ਸੁਨਾਮ : ਸੂਬੇ ਦੀ ਭਗਵੰਤ ਮਾਨ ਸਰਕਾਰ ਵੱਲੋਂ ਕਿਸਾਨਾਂ ਦੀਆਂ ਜ਼ਮੀਨਾਂ ਹਥਿਆਉਣ ਲਈ ਲਿਆਂਦੀ ਲੈਂਡ ਪੂਲਿੰਗ ਸਕੀਮ ਦੇ ਖਿਲਾਫ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ 25 ਜੁਲਾਈ ਨੂੰ ਡਿਪਟੀ ਕਮਿਸ਼ਨਰ ਸੰਗਰੂਰ ਦੇ ਦਫ਼ਤਰ ਮੂਹਰੇ ਕੀਤੀ ਜਾ ਰਹੀ ਜ਼ਬਰ ਵਿਰੋਧੀ ਰੈਲੀ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਸ਼ੁੱਕਰਵਾਰ ਨੂੰ ਸੁਨਾਮ ਬਲਾਕ ਦੇ ਪਿੰਡ ਚੱਠੇ ਨਕਟੇ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਸੁਨਾਮ ਦੇ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਹਾਜ਼ਰ ਜਥੇਬੰਦੀ ਦੇ ਆਗੂਆਂ ਨੂੰ ਸੱਦਾ ਦਿੱਤਾ ਕਿ 25 ਦੀ ਜ਼ਬਰ ਵਿਰੋਧੀ ਰੈਲੀ ਵਿੱਚ ਕਿਸਾਨਾਂ ਦੀ ਭਰਵੀਂ ਸ਼ਮੂਲੀਅਤ ਕਰਨ ਲਈ ਲਾਮਬੰਦੀ ਕੀਤੀ ਜਾਵੇ। ਜਥੇਬੰਦੀ ਦੇ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ, ਪ੍ਰੈਸ ਸਕੱਤਰ ਸੁਖਪਾਲ ਸਿੰਘ ਮਾਣਕ ਅਤੇ ਯਾਦਵਿੰਦਰ ਸਿੰਘ ਚੱਠਾ ਨੇ ਕਿਹਾ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਪੰਜਾਬ ਦੇ ਕਿਸਾਨਾਂ ਦੀਆਂ ਜ਼ਮੀਨਾਂ ਹਥਿਆਉਣ ਲਈ ਲੈਂਡ ਪੂਲਿੰਗ ਸਕੀਮ ਲੈਕੇ ਆਈ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਕਿਸੇ ਵੀ ਕਿਸਾਨ ਦੀ ਜ਼ਮੀਨ ਤੇ ਕਬਜ਼ਾ ਨਹੀਂ ਕਰਨ ਦਿੱਤਾ ਜਾਵੇਗਾ। ਉਨ੍ਹਾਂ ਕਿਸਾਨਾਂ ਨੂੰ ਲਾਮਬੰਦ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਅੰਦਰ ਮਨਮਰਜ਼ੀ ਦੇ ਫੈਸਲੇ ਕਰਕੇ ਲੋਕਾਂ ਨੂੰ ਠੱਗਣ ਦੇ ਰਾਹ ਤੁਰੀ ਹੋਈ ਹੈ। ਕਾਰਪੋਰੇਟ ਘਰਾਣਿਆਂ ਦੀ ਕਠਪੁਤਲੀ ਬਣੀ ਭਗਵੰਤ ਮਾਨ ਸਰਕਾਰ ਨੂੰ ਇਸਦਾ ਖਮਿਆਜ਼ਾ ਆਉਣ ਵਾਲੇ ਸਮੇਂ ਵਿੱਚ ਭੁਗਤਣਾ ਪਵੇਗਾ। ਇਸ ਮੌਕੇ ਪਿੰਡ ਚੱਠੇ ਨਕਟੇ ਇਕਾਈ ਦੀ ਕੀਤੀ ਚੋਣ ਵਿੱਚ ਪ੍ਰਧਾਨ ਰਘਬੀਰ ਸਿੰਘ ,ਸੈਕਟਰੀ ਕੁਲਦੀਪ ਸਿੰਘ, ਖਜਾਨਚੀ ਸੁਖਬੀਰ ਸਿੰਘ ਚੱਠਾ, ਸੀਨੀਅਰ ਮੀਤ ਪ੍ਰਧਾਨ ਜਰਨੈਲ ਸਿੰਘ ,ਮੀਤ ਪ੍ਰਧਾਨ ਰਾਜਵਿੰਦਰ ਸਿੰਘ ਚੱਠਾ, ਸੰਗਠਨ ਸਕੱਤਰ ਜਸਵੀਰ ਜੱਸੀ, ਪ੍ਰਚਾਰ ਸਕੱਤਰ ਸੁੱਖਾ ਸਿੰਘ ਮੌੜ, ਮੁੱਖ ਸਲਾਹਕਾਰ ਰਵਿੰਦਰ ਸਿੰਘ ਨੂੰ ਬਣਾਇਆ ਗਿਆ।