ਸੁਨਾਮ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਨੌਜਵਾਨ ਅਕਾਲੀ ਆਗੂ ਵਿਨਰਜੀਤ ਸਿੰਘ ਗੋਲਡੀ ਖਡਿਆਲ ਨੂੰ ਹੁਣ ਸੰਗਰੂਰ ਵਿਧਾਨ ਸਭਾ ਹਲਕੇ ਦੇ ਨਾਲ ਸੁਨਾਮ ਹਲਕੇ ਦੇ ਇੰਚਾਰਜ਼ ਵਜੋਂ ਸੇਵਾਵਾਂ ਨਿਭਾਉਣ ਲਈ ਵੀ ਜ਼ਿੰਮੇਵਾਰੀ ਦੇ ਦਿੱਤੀ ਹੈ, ਇਸ ਤੋਂ ਇਲਾਵਾ ਗਗਨਦੀਪ ਸਿੰਘ ਖੰਡੇਬਾਦ ਨੂੰ ਲਹਿਰਾ ਵਿਧਾਨ ਸਭਾ ਹਲਕੇ ਦਾ ਇੰਚਾਰਜ਼ ਬਣਾਇਆ ਗਿਆ ਹੈ। ਦੱਸ ਦੇਈਏ ਕੁੱਝ ਸਮਾਂ ਪਹਿਲਾਂ ਸੁਨਾਮ ਵਿਧਾਨ ਸਭਾ ਹਲਕੇ ਦੇ ਇੰਚਾਰਜ਼ ਰਾਜਿੰਦਰ ਦੀਪਾ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਆਖਕੇ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋ ਗਏ ਸਨ। ਸ੍ਰੋਮਣੀ ਅਕਾਲੀ ਦਲ ਦੇ ਸਕੱਤਰ ਅਤੇ ਸਾਬਕਾ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ ਵੱਲੋਂ ਇੰਟਰਨੈੱਟ ਮੀਡੀਆ ਤੇ ਸਾਂਝੀ ਕੀਤੀ ਜਾਣਕਾਰੀ ਵਿੱਚ ਦੱਸਿਆ ਗਿਆ ਹੈ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੰਗਰੂਰ ਦੇ ਹਲਕਾ ਇੰਚਾਰਜ ਵਿਨਰਜੀਤ ਸਿੰਘ ਖਡਿਆਲ (ਗੋਲਡੀ) ਸੁਨਾਮ ਵਿਧਾਨ ਸਭਾ ਹਲਕੇ ਦੇ ਹਲਕਾ ਇੰਚਾਰਜ ਵਜੋਂ ਵੀ ਕੰਮ ਕਰਨਗੇ, ਜਦਕਿ ਗਗਨਦੀਪ ਸਿੰਘ ਖੰਡੇਬਾਦ ਲਹਿਰਾਗਾਗਾ ਵਿਧਾਨ ਸਭਾ ਹਲਕੇ ਦੇ ਨਵੇਂ ਹਲਕਾ ਇੰਚਾਰਜ ਹੋਣਗੇ। ਇਸੇ ਦੌਰਾਨ ਨੌਜਵਾਨ ਅਕਾਲੀ ਆਗੂ ਵਿਨਰਜੀਤ ਸਿੰਘ ਗੋਲਡੀ ਖਡਿਆਲ ਨੇ ਆਖਿਆ ਕਿ ਉਹ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਦਿੱਤੀ ਸੁਨਾਮ ਵਿਧਾਨ ਸਭਾ ਹਲਕੇ ਦੇ ਇੰਚਾਰਜ਼ ਵਜੋਂ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਆਖਿਆ ਕਿ ਜਲਦੀ ਹੀ ਸੁਨਾਮ ਵਿਧਾਨ ਸਭਾ ਹਲਕੇ ਦੇ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਜਾਣਗੀਆਂ ਅਤੇ ਸੂਬੇ ਦੀ ਸਰਕਾਰ ਦੀਆਂ ਨਾਕਾਮੀਆਂ ਜਨਤਾ ਸਾਹਮਣੇ ਲਿਆਉਣਗੇ ਕਿ ਕਿਵੇਂ ਸਰਕਾਰੀ ਨੌਕਰੀਆਂ ਅਤੇ ਵਿਕਾਸ ਕਾਰਜਾਂ ਬਾਰੇ ਝੂਠ ਬੋਲਿਆ ਜਾ ਰਿਹਾ ਹੈ।