡ ਕੇ ਸਮਰਪਣ ਭਾਵਨਾ ਨਾਲ ਲੋਕਾਂ ਨੂੰ ਲਾਭ ਪਹੁੰਚਾਉਣਾ ਚਾਹੀਦਾ ਹੈ। ਉਨ੍ਹਾਂ ਆਖਿਆ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਸ਼ਹਿਰਾਂ ਅਤੇ ਪਿੰਡਾਂ ਦੇ ਵਿਕਾਸ ਦੀਆਂ ਟਾਹਰਾਂ ਮਾਰ ਰਹੀ ਹੈ ਜਦਕਿ ਹਕੀਕਤ ਕੁੱਝ ਹੋਰ ਬਿਆਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੁਨਾਮ ਵਿਖੇ ਕੇਂਦਰੀ ਹਕੂਮਤ ਵੱਲੋਂ ਜਨਤਾ ਦੀ ਸਹੂਲਤ ਲਈ ਕਰੋੜਾਂ ਰੁਪਏ ਖਰਚ ਕਰਕੇ ਇੱਕ ਹੋਰ ਅੰਡਰ ਬਰਿੱਜ ਬਣਾਇਆ ਜਾ ਰਿਹਾ ਜਿਸ ਦੇ ਬਣਨ ਨਾਲ ਇਲਾਕੇ ਦੇ ਲੋਕਾਂ ਨੂੰ ਆਵਾਜਾਈ ਵਿੱਚ ਵਧੇਰੇ ਲਾਭ ਮਿਲੇਗਾ। ਇਸ ਮੌਕੇ ਹਰਮਨਦੇਵ ਸਿੰਘ ਬਾਜਵਾ, ਭਾਜਪਾ ਦੇ ਮੰਡਲ ਪ੍ਰਧਾਨ ਰਾਜੀਵ ਕੁਮਾਰ ਮੱਖਣ, ਨਵਾਬ ਨਾਗਰਾ, ਕੁਲਬੀਰ ਸਿੰਘ ਲਖਮੀਰਵਾਲਾ ਸਮੇਤ ਹੋਰ ਆਗੂ ਹਾਜ਼ਰ ਸਨ।