ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਭਲਾਈ ਯੋਜਨਾਵਾਂ ਬਾਰੇ ਲੋਕ ਜਾਗਰੂਕਤਾ ਕਰਨ ਲਈ ਆਖਿਆ
ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਪੰਜਾਬ ਰਾਜ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਮਲਕੀਤ ਸਿੰਘ ਥਿੰਦ ਨੇ ਅੱਜ ਜ਼ਿਲ੍ਹਾ ਪ੍ਰਸ਼ਾਸ਼ਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸੁਵਿਧਾਵਾਂ ਬਾਰੇ ਜਾਇਜ਼ਾ ਲਿਆ। ਚੇਅਰਮੈਨ ਸ਼੍ਰੀ ਮਲਕੀਤ ਸਿੰਘ ਥਿੰਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ਼੍ਰੇੇਣੀਆਂ ਨਾਲ ਸਬੰਧਤ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਬਹੁ-ਗਿਣਤੀ ਸਕੀਮਾਂ ਚਲਾਈਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਸਕੀਮਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ ਲਈ ਵਿਭਾਗੀ ਪੱਧਰ 'ਤੇ ਵਧੇਰੇ ਜਾਗਰੂਕਤਾ ਕੈਂਪ ਲਗਾਏ ਜਾਣਾ ਸਮੇਂ ਦੀ ਅਹਿਮ ਲੋੜ ਹੈ। ਉਨ੍ਹਾਂ ਕਿਹਾ ਕਿ ਪੱਛੜੀਆਂ ਸ਼੍ਰੇਣੀਆਂ ਨੂੰ ਭਲਾਈ ਯੋਜਨਾਵਾਂ ਦਾ ਬਣਦਾ ਲਾਭ ਦੇਣ ਵਿੱਚ ਢਿੱਲਮੱਠ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਭਲਾਈ ਯੋਜਨਾਵਾਂ ਲਈ ਜਨ ਜਾਗਰੂਕਤਾ ਕੀਤੀ ਜਾਵੇ ਤੇ ਲੋੜ ਪੈਣ ਤੇ ਵਿਸ਼ੇਸ਼ ਕੈਂਪ ਵੀ ਲਏ ਜਾਣ। ਉਨ੍ਹਾਂ ਕਿਹਾ ਕਿ ਪੱਛੜੀਆਂ ਸ਼੍ਰੇਣੀਆਂ ਨੂੰ ਜਾਰੀ ਕੀਤੇ ਜਾਂਦੇ ਜਾਤੀ ਸਰਟੀਫਿਕੇਟਾਂ ਚ ਵੀ ਲੋਕਾਂ ਨੂੰ ਕੋਈ ਮੁਸ਼ਕਿਲ ਨਾ ਆਉਣ ਦਿੱਤੀ ਜਾਵੇ। ਮੀਟਿੰਗ ਵਿੱਚ ਮੌਜੂਦ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ਼੍ਰੀਮਤੀ ਸੋਨਮ ਚੌਧਰੀ ਨੇ ਚੇਅਰਮੈਨ ਸ਼੍ਰੀ ਮਲਕੀਤ ਸਿੰਘ ਥਿੰਦ ਨੂੰ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਭਲਾਈ ਯੋਜਨਾਵਾਂ ਅਤੇ ਸਰਟੀਫਿਕੇਟਾਂ ਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦੇਵੇਗਾ।
ਚੇਅਰਮੈਨ ਥਿੰਦ ਨੇ ਇਸ ਮੌਕੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਸਵੈ ਸੇਵੀ ਗਰੁੱਪਾਂ ਨੂੰ ਦਿੱਤੀ ਜਾਂਦੀ ਸਹਾਇਤਾ, ਪ੍ਰਧਾਨ ਮੰਤਰੀ ਅਵਾਸ ਯੋਜਨਾ (ਗ੍ਰਾਮੀਣ), ਸਹਿਕਾਰਤਾ, ਸਮਾਜਿਕ ਨਿਆਂ ਤੇ ਅਧਿਕਾਰਤਾ, ਸਿੱਖਿਆ, ਸਮਾਜਿਕ ਸੁਰੱਖਿਆ, ਜ਼ਿਲ੍ਹਾ ਪ੍ਰੋਗਰਾਮ ਅਫਸਰ, ਬੀ.ਸੀ ਕਾਰਪੋਰੇਸ਼ਨ, ਲੇਬਰ, ਖੇਤੀਬਾੜੀ ਆਦਿ ਵਿਭਾਗਾਂ ਵੱਲੋਂ ਪੱਛੜੀਆਂ ਸ਼੍ਰੇਣੀਆਂ ਵਰਗਾਂ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਬੀਤੇ ਇੱਕ ਵਰ੍ਹੇ ਅੰਦਰ ਦਿੱਤੀਆਂ ਸਹੂਲਤਾਂ ਦੀ ਸਮੀਖਿਆ ਕੀਤੀ। ਉਨ੍ਹਾਂ ਉਹਨਾਂ ਇਸ ਗੱਲ ਦਾ ਵਿਸ਼ੇਸ਼ ਤੌਰ ਤੇ ਨੋਟਿਸ ਲਿਆ ਕਿ ਕੁਝ ਵਿਭਾਗਾਂ ਵੱਲੋਂ ਆਪਣੀਆਂ ਰਿਪੋਰਟਾਂ ਵਿੱਚ ਨਿਲ ਸ਼ਬਦ ਦੀ ਵਰਤੋਂ ਕੀਤੀ ਜਾਂਦੀ ਹੈ ਜੋ ਕਿ ਮੰਨਣ ਯੋਗ ਨਹੀਂ। ਉਹਨਾਂ ਕਿਹਾ ਕਿ ਭਵਿੱਖ ਵਿੱਚ ਇਹ ਰਿਪੋਰਟਾਂ ਪੂਰੇ ਤੱਥਾਂ ਤੇ ਅਧਾਰਿਤ ਹੋਣੀਆਂ ਚਾਹੀਦੀਆਂ ਹਨ ਨਹੀਂ ਤਾਂ ਸਬੰਧਤ ਵਿਭਾਗ ਖਿਲਾਫ ਕਾਰਵਾਈ ਲਈ ਸਰਕਾਰ ਨੂੰ ਲਿਖਿਆ ਜਾਵੇਗਾ।
ਉਨ੍ਹਾਂ ਨੇ ਬੱਚਿਆਂ, ਮਹਿਲਾਵਾਂ, ਬਜੁ਼ਰਗਾਂ ਸਮੇਤ ਵੱਖ ਵੱਖ ਉਮਰ ਵਰਗ ਦੇ ਲਾਭਪਾਤਰੀਆਂ ਨੂੰ ਕੇਂਦਰ ਤੇ ਰਾਜ ਸਰਕਾਰ ਦੀਆਂ ਸਕੀਮਾਂ ਦੇ ਵਿਭਾਗੀ ਪੱਧਰ ਉਤੇ ਦਿੱਤੇ ਜਾ ਰਹੇ ਲਾਭਾਂ ਬਾਰੇ ਵੀ ਵਿਸਤ੍ਰਿਤ ਸਮੀਖਿਆ ਕੀਤੀ ਅਤੇ ਸਪੱਸ਼ਟ ਹਦਾਇਤ ਕੀਤੀ ਕਿ ਪੱਛੜੀਆਂ ਸ੍ਰੇਣੀਆਂ ਨੂੰ ਉਨ੍ਹਾਂ ਦੇ ਬਣਦੇ ਹੱਕ ਦੇਣ ਲਈ ਇਕਜੁਟ ਹੋ ਕੇ ਯਤਨ ਕੀਤੇ ਜਾਣ।
ਮੀਟਿੰਗ ਦੌਰਾਨ ਜਿ਼ਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਫ਼ਸਰ ਆਸ਼ੀਸ਼ ਕਥੂਰੀਆ, ਜਿ਼ਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਅੰਮ੍ਰਿਤ ਬਾਲਾ, ਜ਼ਿਲਾ ਪ੍ਰੋਗਰਾਮ ਅਫਸਰ ਨਿਖਿਲ ਅਰੋੜਾ ਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।