ਪਟਿਆਲਾ : ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅੱਜ ਹਲਕਾ ਪਟਿਆਲਾ ਅਰਬਨ (ਸ਼ਹਿਰੀ) ਐਸ.ਸੀ.ਭਾਈਚਾਰੇ ਦੇ 24 ਕਰਜ਼ਦਾਰਾਂ ਨੂੰ ਕਰੀਬ 37.33 ਲੱਖ ਰੁਪਏ ਦੀ ਕਰਜ਼ਾ ਮੁਆਫੀ ਦਾ ਲਾਭ ਪ੍ਰਦਾਨ ਕਰਕੇ ਸਮਾਜਿਕ ਅਤੇ ਆਰਥਿਕ ਸਥਿਤੀ ਨੂੰ ਮਜ਼ਬੂਤ ਬਣਾਉਣ ਵੱਲ ਇੱਕ ਵੱਡਾ ਕ਼ਦਮ ਚੁੱਕਿਆ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਗਰੀਬ ਪਰਿਵਾਰਾਂ ਦਾ ਸਾਰਾ ਕਰਜਾ ਮਾਫ਼ ਕਰਕੇ ਗਰੀਬ ਪਰਿਵਾਰਾਂ ਨੂੰ ਵਿੱਤੀ ਬੋਝ ਤੋਂ ਮੁਕਤ ਕੀਤਾ ਹੈ। ਅਜੀਤਪਾਲ ਸਿੰਘ ਕੋਹਲੀ ਨੇ ਕਰਜ਼ਾ ਮੁਆਫੀ ਸਰਟੀਫਿਕੇਟ ਵ਼ੰਡਦਿਆਂ ਕਿਹਾ ਕਿ ਗਰੀਬ ਪਰਿਵਾਰ ਹੁਣ ਆਪਣੇ ਬੱਚਿਆਂ ਦੀ ਪੜ੍ਹਾਈ ਅਤੇ ਪਰਿਵਾਰਾਂ ਦੀਆਂ ਜਰੂਰਤਾਂ ਲਈ ਬਿਹਤਰ ਤਰੀਕੇ ਨਾਲ ਯਤਨ ਕਰ ਸਕਣਗੇ ਜਿਸ ਨਾਲ ਇਹ ਪਰਿਵਾਰ ਨਵੀਂ ਉਮੀਦ ਅਤੇ ਹੌਂਸਲੇ ਨਾਲ ਆਪਣੀ ਜਿੰਦਗੀ ਨੂੰ ਅੱਗੇ ਵਧਾ ਸਕਣਗੇ।
ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਅੰਦਰ 400 ਲਾਭਪਾਤਰੀਆਂ ਨੂੰ 4 ਕਰੋੜ 83 ਲੱਖ ਰੁਪਏ ਦੀ ਕਰਜ਼ਾ ਮੁਆਫੀ ਦਾ ਲਾਭ ਮਿਲਿਆ ਹੈ ਅਤੇ ਇਸ ਲਈ ਮੁੱਖ ਮੱਤਰੀ ਸ੍ਰ: ਭਗਵੰਤ ਸਿਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਧਾਈ ਦੀ ਪਾਤਰ ਹੈ, ਜਿਸ ਨੇ ਇਸ ਭਾਈਚਾਰੇ ਦੇ ਲੋਕਾਂ ਨਾਲ ਵਾਅਦਾ ਪੂਰਾ ਕੀਤਾ ਹੈ। ਉਹਨਾਂ ਕਿਹਾ ਕਿ ਕਰਜਾ ਮੁਆਫ਼ੀ ਮੁਹਿੰਮ ਨਾਲ ਨਾ ਸਿਰਫ ਲੋੜਵੰਦ ਪਰਿਵਾਰਾਂ ਨੂੰ ਆਰਥਿਕ ਬੋਝ ਤੋਂ ਛੁਟਕਾਰਾ ਮਿਲਿਆ ਹੈ, ਸਗੋਂ ਇਸ ਮੁਹਿੰਮ ਨਾਲ ਲੋਕਾਂ ਨੂੰ ਆਤਮਨਿਰਭਰ ਹੋਣ ਵਿੱਚ ਵੀ ਮਦਦ ਮਿਲੀ ਹੈ। ਉਹਨਾਂ ਕਿਹਾ ਕਿ ਐਸ.ਸੀ.ਭਾਈਚਾਰੇ ਵੱਲੋਂ ਲੰਬੇ ਸਮੇਂ ਤੋਂ ਇਹ ਮੰਗ ਕੀਤੀ ਜਾ ਰਹੀ ਸੀ ਕਿ ਉਹਨਾਂ ਦੇ ਕਰਜੇ ਮਾਫ਼ ਕੀਤੇ ਜਾਣ , ਕਿਉਂਕਿ ਹੜਾਂ, ਬਿਮਾਰੀਆਂ ਅਤੇ ਆਰਥਿਕ ਕਮਜ਼ੋਰੀ ਕਾਰਨ ਬਹੁਤ ਸਾਰੇ ਪਰਿਵਾਰ ਉਕਤ ਕਰਜ਼ੇ ਅਦਾ ਕਰਨ ਤੋਂ ਅਸਮਰਥ ਸਨ।
ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਇਸ ਮੁਹਿੰਮ ਵਿੱਚ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੀ ਅਹਿਮ ਭੂਮਿਕਾ ਹੈ। ਉਹਨਾਂ ਲੋੜਵੰਦ ਪਰਿਵਾਰਾਂ ਨੂੰ ਅਪੀਲ ਕੀਤੀ ਕਿ ਉਹ ਅੱਗੇ ਆ ਕੇ ਸਰਕਾਰ ਵੱਲੋਂ ਦਿੱਤੀ ਜਾ ਰਹੀ ਸਹੂਲਤਾਂ ਦਾ ਲਾਭ ਲੈਣ। ਇਸ ਮੌਕੇ ਜ਼ਿਲ੍ਹਾ ਮੈਨੇਜਰ ਮੰਜੂ ਬਾਲਾ ਨੇ ਦੱਸਿਆ ਕਿ 31 ਮਾਰਚ 2020 ਤੱਕ ਦੇ ਸਾਰੇ ਕਰਜ਼ਾ ਕੇਸਾਂ ਵਿੱਚ ਮੁਆਫੀ ਕਰ ਦਿੱਤੀ ਗਈ , ਜਿਸ ਨਾਲ ਲਾਭਪਾਤਰੀਆਂ ਨੂੰ ਆਰਥਿਕ ਰਾਹਤ ਮਿਲੀ ਹੈ।
ਇਸ ਮੌਕੇ ਐਸ.ਡੀ.ਐਮ. ਤੋਂ ਇਲਾਵਾ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਲਾਭਪਾਤਰੀ ਹਾਜ਼ਰ ਸਨ ।